ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 09 ਮਈ 2026 ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਇਸ ਸੰਬੰਧੀ ਸ਼੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੋਕ ਅਦਾਲਤ ਦਾ ਮੁੱਖ ਉਦੇਸ਼ ਲੋਕਾਂ ਨੂੰ ਤੇਜ਼, ਸਸਤਾ ਅਤੇ ਸੌਖਾ ਨਿਆਂ ਪ੍ਰਦਾਨ ਕਰਨਾ ਹੈ।
ਸਮੂਹ ਸਰਕਾਰੀ ਵਿਭਾਗਾਂ, ਬੈਂਕਾਂ, ਬੀਮਾ ਕੰਪਨੀਆਂ ਅਤੇ ਹੋਰ ਸੰਬੰਧਿਤ ਸੰਸਥਾਵਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਿਤ ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਲੋਕ ਅਦਾਲਤ ਵਿੱਚ ਭੇਜਣ। ਨਾਲ ਹੀ ਪੱਖਕਾਰਾਂ ਨੂੰ ਸਮੇਂ ਸਿਰ ਸੂਚਿਤ ਕਰਕੇ ਆਪਸੀ ਸਹਿਮਤੀ ਰਾਹੀਂ ਮਾਮਲਿਆਂ ਦੇ ਨਿਪਟਾਰੇ ਲਈ ਪ੍ਰੇਰਿਤ ਕੀਤਾ ਜਾਵੇ।
ਸ਼੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੋਕ ਅਦਾਲਤਾਂ ਰਾਹੀਂ ਲੰਬਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਹੋਣ ਨਾਲ ਅਦਾਲਤੀ ਕਾਰਵਾਈ ਵਿੱਚ ਲੱਗਣ ਵਾਲਾ ਸਮਾਂ ਅਤੇ ਖਰਚ ਦੋਵਾਂ ਦੀ ਬਚਤ ਹੁੰਦੀ ਹੈ। ਇਸ ਨਾਲ ਪੱਖਕਾਰਾਂ ਵਿਚਕਾਰ ਆਪਸੀ ਸਹਿਯੋਗ ਅਤੇ ਭਰੋਸੇ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਅਦਾਲਤੀ ਡਿਕਰੀ ਦੇ ਬਰਾਬਰ ਮੰਨਿਆ ਜਾਂਦਾ ਹੈ ਅਤੇ ਇਸ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ।
ਰਾਸ਼ਟਰੀ ਲੋਕ ਅਦਾਲਤ 09.05.2026 ਨੂੰ ਜੁਡੀਸ਼ੀਅਲ ਕੋਰਟ ਕੰਪਲੈਕਸ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿੱਚ ਲਗਾਈ ਜਾਵੇਗੀ। ਇਸ ਦੌਰਾਨ ਬੈਂਕ ਰਿਕਵਰੀ ਕੇਸ, ਮੋਟਰ ਐਕਸੀਡੈਂਟ ਕਲੇਮ, ਇੰਸ਼ੋਰੈਂਸ ਕਲੇਮ, ਪਰਿਵਾਰਕ ਵਿਵਾਦ, ਚੈਕ ਬਾਊਂਸ ਕੇਸ, ਟ੍ਰੈਫਿਕ ਚਲਾਨਾਂ ਸਮੇਤ ਸਿਵਲ ਅਤੇ ਫੌਜਦਾਰੀ ਸਮਝੌਤਾ ਯੋਗ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਮਲਿਆਂ ਦੇ ਜਲਦੀ, ਸੌਖੇ ਅਤੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਇਸ ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਨਿਆਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਸਹਿਯੋਗ ਦੇਣ।
ਹੋਰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਣਕਾਰੀ ਜਾਂ ਮੁਫ਼ਤ ਕਾਨੂੰਨੀ ਸਹਾਇਤਾ ਲਈ ਟੋਲ-ਫ੍ਰੀ ਨੰਬਰ 15100 ਜਾਂ ਡੀ.ਐਲ.ਐਸ.ਏ. ਫਾਜ਼ਿਲਕਾ ਦੇ ਦਫ਼ਤਰੀ ਨੰਬਰ 01638-261500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਫਾਜ਼ਿਲਕਾ ਵਿੱਚ 09 ਮਈ 2026 ਨੂੰ ਆਯੋਜਿਤ ਹੋਵੇਗੀ ਰਾਸ਼ਟਰੀ ਲੋਕ ਅਦਾਲਤ – ਜ਼ਿਲ੍ਹਾ ਅਤੇ ਸੈਸ਼ਨ ਜੱਜ
