ਫਤਹਿਗੜ੍ਹ ਸਾਹਿਬ, 3 ਅਗਸਤ-
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਰੋਜ਼ਾਨਾ ਦੇ ਆਧਾਰ ‘ਤੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਦੌਰੇ ਕਰਕੇ ਨਸ਼ਾ ਮੁਕਤੀ ਯਾਤਰਾ ਵਿੱਚ ਹਿੱਸਾ ਲਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਨਸ਼ਿਆਂ ਖਿਲਾਫ ਇੱਕਜੁਟ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਉਹਨਾਂ ਵੱਲੋਂ ਵਾਰਡ ਨੰਬਰ 11 ਵਿੱਚ ਭਰਵੀਂ ਇਕੱਤਰਤਾ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਦੋਂ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਆਰੰਭਿਆ ਗਿਆ ਹੈ ਉਦੋਂ ਤੋਂ ਹੁਣ ਤੱਕ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਗਿਆ ਹੈ।

ਵਿਧਾਇਕ ਲਖਬੀਰ ਸਿੰਘ ਰਾਏ ਨੇ ਬੱਚਿਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਮੇਂ ਦੀ ਸੁਚੱਜੀ ਵਰਤੋਂ ਕਰਨ ਅਤੇ ਖੇਡ ਗਤੀਵਿਧੀਆਂ ਨੂੰ ਜਰੂਰ ਅਪਣਾਉਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ‘ ਤਹਿਤ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ, ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ ਤੇ ਲੋਕ ਆਪ ਮੁਹਾਰੇ ਵੱਡੀ ਗਿਣਤੀ ਵਿੱਚ ਇਸ ਮੁਹਿੰਮ ਨਾਲ ਜੁੜ ਰਹੇ ਹਨ।
ਇਸ ਮੌਕੇ ਵਿਧਾਇਕ ਐਡਵੋਕੇਟ ਰਾਏ ਵੱਲੋਂ ਵਾਰਡ ਨਿਵਾਸੀਆਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਸਹੁੰ ਵੀ ਚੁਕਾਈ ਗਈ। ਵਿਧਾਇਕ ਨੇ ਕਿਹਾ ਕਿ ਇਹ ਇਸ ਸਮਾਜਿਕ ਬੁਰਾਈ ਦੇ ਮੁਕੰਮਲ ਖਾਤਮੇ ਲਈ ਇੱਕਜੁੱਟ ਹੋਣ ਦਾ ਵੇਲਾ ਹੈ ਅਤੇ ਸਮਾਜ ਵਿੱਚੋਂ ਹਰ ਉਸ ਮਾੜੇ ਅਨਸਰ ਦਾ ਸਫਾਇਆ ਕਰ ਦੇਣਾ ਚਾਹੀਦਾ ਹੈ ਜਿਸ ਨੇ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਜਿਹੇ ਮਾੜੇ ਕਾਰਜਾਂ ਨੂੰ ਅੰਜਾਮ ਦਿੱਤਾ ਹੋਵੇ।
