ਵਿਧਾਇਕ ਸਵਨਾ  ਨੇ ਸ਼ਹਿਰ ਦੇ ਵੱਖ-ਵੱਖ ਕੰਮਾਂ ਨੂੰ ਲੈ ਕੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਸੀਵਰੇਜ ਪ੍ਰਣਾਲੀ, ਇੰਟਰਲਾਕਿੰਗ ਟਾਇਲਾਂ ਅਤੇ ਸੀਵਰੇਜ ਪਾਈਪਲਾਈਨਾਂ ਦੇ ਚੱਲ ਰਹੇ ਕੰਮਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਬੰਧਕ ਐਸਡੀਐਮ ਫਾਜਿਲਕਾ ਸ੍ਰੀ ਜੁਗਰਾਜ ਸਿੰਘ ਵੀ ਮੌਜੂਦ ਸਨ।

ਵਿਧਾਇਕ ਸਵਨਾ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਸੀਵਰੇਜ ਪ੍ਰੋਜੈਕਟ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ ਅਤੇ ਜਿੱਥੇ ਲੋੜ ਹੈ ਉੱਥੇ ਨਵੀਆਂ ਪਾਈਪਲਾਈਨਾਂ ਵੀ ਪਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਗਲੀਆਂ ਵਿੱਚ ਇੰਟਰਲਾਕਿੰਗ ਟਾਇਲਾਂ ਲਗਾਉਣ ਦਾ ਕੰਮ ਵੀ ਜਾਰੀ ਹੈ, ਜਿਸ ਨਾਲ ਲੋਕਾਂ ਨੂੰ ਸਾਫ-ਸੁਥਰਾ ਅਤੇ ਸੁਵਿਧਾਜਨਕ ਮਾਹੌਲ ਮਿਲੇਗਾ।

ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਚੱਲ ਰਹੇ ਕਮਿਊਨਿਟੀ ਵਿਕਾਸ ਕਾਰਜਾਂ ਦੀ ਨਿਗਰਾਨੀ ਹੋਰ ਮਜ਼ਬੂਤ ਕਰਨ ਲਈ ਕਿਹਾ ਅਤੇ ਹਦਾਇਤ ਦਿੱਤੀ ਕਿ ਸਾਰੇ ਕੰਮ ਗੁਣਵੱਤਾ ਅਤੇ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਨੇ ਇਹ ਵੀ ਆਖਿਆ ਕਿ ਸ਼ਹਿਰ ਵਿੱਚ ਹੋਰ ਵਿਕਾਸ ਕਾਰਜਾਂ ਲਈ ਨਵੇਂ ਪ੍ਰੋਜੈਕਟ ਤਿਆਰ ਕਰਕੇ ਜਲਦੀ ਤੋਂ ਜਲਦੀ ਪੇਸ਼ ਕੀਤੇ ਜਾਣ।

ਵਿਧਾਇਕ ਸਵਨਾ ਨੇ ਪੀਣ ਵਾਲੇ ਪਾਣੀ ਵਿੱਚ ਗੰਦਲੇ ਪਾਣੀ ਦੇ ਮਿਲਣ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਨੂੰ ਤੁਰੰਤ ਜਾਂਚ ਕਰਨ ਅਤੇ ਇਸ ਸਮੱਸਿਆ ਦਾ ਪੱਕਾ ਹੱਲ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਨੇ ਦੁਹਰਾਇਆ ਕਿ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *