ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਅਧਿਕਾਰੀ : ਜਗਜੀਤ ਸਿੰਘ
ਜ਼ਿਲ੍ਹਾ ਚੋਣਕਾਰ ਅਫ਼ਸਰ ਵੱਲੋਂ ਸਮੁੱਚੇ ਚੋਣ ਅਮਲ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਦਾ ਭਰੋਸਾ
ਫਤਹਿਗੜ੍ਹ ਸਾਹਿਬ, 3 ਦਸੰਬਰ :
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਅਬਜ਼ਰਵਰ, ਸੀਨੀਅਰ ਪੀ.ਸੀ.ਐਸ ਅਧਿਕਾਰੀ, ਜਗਜੀਤ ਸਿੰਘ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਤਾਇਨਾਤ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਚੋਣ ਪ੍ਰਬੰਧਾਂ ਬਾਰੇ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ।
ਜ਼ਿਲ੍ਹਾ ਚੋਣਕਾਰ ਅਫ਼ਸਰ ਡਾ. ਸੋਨਾ ਥਿੰਦ ਦੀ ਮੌਜੂਦਗੀ ਵਿੱਚ ਮੀਟਿੰਗ ਕਰਦਿਆਂ ਅਬਜ਼ਰਵਰ ਜਗਜੀਤ ਸਿੰਘ ਨੇ ਚੋਣ ਕਮਿਸ਼ਨ ਵੱਲੋਂ ਜਾਰੀ ਤਾਜ਼ਾ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਟ੍ਰੇਨਿੰਗ ਸਬੰਧੀ ਮਿਆਰੀ ਬੁੱਕਲੈਟ ਦੀ ਪ੍ਰਕਾਸ਼ਨਾ ਕੀਤੀ ਹੈ ਜਿਸ ਨੂੰ ਧਿਆਨਪੂਰਵਕ ਪੜ੍ਹਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮਾਸਟਰ ਟ੍ਰੇਨਰਾਂ ਨੂੰ ਵੀ ਕਮਿਸ਼ਨ ਦੀਆਂ ਤਾਜ਼ਾ ਹਦਾਇਤਾਂ ਬਾਰੇ ਜਾਣਕਾਰੀ ਹੋਵੇ। ਉਨ੍ਹਾਂ ਕਿਹਾ ਕਿ ਸਿਖਲਾਈ ਸੈਸ਼ਨ ਸੁਚੱਜੇ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਉਹ ਆਪ ਵੀ ਦੌਰਾ ਕਰਕੇ ਚੋਣ ਅਮਲੇ ਦੀ ਰਿਹਰਸਲ ਦੌਰਾਨ ਜਾਇਜ਼ਾ ਲੈਣਗੇ।
ਮੀਟਿੰਗ ਦੌਰਾਨ ਚੋਣ ਸਮੱਗਰੀ ਪ੍ਰਬੰਧਨ, ਸੁਰੱਖਿਆ ਵਿਵਸਥਾ, ਨਾਕਾਬੰਦੀ, ਪੈਟਰੋਲਿੰਗ ਪਾਰਟੀਆਂ, ਪੁਲਿਸ ਫੋਰਸ, ਸੰਵੇਦਨਸ਼ੀਲ, ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ, ਰੂਟ ਪਲਾਨ, ਕਮਿਊਨਿਕੇਸ਼ਨ ਪਲਾਨ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਉਨ੍ਹਾਂ ਨੇ ਚੋਣ ਪ੍ਰਬੰਧਨ ਯੋਜਨਾ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਮੂਹ ਟੀਮਾਂ ਪੂਰੀ ਮੁਸਤੈਦੀ ਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣਕਾਰ ਅਫ਼ਸਰ ਡਾ. ਸੋਨਾ ਥਿੰਦ ਨੇ ਵਿਸ਼ਵਾਸ ਦਿਵਾਇਆ ਕਿ ਸਮੁੱਚੇ ਚੋਣ ਅਮਲ ਨੂੰ ਪੂਰੇ ਪਾਰਦਰਸ਼ੀ, ਨਿਰਪੱਖ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਇਆ ਜਾਵੇਗਾ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਆਰ.ਓ ਸਰਹਿੰਦ ਸੂਬਾ ਸਿੰਘ, ਆਰ.ਓ ਖੇੜਾ ਸ਼ੰਕਰ ਸ਼ਰਮਾ, ਆਰ.ਓ ਬਸੀ ਪਠਾਣਾ ਹਰਵੀਰ ਕੌਰ, ਆਰ.ਓ ਅਮਲੋਹ ਚੇਤਨ ਬੰਗੜ, ਆਰ.ਓ ਖਮਾਣੋਂ ਰਮਨਦੀਪ ਕੌਰ, ਡੀ.ਐਸ.ਪੀ ਹਰਤੇਸ਼ ਕੌਸ਼ਿਕ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

