
ਬੱਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 09 ਅਪ੍ਰੈਲ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬੁਲੰਦੀਆਂ ‘ਤੇ ਲੈ ਕੇ ਜਾਣ ਵਾਸਤੇ ਵਿੱਡੀ ਗਈ ਮੁਹਿੰਮ “ਪੰਜਾਬ ਸਿੱਖਿਆ ਕ੍ਰਾਂਤੀ” ਅਧੀਨ ਹਲਕਾ ਬਸੀ ਪਠਾਣਾਂ ਦੇ ਪਿੰਡ ਚੁੰਨੀ ਖੁਰਦ, ਪੱਤੋਂ ਅਤੇ ਤਾਜਪੁਰ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 38.50 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ ਲੋਕ ਅਰਪਿਤ ਕੀਤੇ ਗਏ।
ਜ਼ਿਰਕਯੋਗ ਹੈ ਕਿ ਪਿੰਡ ਚੁੰਨੀ ਖੁਰਦ ਵਿਖੇ ਕਰੀਬ 14 ਲੱਖ ਰੁਪਏ ਦੀ ਲਾਗਤ ਸਰਕਾਰੀ ਐਲੀਮੈਂਟਰੀ ਸਕੂਲ ਦੀ ਤਿਆਰ ਹੋਈ ਚਾਰਦੀਵਾਰੀ ਤੇ ਖੇਡ ਟਰੈਕ, ਸਰਕਾਰੀ ਹਾਈ ਸਮਾਰਟ ਸਕੂਲ, ਪੱਤੋਂ ਵਿਖੇ ਕਰੀਬ 17 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਚਾਰਦੀਵਾਰੀ, ਕਲਾਸ ਰੂਮ ਅਤੇ ਮਿਡ-ਡੇਅ ਮੀਲ ਸਬੰਧੀ ਰਸੋਈ ਦੀ ਮੁਰੰਮਤ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਤਾਜਪੁਰ ਵਿਖੇ ਕਰੀਬ 07.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਚਾਰਦੀਵਾਰੀ ਅਤੇ ਮੁਰੰਮਤ ਉਪਰੰਤ ਤਿਆਰ ਹੋਏ ਕਮਰੇ ਲੋਕ ਅਰਪਿਤ ਕੀਤੇ ਗਏ।
ਇਹਨਾਂ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਨੂੰ ਲੋਕ ਅਰਪਿਤ ਕਰਨ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦੇਸ਼ ਵਿੱਚੋਂ ਸਭ ਤੋਂ ਬਿਹਤਰੀਨ ਸਿੱਖਿਆ ਪ੍ਰਬੰਧ ਦੇਣ ਦਾ ਟੀਚਾ ਲੈ ਕੇ ਦਿਨ-ਰਾਤ ਇੱਕ ਕਰਕੇ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਕੀਤੇ ਯਤਨਾਂ ਦੇ ਸਾਰਥਕ ਸਿੱਟੇ ਨਿਕਲ ਕੇ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਲਗਭਗ 28 ਲੱਖ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਹਨਾਂ ਵਿੱਚੋਂ ਕਰੀਬ 17 ਹਜ਼ਾਰ ਸਕੂਲਾਂ ਨੂੰ ਵਾਈਫਾਈ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਅਧਿਆਪਕ ਭਰਤੀ ਕੀਤੇ ਗਏ ਹਨ, ਉੱਥੇ 12,700 ਅਧਿਆਪਕ ਪੱਕੇ ਵੀ ਕੀਤੇ ਗਏ ਹਨ। ਕਰੀਬ 9000 ਸਫਾਈ ਸੇਵਕ ਤੇ ਚੌਕੀਦਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਏ ਗਏ ਹਨ। ਇਸ ਦੇ ਨਾਲ-ਨਾਲ ਸਕੂਲ ਆਫ ਐਮੀਨੈਂਸ ਦੇ ਰੂਪ ਵਿੱਚ ਪੰਜਾਬ ਦੇ ਵਿਦਿਆਰਥੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ ਗਈ ਹੈ।
ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਨੂੰ ਬਿਹਤਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਜੇਕਰ ਮਾਪਿਆਂ, ਅਧਿਆਪਕਾਂ ਵਿਦਿਆਰਥੀਆਂ ਨੂੰ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਸਿੱਖਿਆ ਖੇਤਰ ਸਬੰਧੀ ਹਰ ਸਮੱਸਿਆ ਫੌਰੀ ਤੌਰ ‘ਤੇ ਹੱਲ ਕੀਤੀ ਜਾਵੇਗੀ।
ਹਲਕਾ ਵਿਧਾਇਕ ਨੇ ਪਿੰਡਾਂ ਦੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜਿੱਥੇ ਉਹ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਮਸਲੇ ਉਹਨਾਂ ਦੇ ਕੋਲ ਲੈ ਕੇ ਆਉਂਦੇ ਹਨ, ਉੱਥੇ ਸਕੂਲਾਂ ਨਾਲ ਸਬੰਧਤ ਮਸਲੇ ਵੀ ਉਹਨਾਂ ਦੇ ਧਿਆਨ ਵਿੱਚ ਲਿਆਂਦੇ ਜਾਣ ਤਾਂ ਜੋ ਸਾਰੇ ਸਰਕਾਰੀ ਸਕੂਲਾਂ ਨੂੰ ਅਤ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ।
ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਪਹਿਲ ਦੇ ਅਧਾਰ ਉੱਤੇ ਕੰਮ ਕਰ ਰਹੀ ਹੈ। ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਨਤੀਜੇ ਬਹੁਤ ਹੀ ਵਧੀਆ ਆ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਚੰਗੇ ਕਰੀਅਰ ਬਣਾਉਣ ਵੱਲ ਅੱਗੇ ਵੱਧ ਰਹੇ ਹਨ। ਵਿਦਿਆਰਥੀਆਂ ਨੂੰ ਖੇਡਾਂ ਦੇ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਕਰਵਾਈਆਂ ਜਾਂਦੀਆਂ “ਖੇਡਾਂ ਵਤਨ ਪੰਜਾਬ ਦੀਆਂ” ਵਿੱਚ ਵੱਡੀ ਗਿਣਤੀ ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਸ. ਰੁਪਿੰਦਰ ਸਿੰਘ ਹੈਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਜੋ ਸਟਾਫ ਨਿਯੁਕਤ ਕੀਤਾ ਜਾਂਦਾ, ਉਹ ਉੱਚ ਯੋਗਤਾ ਪ੍ਰਾਪਤ ਅਤੇ ਬਹੁਤ ਹੀ ਕਰੜੀ ਪ੍ਰੀਖਿਆ ਵਿੱਚੋਂ ਲੰਘ ਕੇ ਆਇਆ ਹੁੰਦਾ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਣ ਸਕੂਲ ਬੱਸਾਂ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ, ਜਿਹੜੀ ਕਿ ਪੜਾਅਵਾਰ ਸਾਰੇ ਸਰਕਾਰੀ ਸਕੂਲਾਂ ਵਿੱਚ ਲਾਗੂ ਕਰ ਦਿੱਤੀ ਜਾਵੇਗੀ।
ਇਸ ਮੌਕੇ ਹਲਕਾ ਵਿਧਾਇਕ ਵੱਲੋਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲਾਂ ਦੇ ਸਟਾਫ ਵੱਲੋਂ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਐਸ.ਡੀ.ਐਮ. ਬਸੀ ਪਠਾਣਾਂ ਹਰਵੀਰ ਕੌਰ ਬਰਾੜ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕਡੰਰੀ) ਦੀਦਾਰ ਸਿੰਘ ਮਾਂਗਟ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਕਮਲਜੀਤ ਕੌਰ, ਕੋਆਰਡੀਨੇਟਰ ਸਮਾਰਟ ਸਕੂਲਜ਼ ਗੁਰਦੀਪ ਸਿੰਘ ਮਾਂਗਟ ਸਮੇਤ ਵੱਡੀ ਗਿਣਤੀ ਅਧਿਆਪਕ, ਸਕੂਲਾਂ ਦੇ ਪ੍ਰਿੰਸੀਪਲ, ਵਿਦਿਆਰਥੀ ਅਤੇ ਪਿੰਡ ਵਾਸੀ ਹਾਜ਼ਰ ਸਨ।
