ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਅੱਜ ਹਲਕੇ ਦੇ ਪਿੰਡ ਨੁਕੇਰੀਆਂ ਦਾ ਦੌਰਾ ਕਰਕੇ ਪਿੰਡ ਵਿੱਚ ਚੱਲ ਰਹੇ ਅਤੇ ਮਨਜ਼ੂਰਸ਼ੁਦਾ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਹਲਕੇ ਦੇ ਹਰ ਪਿੰਡ ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲਕਦਮੀ ਹੈ।
ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ ਪਿੰਡ ਨੁਕੇਰੀਆਂ ਵਿੱਚ ਸਿੰਚਾਈ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਨਹਿਰੀ ਵਿਭਾਗ ਵੱਲੋਂ 54 ਕਿੱਲਿਆਂ ਵਿੱਚ ਖਾਲ ਦੇ ਨਿਰਮਾਣ ’ਤੇ 67 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸਾਇਮ (SAIM) ਪ੍ਰੋਜੈਕਟ ਤਹਿਤ ਡਰੇਨ ਅਤੇ ਮਾਈਨਿੰਗ ਨਾਲ ਸਬੰਧਤ ਕੰਮਾਂ ’ਤੇ 6.91 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ 17 ਲੱਖ ਰੁਪਏ ਦੀ ਲਾਗਤ ਨਾਲ ਪੁਲ (ਬ੍ਰਿਜ) ਦਾ ਨਿਰਮਾਣ, ਬੀਡੀਪੀਓ ਦਫ਼ਤਰ ਰਾਹੀਂ 13.50 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਸਹੂਲਤ, 4.50 ਲੱਖ ਰੁਪਏ ਨਾਲ ਪੰਚਾਇਤ ਘਰ ਵਿੱਚ ਸ਼ੈੱਡ, 6.40 ਲੱਖ ਰੁਪਏ ਨਾਲ ਸ਼ਮਸ਼ਾਨ ਘਾਟ ਦਾ ਵਿਕਾਸ, 4.80 ਲੱਖ ਰੁਪਏ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ, ਮਨਰੇਗਾ ਤਹਿਤ 4.67 ਲੱਖ ਰੁਪਏ ਨਾਲ ਕਿਚਨ ਸ਼ੈੱਡ ਅਤੇ 24.50 ਲੱਖ ਰੁਪਏ ਨਾਲ ਨਹਿਰੀ ਖਾਲ ਦੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ।
ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਵਿੱਚ 5.22 ਲੱਖ ਰੁਪਏ ਦੀ ਲਾਗਤ ਨਾਲ ਵਾਲੀਬਾਲ ਗਰਾਊਂਡ ਵੀ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਬਿਹਤਰ ਖੇਡ ਸਹੂਲਤਾਂ ਮਿਲ ਸਕਣ।
ਵਿਧਾਇਕ ਗੋਲਡੀ ਕੰਬੋਜ ਨੇ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵਧੀਆ ਮਾਹੌਲ ਮੁਹੱਈਆ ਕਰਵਾਉਣ ਵਾਸਤੇ ਪਿੰਡ ਸਹੀਵਾਲਾ ਅਤੇ ਪਿੰਡ ਚੱਕ ਸੜੀਆਂ ਵਿੱਚ ਆਧੁਨਿਕ ਲਾਇਬ੍ਰੇਰੀਆਂ ਦਾ ਨਿਰਮਾਣ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਪੇਂਡੂ ਨੌਜਵਾਨਾਂ ਲਈ ਗਿਆਨ ਅਤੇ ਸਿੱਖਿਆ ਦੇ ਮਹੱਤਵਪੂਰਨ ਕੇਂਦਰ ਬਣਨਗੀਆਂ।
ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਪਿੰਡ ਦੀ ਪੰਚਾਇਤ, ਪਤਵੰਤੇ ਸੱਜਣ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।