ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਤਹਿਗੜ੍ਹ ਸਾਹਿਬ

ਅਮਲੋਹ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸਫ਼ਲਤਾ ਲਈ ਲਾਮਬੰਦ ਹੋਣ ਦਾ ਸੱਦਾ

ਐਸਡੀਐਮ ਅਮਲੋਹ ਚੇਤਨ ਬੰਗੜ ਤੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ ਵੱਲੋਂ ਸਮੀਖਿਆ ਮੀਟਿੰਗ

ਅਮਲੋਹ, 14 ਜੁਲਾਈ:
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜੋਸ਼ੋ ਖਰੋਸ਼ ਨਾਲ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੁੜ ਆਰੰਭ ਹੋਣ ਜਾ ਰਹੀ ਨਸ਼ਾ ਮੁਕਤੀ ਯਾਤਰਾ ਨੂੰ ਅਮਲੋਹ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਸਫ਼ਲ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਇਜ਼ਾ ਲੈਂਦੇ ਹੋਏ ਐਸਡੀਐਮ ਚੇਤਨ ਬੰਗੜ ਨੇ ਕਿਹਾ ਕਿ ਇਹ ਸੁਨਹਿਰਾ ਸਮਾਂ ਹੈ ਜਦੋਂ ਸਾਰੇ ਨਾਗਰਿਕ ਇਕਜੁਟ ਹੋ ਕੇ ਇਸ ਵੱਡੀ ਸਮਾਜਿਕ ਬੁਰਾਈ ਦਾ ਹਮੇਸ਼ਾਂ ਲਈ ਖਾਤਮਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਉਦੋਂ ਹੀ ਪੂਰੀ ਤਰ੍ਹਾਂ ਸਫ਼ਲ ਹੋ ਸਕਦੀ ਹੈ ਜਦੋਂ ਹਰ ਨਾਗਰਿਕ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਇਹ ਦ੍ਰਿੜ ਇਰਾਦਾ ਕਰੇਗਾ ਕਿ ਉਹ ਨਾ ਤਾਂ ਖੁਦ ਨਸ਼ਾ ਕਰੇਗਾ ਅਤੇ ਨਾ ਹੀ ਕਿਸੇ ਹੋਰ ਨੂੰ ਨਸ਼ਾ ਕਰਨ ਦੇਵੇਗਾ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ ਅਤੇ ਡੀਐਸਪੀ ਗੁਰਦੀਪ ਸਿੰਘ ਨੇ ਵੀ ਨਸ਼ਾ ਮੁਕਤੀ ਯਾਤਰਾ ਬਾਰੇ ਵਿਚਾਰ ਸਾਂਝੇ ਕੀਤੇ।

ਮੀਟਿੰਗ ਦੌਰਾਨ ਐਸਡੀਐਮ ਚੇਤਨ ਬੰਗੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਮਲੋਹ ਸਬ ਡਵੀਜ਼ਨ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਨਾਗਰਿਕਾਂ ਨੇ ਵੀ ਇਸ ਯਾਤਰਾ ਪ੍ਰਤੀ ਸਾਰਥਕ ਹੁੰਗਾਰਾ ਦਿੱਤਾ ਹੈ ਅਤੇ ਸਾਰਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜੇਕਰ ਕਿਸੇ ਵੀ ਪਿੰਡ ਦਾ ਕੋਈ ਵਿਅਕਤੀ, ਨਸ਼ੇ ਦੀ ਵਿਕਰੀ ਕਰਦਾ ਜਾਂ ਤਸਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਅਜਿਹੇ ਵਿਅਕਤੀ ਦੀ ਮਦਦ ਨਾ ਕੀਤੀ ਜਾਵੇ ਅਤੇ ਨਾ ਹੀ ਜ਼ਮਾਨਤ ਦਿੱਤੀ ਜਾਵੇ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਸਮਾਜ ਸੇਵਕ ਤੇ ਹੋਰ ਵਲੰਟੀਅਰ ਸਵੈ ਇੱਛਾ ਨਾਲ ਇਸ ਮੁਹਿੰਮ ਦਾ ਹਿੱਸਾ ਬਣ ਰਹੇ ਹਨ ਅਤੇ ਹਰ ਘਰ ਤੱਕ ਪਹੁੰਚ ਬਣਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਮਿਿਥਆ ਗਿਆ ਟੀਚਾ, ਜਲਦੀ ਹੀ ਸਾਕਾਰ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਇਸ ਮੁਹਿੰਮ ਤੋਂ ਪੂਰੀ ਤਰ੍ਹਾਂ ਖੁਸ਼ ਹਨ ਅਤੇ ਨਸ਼ਾ ਮੁਕਤੀ ਯਾਤਰਾ ਨੂੰ ਚੁਫੇਰਿਓ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਮੀਟਿੰਗ ਦੌਰਾਨ ਡੀਐਸਪੀ ਗੁਰਦੀਪ ਸਿੰਘ, ਥਾਣਾ ਮੁਖੀ, ਸੀਨੀਅਰ ਮੈਡੀਕਲ ਅਫ਼ਸਰ, ਬੀਡੀਪੀਓ, ਈਓ, ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ ਤੇ ਵਲੰਟੀਅਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Leave a Reply

Your email address will not be published. Required fields are marked *