ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ
ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇ ਖਰੀਦ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਸੁੱਕੀ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ਵਿੱਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਸਹੂਲਤ ਮਿਲੇਗੀ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਡੇਜ਼ੀ ਮਹਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 42,233 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਹੁਣ ਤੱਕ ਕੁੱਲ 39,556 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ ਹੁਣ ਤੱਕ 6515 ਮੀਟਿਰਕ ਟਨ, ਮਾਰਕਫੈਡ ਨੇ 2607 ਮੀਟਿਰਕ ਟਨ, ਪਨਸਪ ਨੇ 3726 ਮੀਟਿਰਕ ਟਨ, ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਨੇ 2813 ਮੀਟਿਰਕ ਟਨ ਅਤੇ ਵਪਾਰੀਆਂ ਨੇ 23895 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਿਰਧਾਰਤ ਲਿਫਟਿੰਗ ਦੇ ਟੀਚੇ ਮੁਤਾਬਕ 84 ਫੀਸਦੀ ਫਸਲ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬੀਤੀ ਸ਼ਾਮ ਤੱਕ ਖਰੀਦ ਕੀਤੇ ਗਏ ਝੋਨੇ ਵਿਚੋਂ 23.37 ਕਰੋੜ ਤੋਂ ਵਧੇਰੇ ਦੀ ਅਦਾਇਗੀ ਦੇ ਅਡਵਾਇਸ ਵੀ ਜਨਰੇਟ ਕੀਤੇ ਗਏ ਹਨ ਜੋ ਕਿ ਖਰੀਦੀ ਫਸਲ ਦੇ 101 ਫੀਸਦੀ ਬਣਦੇ ਹਨ।