ਲੋਕਾਂ ਨੂੰ ਮਿਲੀ ਵੱਡੀ ਰਾਹਤ, ਪ੍ਰੋਜੈਕਟ ਅਗਲੇ 8 ਮਹੀਨਿਆਂ ਅੰਦਰ ਹੋਵੇਗਾ ਮੁਕੰਮਲ
ਪੀਣ ਵਾਲੇ ਸਾਫ਼ ਪਾਣੀ ਦੀ ਕਮੀ ਦਾ ਹੋਵੇਗਾ ਸਥਾਈ ਹੱਲ, ਸੀਵਰੇਜ ਦੀ ਪ੍ਰੇਸ਼ਾਨੀ ਤੋਂ ਵੀ ਮਿਲੇਗਾ ਛੁਟਕਾਰਾ
ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਦੀ ਮੌਜੂਦਗੀ ਵਿੱਚ ਰੱਖਿਆ ਨੀਂਹ ਪੱਥਰ

ਸਰਹਿੰਦ/ਫ਼ਤਹਿਗੜ੍ਹ ਸਾਹਿਬ, 4 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਤੇ ਸਰਹਿੰਦ ਸ਼ਹਿਰ ਦੇ ਨਿਵਾਸੀਆਂ ਨੂੰ ਅੱਜ ਇੱਕ ਵੱਡਾ ਤੋਹਫ਼ਾ ਦਿੰਦਿਆਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਦੀ ਮੌਜੂਦਗੀ ਵਿੱਚ, ਪੁਰਾਣਾ ਸਰਹਿੰਦ ਵਿਖੇ ਸਥਿਤ ਨੈਣਾਂ ਦੇਵੀ ਮੰਦਰ ਨਜ਼ਦੀਕ 5.68 ਕਰੋੜ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਤੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦਸਿਆ ਕਿ ਇਹ ਪ੍ਰੋਜੈਕਟ ਅਗਲੇ ਕਰੀਬ 8 ਮਹੀਨਿਆਂ ਅੰਦਰ ਮੁਕੰਮਲ ਹੋਵੇਗਾ ਅਤੇ ਇਸ ਨਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲਣ ਦੇ ਨਾਲ ਨਾਲ ਸੀਵਰੇਜ ਦੀ ਸਮੱਸਿਆ ਤੋਂ ਸਥਾਈ ਤੌਰ ‘ਤੇ ਛੁਟਕਾਰਾ ਮਿਲ ਜਾਵੇਗਾ ਤੇ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ।ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।
ਅੱਜ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਬ੍ਰਾਹਮਣਮਾਜਰਾ ਤੇ ਤਲਾਣੀਆ ਨਜ਼ਦੀਕ ਵੀ ਇੱਕ ਇੱਕ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਪੀਣ ਵਾਲੇ ਪਾਣੀ ਦੀ ਕੋਈ ਦਿੱਕਤ ਨਾ ਰਹੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਦੋ ਟਿਊਬਵੈਲਾਂ ਤੋਂ ਇਲਾਵਾ ਪਾਣੀ ਦੀ ਟੈਂਕੀ ਅਤੇ ਪਾਣੀ ਤੇ ਸੀਵਰੇਜ ਪਾਈਪਲਾਈਨਾਂ ਨੂੰ ਪਾਉਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਸਰਹਿੰਦ ਸ਼ਹਿਰ ਦੇ ਜਿਹੜੇ ਵਾਰਡਾਂ ਵਿੱਚ ਪਾਣੀ ਦੇ ਦੂਸਿ਼ਤ ਹੋਣ ਕਾਰਨ ਪੀਲੀਆ ਫੈਲਿਆ ਸੀ ਉਨ੍ਹਾਂ ਵਿੱਚੋਂ ਪੁਰਾਣੀ ਪਾਈਪਲਾਈਨ ਨੂੰ ਬਦਲਵਾ ਕੇ ਨਵੀਂ ਪਾਈਪਲਾਈਨ ਪਾਉਣ ਦਾ ਕੰਮ ਵੀ ਕਰਵਾਇਆ ਜਾਵੇਗਾ।
ਇਸ ਮੌਕੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਇਸ ਪ੍ਰੋਜੈਕਟ ਲਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਧਦੀ ਆਬਾਦੀ ਨੂੰ ਦੇਖਦਿਆਂ ਜਿਵੇਂ ਹੀ ਨਗਰ ਕੌਂਸਲ ਦਾ ਘੇਰਾ ਵਧੇਗਾ ਉਥੇ ਲੋਕਾਂ ਦੀ ਲੋੜ ਅਨੁਸਾਰ ਸੀਵਰੇਜ ਅਤੇ ਪਾਣੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਉਦਮ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ ਵਿੱਚ ਫਸੇ ਰੇਤ ਦੀ ਨਿਰਧਾਰਤ ਸਮਾਂ ਸੀਮਾ ਅੰਦਰ ਸਫਾਈ ਕਰਨ ਦੀਆਂ ਹਦਾਇਤਾਂ ਵੀ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਗਈਆਂ ਹਨ।