ਪੰਜਾਬ ਸਰਕਾਰ ਵੱਲੋਂ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਾਧਾ ਅਤੇ ਪਿੰਡ ਲਾਲੋਵਾਲੀ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਪ੍ਰਚਾਰ ਵੈਨ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸੰਦੇਸ਼ ’ਤੇ ਆਧਾਰਿਤ 40 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਲੋਕਾਂ ਨੇ ਡਾਕੂਮੈਂਟਰੀ ਨੂੰ ਬਹੁਤ ਧਿਆਨ ਅਤੇ ਸ਼ਰਧਾ ਨਾਲ ਦੇਖਿਆ।

ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੇ ਵੀ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਸਮਾਜ ਵਿੱਚ ਬਰਾਬਰੀ, ਆਪਸੀ ਪਿਆਰ, ਸਾਂਝੀਵਾਲਤਾ ਅਤੇ ਸਮਾਜਿਕ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਇਹ ਜਾਗਰੂਕਤਾ ਮੁਹਿੰਮ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਉੱਚੀਆਂ ਸਿੱਖਿਆਵਾਂ ਨਾਲ ਜੋੜਨ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਮਾਨਤਾ, ਮਨੁੱਖਤਾ, ਸੇਵਾ, ਮਿਹਨਤ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ, ਜੋ ਅੱਜ ਦੇ ਸਮਾਜ ਲਈ ਵੀ ਉਤਨਾ ਹੀ ਪ੍ਰਸੰਗਿਕ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ।