ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪੱਧਰੀ ਕਮੇਟੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਫ਼ਤਹਿਗੜ੍ਹ ਸਾਹਿਬ, 12 ਜੂਨ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਜ਼ੁਰਗ ਨਾਗਰਿਕਾਂ ਅਤੇ ਦਿਵਿਆਂਗਜ਼ਨਾਂ ਦੀ ਭਲਾਈ ਲਈ ਰਾਈਟਸ ਆਫ ਪਰਸਨਜ ਵਿੱਦ ਡਿਸਏਬਿਲਟੀ ਐਕਟ -2016 ਅਧੀਨ ਗਠਿਤ ਜ਼ਿਲ੍ਹਾ ਪੱਧਰੀ ਕਮੇਟੀਆਂ ਨਾਲ ਸਮੀਖਿਆ ਮੀਟਿੰਗਾਂ ਕੀਤੀਆਂ।
ਮੀਟਿੰਗ ਦੌਰਾਨ ਬਜ਼ੁਰਗਾਂ ਤੇ ਦਿਵਿਅਜਗ਼ਨਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਤੇ ਉਨ੍ਹਾਂ ਦੇ ਸਥਾਈ ਹੱਲ ਲਈ ਚੁੱਕੇ ਕਦਮਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਡਾ. ਸੋਨਾ ਥਿੰਦ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਇਨ੍ਹਾਂ ਦੀ ਸੰਭਾਲ ਕਰਨੀ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਬਿਰਧ ਘਰਾਂ ਵਿੱਚ ਰਹਿੰਦੇ ਬਜ਼ੁਰਗਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨੀਆ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਬਜ਼ੁਰਗਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਤੇ ਬਜ਼ੁਰਗਾਂ ਨੂੰ ਪੂਰਾ ਮਾਣ ਤੇ ਸਨਮਾਨ ਦਿੱਤਾ ਜਾਵੇ।
ਇਸੇ ਤਰ੍ਹਾਂ ਦਿਵਿਆਂਗਜ਼ਨਾਂ ਦੀ ਭਲਾਈ ਲਈ ਰਾਈਟਸ ਆਫ ਪਰਸਨਜ ਵਿੱਦ ਡਿਸਏਬਿਲਟੀ ਐਕਟ -2016 ਅਧੀਨ ਬਣੀ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਵਿਆਂਗਜ਼ਨਾਂ ਨੂੰ ਭਲਾਈ ਸਕੀਮਾਂ ਦਾ ਲਾਭ ਲੈਣ ਵਾਸਤੇ ਯੂ.ਡੀ.ਆਈ.ਡੀ. ਕਾਰਡ ਹੋਣੇ ਲਾਜ਼ਮੀ ਹਨ, ਇਸ ਲਈ ਜ਼ਿਲ੍ਹੇ ਨਾਲ ਸਬੰਧਤ ਦਿਵਿਆਂਗਜ਼ਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਹੋਰ ਤੇਜੀ ਲਿਆਂਦੀ ਜਾਵੇ।
ਡਾ. ਸੋਨਾ ਥਿੰਦ ਨੇ ਦੱਸਿਆ ਕਿ ਨੈਸ਼ਨਲ ਫਰੀਦਾਬਾਦ ਫਾਇਨਾਂਸ ਕਾਰਪੋਰੇਸ਼ਨ ਵੱਲੋਂ 40 ਫੀਸਦੀ ਤੋਂ ਵੱਧ ਅਪੰਗਤਾ ਵਾਲੇ ਦਿਵਿਆਂਗਜ਼ਨਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ 5 ਲੱਖ ਰੁਪਏ ਤੱਕ ਦਾ ਕਰਜ਼ਾ ਘੱਟ ਵਿਆਜ ਦਰ ਤੇ ਦਿੱਤਾ ਜਾਂਦਾ ਹੈ, ਉਸ ਬਾਰੇ ਦਿਵਿਆਂਗਜ਼ਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਦਿਵਿਆਂਗਜ਼ਨ, ਆਪਣਾ ਰੋਜ਼ਗਾਰ ਸ਼ੁਰੂ ਕਰਕੇ ਆਪਣਾ ਜੀਵਨ ਗੁਜ਼ਾਰਾ ਹੋਰ ਵੀ ਬਿਹਤਰ ਤਰੀਕੇ ਨਾਲ ਕਰ ਸਕਣ।
ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ. ਵਰਿੰਦਰ ਸਿੰਘ ਟਿਵਾਣਾ, ਸਹਾਇਕ ਸਿਵਲ ਸਰਜਨ ਡਾ.ਅਮਰੀਕ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਜਸਪ੍ਰੀਤ ਕੌਰ, ਨਗਰ ਕੌਂਸਲ ਸਰਹਿੰਦ ਦੇ ਕਾਰਜਸਾਧਕ ਅਫਸਰ ਸੰਗੀਤ ਕੁਮਾਰ ਤੋਂ ਇਲਾਵਾ ਕਮੇਟੀ ਮੈਂਬਰ ਤੇ ਹੋਰ ਅਧਿਕਾਰੀ ਹਾਜਰ ਸਨ।
