2016 ਬੈਚ ਦੇ ਪੀ.ਸੀ.ਐਸ ਅਧਿਕਾਰੀ ਸ਼੍ਰੀਮਤੀ ਇਸਮਤ ਵਿਜੈ ਸਿੰਘ ਨੇ ਅੱਜ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਐਸ.ਡੀ.ਐਮ.ਧੂਰੀ ਤਾਇਨਾਤ ਸਨ।
ਵਧੀਕ ਡਿਪਟੀ ਕਮਿਸ਼ਨਰ (ਜ) ਦਾ ਚਾਰਜ ਸੰਭਾਲਣ ਉਪਰੰਤ ਸ਼੍ਰੀਮਤੀ ਇਸਮਤ ਵਿਜੈ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੇ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਰਲ ਤਰੀਕੇ ਨਾਲ ਦੇਣ ਸਮੇਤ ਸਿਹਤ, ਸਿੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫਾਈ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਏ.ਡੀ.ਸੀ.ਇਸਮਤ ਵਿਜੈ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਮੁੜ ਸੇਵਾਵਾਂ ਨਿਭਾਉਣ ਦਾ ਮੌਕਾ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਰਾਹੀਂ ਸ਼ਹੀਦਾਂ ਦੀ ਧਰਤੀ ਨੂੰ ਸਾਫ ਸੁਥਰਾ ਤੇ ਖੂਬਸੂਰਤ ਬਣਾਇਆ ਜਾਵੇਗਾ ਤਾਂ ਜੋ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੇ ਰੋਜ਼ਾ ਸ਼ਰੀਫ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਣ ਲਈ ਪਹੁੰਚਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।