ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਤਹਿਗੜ੍ਹ ਸਾਹਿਬ

ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਲੜੀ ਜਾ ਰਹੀ ਜੰਗ ਵਿੱਚ ਲੋਕ ਪਾ ਰਹੇ ਉਸਾਰੂ ਯੋਗਦਾਨ : ਵਿਧਾਇਕ ਰੁਪਿੰਦਰ ਸਿੰਘ ਹੈਪੀ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਮੁਹਿੰਮ ਜਾਰੀ

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, 22 ਜੁਲਾਈ:

ਸੂਬੇ ਦੇ ਲੋਕਾਂ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਦਿੱਤੇ ਜਾ ਰਹੇ ਉਸਾਰੂ ਯੋਗਦਾਨ ਸਦਕਾ ਨਸ਼ਿਆਂ ਖਿਲਾਫ ਲੜੀ ਜਾ ਰਹੀ ਜੰਗ ਫੈਸਲਾਕੁੰਨ ਦੌਰ ਵਿੱਚ ਪਹੁੰਚ ਚੁੱਕੀ ਹੈ ਜਿਸ ਤੋਂ ਸਪਸ਼ਟ ਹੈ ਕਿ ਪੰਜਾਬ ਨੂੰ ਛੇਤੀ ਹੀ ਨਸ਼ਾ ਮੁਕਤ ਕਰਕੇ ਹੱਸਦਾ, ਵਸਦਾ ਤੇ ਰੰਗਲਾ ਪੰਜਾਬ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕੇ ਦੇ ਕਈ ਪਿੰਡਾਂ ਦੀਆਂ ਦਿਹਾਤੀ ਰੱਖਿਆ ਕਮੇਟੀਆਂ ਨਾਲ ਨਸ਼ਾ ਮੁਕਤੀ ਯਾਤਰਾ ਅਧੀਨ ਜਾਗਰੂਕਤਾ ਮੀਟਿੰਗਾਂ ਕਰਨ ਮੌਕੇ ਕੀਤਾ।

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਗਗੜਵਾਲ, ਹਵਾਰਾ ਕਲਾਂ, ਕਾਲੇਮਾਜਰਾ, ਬਦੇਸ਼ ਕਲਾਂ, ਬਦੇਸ਼ ਖੁਰਦ ਤੇ ਰਤਨਗੜ੍ਹ ਵਿੱਚ ਨਾਗਰਿਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਮੁਹਿੰਮ ਵਿੱਚ ਪੂਰੀ ਸ਼ਿੱਦਤ ਨਾਲ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

            ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੀ ਲਾਹਨਤ ਦਾ ਜੜ੍ਹੋਂ ਖਾਤਮਾ ਕਰਨ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਤਹਿਤ ਜਿਥੇ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਕੇ ਨਸ਼ਾ ਛੁਡਵਾਇਆ ਜਾ ਰਿਹਾ ਹੈ ਉਥੇ ਹੀ ਉਨ੍ਹਾਂ ਨੂੰ ਆਪਣੇ ਪੈਰਾਂ ਤੇ ਖੜ੍ਹਾ ਕਰਨ ਲਈ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰਸਾਂ ਦੀ ਸਿਖਲਾਈ ਦੇਣ ਉਪਰੰਤ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਸਰਕਾਰ ਵੱਲੋਂ ਕਰਜ਼ੇ ਵੀ ਦਿਵਾਏ ਜਾਣਗੇ।



            ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਜਿਥੇ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ ਉਥੇ ਹੀ ਨਸ਼ਿਆਂ ਦੇ ਆਦੀ ਵਿਅਕਤੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰਨ ਲਈ ਵੀ ਅੱਗੇ ਆ ਰਹੇ ਹਨ। ਉਨ੍ਹਾਂ ਪਿੰਡਾਂ ਦੀਆਂ ਰੱਖਿਆ ਕਮੇਟੀਆਂ ਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ ਜਾਂ ਸੇਫ ਪੰਜਾਬ ਮੋਬਾਇਲ ਐਪ ਦੀ ਵਰਤੋਂ ਨਾਲ ਵੀ ਅਜਿਹੇ ਲੋਕਾਂ ਬਾਰੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਹਰੇਕ ਨਾਗਰਿਕ ਨੂੰ ਆਪਣੀ ਜਿੰਮੇਵਾਰੀ ਸਮਝ ਕੇ ਅੱਗੇ ਆ ਕੇ ਹਿੱਸਾ ਲੈਣਾ ਚਾਹੀਦਾ ਹੈ।

            ਉਨ੍ਹਾਂ ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰਣ ਵੀ ਦਿਵਾਇਆ।

ਇਸ ਮੌਕੇ ਥਾਣਾ ਮੁਖੀ ਸਪਿੰਦਰ ਸਿੰਘ ਅਤੇ ਬੀਡੀਪੀਓ ਗੁਰਮਿੰਦਰ ਸਿੰਘ ਵੀ ਮੌਜੂਦ ਸਨ।

Leave a Reply

Your email address will not be published. Required fields are marked *