ਮੋਹਾਲੀ : ਪਿੰਡ ਮਟੌਰ ਵਿਖੇ ਵਿਸ਼ਾਲ ਕੁਸ਼ਤੀ ਦੰਗਲ ’ਚ ਪਹੁੰਚੇ ਬਲਬੀਰ ਸਿੰਘ ਸਿੱਧੂ, ਪਹਿਲਵਾਨਾਂ ਦੀ ਕੀਤੀ ਹੌਸਲਾ ਅਫ਼ਜ਼ਾਈ

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਮਟੌਰ ਵਿਖੇ ਕਰਵਾਏ ਗਏ ਵਿਸ਼ਾਲ ਕੁਸ਼ਤੀ ਦੰਗਲ ਵਿੱਚ ਸ਼ਿਰਕਤ ਕਰਕੇ ਪਹਿਲਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਪੰਜਾਬ ਦੀ ਰਵਾਇਤੀ ਖੇਡ ਕੁਸ਼ਤੀ ਨੂੰ ਪ੍ਰਫੁੱਲਤ ਕਰਨ ਲਈ ਇੱਕ ਲੱਖ ਰੁਪਏ ਦੀ ਨਕਦ ਸਹਾਇਤਾ ਰਾਸ਼ੀ ਦਿੱਤੀ। ਉਨ੍ਹਾਂ ਕਿਹਾ ਕਿ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਅਤੇ ਰਵਾਇਤੀ ਖੇਡ ਹੈ, ਜੋ ਨੌਜਵਾਨਾਂ ਵਿੱਚ ਤਾਕਤ, ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਪੈਦਾ ਕਰਦੀ ਹੈ। ਅਜਿਹੇ ਖੇਡ ਮੇਲੇ ਸਾਡੀ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿੱਚ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਮਾਰ ਝੱਲ ਰਹੀ ਹੈ, ਪਰ ਸਰਕਾਰਾਂ ਇਸ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਨਾਕਾਮ ਸਾਬਤ ਹੋ ਰਹੀਆਂ ਹਨ।

ਗੁਜਰਾਤ ਦੀ ਮੁੰਦਰਾ ਬੰਦਰਗਾਹ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਫੜੇ ਜਾਣ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਸਿੱਧੂ ਨੇ ਕਿਹਾ ਕਿ ਗੁਜਰਾਤ ਵਿੱਚ ਵੀ ਭਾਜਪਾ ਦੀ ਸਰਕਾਰ ਹੈ ਅਤੇ ਕੇਂਦਰ ਵਿੱਚ ਵੀ ਭਾਜਪਾ ਸੱਤਾ ਵਿੱਚ ਹੈ, ਫਿਰ ਵੀ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਰੂਟਾਂ ਦੀ ਪਾਰਦਰਸ਼ੀ ਜਾਂਚ, ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ।

ਸਿੱਧੂ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰਨ ਵਾਲਿਆਂ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ ਨਾਲ ਵਾਪਰ ਰਹੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਮੋਹਨਜੀਤ ਸਿੰਘ ਸ਼ੇਰੋਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੀ ਝੰਡੀ ਦਿਖਾ ਕੇ ਨਸ਼ਿਆਂ ਦੇ ਮੁੱਦੇ ’ਤੇ ਵਿਰੋਧ ਦਰਜ ਕਰਵਾਇਆ ਗਿਆ ਸੀ, ਪਰ ਉਸ ਨਾਲ ਕੀਤੇ ਗਏ ਤਸ਼ੱਦਦ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਦਾ ਹੱਕ ਹੈ ਅਤੇ ਅਜਿਹੇ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਵੀ ਨਸ਼ਿਆਂ ਦਾ ਮੁੱਦਾ ਸੂਬੇ ਲਈ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਸਿਰਫ਼ ਇਸ਼ਤਿਹਾਰਾਂ ਅਤੇ ਬਿਆਨਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਨਸ਼ਾ ਤਸਕਰਾਂ ਵਿਰੁੱਧ ਠੋਸ ਕਾਰਵਾਈ, ਨੌਜਵਾਨਾਂ ਦੇ ਮੁੜ ਵਸੇਬੇ ਅਤੇ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਰਕਾਰ ਨੂੰ ਆਪਣੀ ਜਵਾਬਦੇਹੀ ਯਕੀਨੀ ਬਣਾਉਣੀ ਪਵੇਗੀ।

ਅੰਤ ਵਿੱਚ ਬਲਬੀਰ ਸਿੰਘ ਸਿੱਧੂ ਨੇ ਪਿੰਡ ਮਟੌਰ ਵਿਖੇ ਕੁਸ਼ਤੀ ਦੰਗਲ ਕਰਵਾਉਣ ਵਾਲੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਦੀ ਰਵਾਇਤੀ ਖੇਡ ਨੂੰ ਸੰਭਾਲਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਸ਼ਲਾਘਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਮੁਕਾਬਲਿਆਂ ਨੂੰ ਉਤਸ਼ਾਹਿਤ ਕਰਨਾ, ਖੇਡ ਮੈਦਾਨਾਂ ਨੂੰ ਬਿਹਤਰ ਬਣਾਉਣਾ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ। ਪੰਜਾਬ ਦੀ ਵਿਰਾਸਤ ਅਤੇ ਜਵਾਨੀ ਦੀ ਰਾਖੀ ਲਈ ਅਜਿਹੇ ਉਪਰਾਲਿਆਂ ਨੂੰ ਹਮੇਸ਼ਾ ਹੱਲਾਸ਼ੇਰੀ ਮਿਲਣੀ ਚਾਹੀਦੀ ਹੈ।

Leave a Reply

Your email address will not be published. Required fields are marked *