ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਖਿਜ਼ਰਾਬਾਦ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਬੰਦ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਪ੍ਰਸ਼ਾਸਨ ਅਤੇ ਖੁਰਾਕ ਤੇ ਸਪਲਾਈ ਮੰਤਰੀ ਨਾਲ ਗੱਲਬਾਤ ਕਰਕੇ ਖਰੀਦ ਮੁੜ ਸ਼ੁਰੂ ਕਰਵਾ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਮੰਡੀ ਵਿੱਚ ਖਰੀਦ ਬੰਦ ਹੋਣ ਬਾਰੇ ਜਾਣਕਾਰੀ ਮਿਲੀ, ਉਨ੍ਹਾਂ ਨੇ ਤੁਰੰਤ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਸਵੇਰੇ ਹੀ ਝੋਨੇ ਦੀ ਖਰੀਦ ਮੁੜ ਚਾਲੂ ਕਰਵਾ ਦਿੱਤੀ ਗਈ। ਉਨ੍ਹਾਂ ਖਿਜ਼ਰਾਬਾਦ ਅਨਾਜ ਮੰਡੀ ਦਾ ਦੌਰਾ ਕਰਕੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲਈ।
ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇ। ਪੰਜਾਬ ਸਰਕਾਰ ਇਸ ਮਕਸਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਖਿਜ਼ਰਾਬਾਦ ਦੇ ਨਾਲ-ਨਾਲ ਕੁਰਾਲੀ ਅਤੇ ਖਰੜ ਦੀਆਂ ਅਨਾਜ ਮੰਡੀਆਂ ਵਿੱਚ ਵੀ ਝੋਨੇ ਦੀ ਖਰੀਦ ਚੱਲ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਰਾਣਾ ਕੁਸ਼ਲਪਾਲ, ਖਿਜ਼ਰਾਬਾਦ ਦੇ ਸਾਬਕਾ ਸਰਪੰਚ ਗੁਰਿੰਦਰ ਸਿੰਘ, ਮੰਡੀ ਦੇ ਆੜ੍ਹਤੀ ਅਤੇ ਹੋਰ ਕਿਸਾਨ ਮੌਜੂਦ ਸਨ।