ਕੋਈ ਵੀ ਯੋਗ ਵੋਟਰ ਨਾ ਰਹੇ ਵਾਂਝਾ: ਡਿਪਟੀ ਕਮਿਸ਼ਨਰ ਵੱਲੋਂ ਬੀਐਲਏ-ਬੀਐਲਓ ਤਾਲਮੇਲ ’ਤੇ ਜ਼ੋਰ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਸਬੰਧੀ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਚੋਣ ਕਮਿਸ਼ਨ ਵੱਲੋਂ ਜਾਰੀ ਕੀਤਾ ਗਿਆ ਸ਼ਡਿਊਲ ਅਤੇ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਯੋਗਤਾ ਮਿਤੀ 1 ਅਕਤੂਬਰ 2026 ਨਿਰਧਾਰਤ ਕੀਤੀ ਗਈ ਹੈ। ਇਸ ਤਹਿਤ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਤਸਦੀਕ ਦਾ ਕੰਮ ਕੀਤਾ ਜਾਵੇਗਾ। ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ 24 ਜੁਲਾਈ 2026 ਤੱਕ ਪੂਰੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਡਰਾਫਟ ਵੋਟਰ ਸੂਚੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਆਦ 3 ਅਗਸਤ ਤੋਂ 2 ਸਤੰਬਰ 2026 ਤੱਕ ਰਹੇਗੀ, ਜਦਕਿ ਦਾਅਵਿਆਂ ਅਤੇ ਇਤਰਾਜ਼ਾਂ ਦੀ ਸੁਣਵਾਈ ਅਤੇ ਨਿਪਟਾਰਾ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਇਸ ਉਪਰੰਤ ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪੱਧਰ ‘ਤੇ ਯੋਗ ਵੋਟਰਾਂ ਨੂੰ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਣ, ਗਲਤੀਆਂ ਦੁਰੁਸਤ ਕਰਵਾਉਣ ਅਤੇ ਲੋੜੀਂਦੇ ਦਾਅਵੇ/ਇਤਰਾਜ਼ ਸਮੇਂ ਸਿਰ ਦਾਖ਼ਲ ਕਰਨ ਲਈ ਜਾਗਰੂਕ ਕਰਨ। ਜਿਸ ਤਹਿਤ 23 ਅਤੇ 24 ਜੂਨ ਨੂੰ ਬੀਐਲਓ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਬੀਐਲਏ ਵੱਲੋਂ ਮੀਟਿੰਗਾਂ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਰਦਰਸ਼ੀ, ਸ਼ੁੱਧ ਅਤੇ ਸਮਾਵੇਸ਼ੀ ਵੋਟਰ ਸੂਚੀਆਂ ਦੀ ਤਿਆਰੀ ਲਈ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਏਤਰਾਜ ਅਤੇ ਹੋਰ ਪਰੇਸ਼ਾਨੀਆਂ ਦੇ ਲਈ ਸਿੱਧੇ ਤੌਰ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਤੇ ਚੋਣ ਤਹਿਸੀਲਦਾਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ

ਮੀਟਿੰਗ ਵਿੱਚ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ, ਚੋਣ ਸ਼ਾਖਾ ਦੇ ਅਧਿਕਾਰੀ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *