ਫਾਜ਼ਿਲਕਾ
ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਅੱਜ ਹਲਕੇ ਦੇ ਪਿੰਡ ਕਰਨੀ ਖੇੜਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੇਂ ਤਿਆਰ ਕੀਤੇ ਗਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕੀਤਾ। ਇਸ ਮੌਕੇ ਸਕੂਲ ਦੇ ਸਟਾਫ਼, ਪਿੰਡ ਦੇ ਪਤਵੰਤੇ ਸੱਜਣਾਂ ਅਤੇ ਵਿਦਿਆਰਥੀਆਂ ਵੱਲੋਂ ਵਿਧਾਇਕ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨ ਸੁੱਖਾ ਸਵਨਾ ਵੀ ਮੌਜੂਦ ਸਨ।
ਉਦਘਾਟਨ ਉਪਰੰਤ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਤੌਰ ‘ਤੇ ਗੱਲਬਾਤ ਕੀਤੀ। ਉਨ੍ਹਾਂ ਬੱਚਿਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਦੇ ਵਿਦਿਆਰਥੀ ਹੀ ਸਾਡੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਬਾਰੇ ਵੀ ਜਾਣਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਨਵੇਂ ਕਲਾਸ ਰੂਮ ਬਣਨ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਬੈਠਣ ਅਤੇ ਪੜ੍ਹਾਈ ਕਰਨ ਵਿੱਚ ਵੱਡੀ ਸਹੂਲਤ ਮਿਲੇਗੀ।
ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਸਕੂਲ ਦੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਦਾ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੀ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਅਧਿਆਪਕ ਸਾਹਿਬਾਨ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।