ਬੀਤੀ ਰਾਤ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਸਾਖੀ ਮੇਲਾ ਵੇਖਣ ਉਪਰੰਤ ਵਾਪਸ ਆ ਰਹੀ ਸ਼ਰਧਾਲੂਆਂ ਦੀ ਬੱਸ ਦੇ ਚੁੰਨੀ ਮੋਰਿੰਡਾ ਰੋਡ ਤੇ ਸਥਿਤ ਪਿੰਡ ਭਟੇੜੀ ਵਿਖੇ ਹੋਏ ਹਾਦਸੇ ਦੌਰਾਨ ਜਖਮੀ ਵਿਅਕਤੀਆਂ ਦਾ ਹਾਲ ਚਾਲ ਪੁੱਛਣ ਲਈ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਤੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਜੈ ਸਿੰਘ ਲਿਬੜਾ ਨੇ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਜੇਰੇ ਇਲਾਜ਼ ਜਖਮੀਆਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਹੈਪੀ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ ਜਿਸ ਵਿੱਚ 08 ਵਿਅਕਤੀਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਉਨ੍ਹਾਂ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਜਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਵੀ ਕੀਤੀ। ਉਨ੍ਹਾਂ ਨੇ ਹਾਦਸੇ ਵਿੱਚ ਜਖਮੀ ਹੋਏ 14 ਤੇ 17 ਸਾਲ ਦੇ ਭੈਣ ਭਰਾ ਵੱਲੋਂ ਮੌਕੇ ਤੇ ਹੋਰਨਾਂ ਜਖਮੀਆਂ ਦੀ ਸਹਾਇਤਾ ਕਰਨ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਨੇ ਜੋ ਬਹਾਦਰੀ ਦਿਖਾਈ ਹੈ ਉਹ ਆਪਣੇ ਆਪ ਵਿੱਚ ਬੇਮਿਸਾਲ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਕਿਹਾ ਕਿ ਭਟੇੜੀ ਵਿਖੇ ਹੋਇਆ ਬੱਸ ਹਾਦਸਾ ਬਹੁਤ ਹੀ ਦੁੱਖਦਾਈ ਹੈ ਜਿਸ ਵਿੱਚ ਕਈ ਵਿਅਕਤੀਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜਖਮੀਆਂ ਨੂੰ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜ਼ਿਨ੍ਹਾਂ ਵਿੱਚੋਂ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਦਾਖਲ 09 ਜਖਮੀਆਂ ਵਿੱਚੋਂ 07 ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇਣ ਉਪਰੰਤ ਘਰਾਂ ਨੂੰ ਭੇਜ ਦਿੱਤਾ ਗਿਆ ਹੈ ਅਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਨੂੰ ਜਲਦ ਪਰਿਵਾਰਾਂ ਹਵਾਲੇ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਦੁੱਖ ਦੀ ਘੜੀ ਵਿੱਚ ਪੀੜ੍ਹਤ ਪਰਿਵਾਰਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ। ਉਨ੍ਹਾਂ ਇਸ ਮੌਕੇ ਸਿਵਲ ਸਰਜਨ ਨੂੰ ਜਖਮੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਆਦੇਸ਼ ਵੀ ਦਿੱਤੇ।

ਇਸ ਮੌਕੇ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਜੈ ਸਿੰਘ ਲਿਬੜਾ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਜਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਮ੍ਰਿਤਕ ਅਤੇ ਜਖਮੀਆਂ ਦੀ ਪੰਜਾਬ ਸਰਕਾਰ ਵੱਲੋਂ ਬਣਦੀ ਮੱਦਦ ਕੀਤੀ ਜਾਵੇਗੀ।
ਇਸ ਮੌਕੇ ਸਿਵਲ ਸਰਜਨ ਡਾ ਅਰਵਿੰਦ ਪਾਲ ਸਿੰਘ,ਐਸ.ਐਮ.ਓ. ਡਾ.ਜਸਪ੍ਰੀਤ ਸਿੰਘ ਬੇਦੀ, ਆਮ ਆਦਮੀ ਪਾਰਟੀ ਦੇ ਪਵੇਲ ਹਾਂਡਾ, ਨਵਦੀਪ ਨਵੀ ਤੋਂ ਇਲਾਵਾ ਹੋਰ ਪੰਤਵੰਤੇ ਮੌਜੂਦ ਸਨ।
