ਹਲਕਾ ਜਲਾਲਾਬਾਦ ਦੇ ਮੁੱਖ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਵਿਧਾਇਕ ਸ.ਜਗਦੀਪ ਕੰਬੋਜ ਗੋਲਡੀ ਵੱਲੋਂ ਇਲਾਕੇ ਦੇ ਲੋਕਾਂ ਨੂੰ ਦੋ ਵੱਡੀਆਂ ਸੌਗਾਤਾਂ ਦਿੱਤੀਆਂ ਗਈਆਂ। ਵਿਧਾਇਕ ਗੋਲਡੀ ਨੇ ਪਿੰਡ ਘੁਬਾਇਆ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਬਣੇ ‘ਹੈਲਥ ਐਂਡ ਵੈੱਲਨੈੱਸ ਸੈਂਟਰ’ ਅਤੇ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ।
ਇਸ ਤੋਂ ਇਲਾਵਾ ਉਹਨਾਂ ਪਿੰਡ ਚੱਕ ਅਰਨੀ ਵਾਲਾ ਵਿੱਚ ਵੀ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ.ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਜਿਵੇਂ ਕਿ ਬਿਹਤਰ ਸਿਹਤ ਸੇਵਾਵਾਂ ਅਤੇ ਖੇਡਾਂ ਦੇ ਬਹਿਤਰੀਨ ਪ੍ਰਬੰਧ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਘੁਬਾਇਆ ਵਿਖੇ ਬਣੇ ਹੈਲਥ ਐਂਡ ਵੈੱਲਨੈੱਸ ਸੈਂਟਰ ਅਤੇ ਖੇਡ ਸਟੇਡੀਅਮ ਨਾਲ ਇਲਾਕੇ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸੁਵਿਧਾਵਾਂ ਮਿਲਣਗੀਆਂ, ਜਦਕਿ ਖੇਡ ਸਟੇਡੀਅਮ ਨਾਲ ਪਿੰਡ ਅਤੇ ਆਸ-ਪਾਸ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿੱਚ ਆਪਣਾ ਅਤੇ ਆਪਣੇ ਇਲਾਕੇ ਦਾ ਨਾਂ ਰੋਸ਼ਨ ਕਰ ਸਕਣ।
ਉਨ੍ਹਾਂ ਅੱਗੇ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਕਈ ਵਿਕਾਸ ਪ੍ਰੋਜੈਕਟ ਹਲਕਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ।
ਇਸ ਉਦਘਾਟਨੀ ਸਮਾਰੋਹ ਦੌਰਾਨ ਪਿੰਡਾਂ ਦੀ ਪੰਚਾਇਤ, ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।