ਮਾਣਯੋਗ ਸੁਪਰੀਮ ਕੋਰਟ ਵੱਲੋਂ ਲੰਮੇ ਸਮੇਂ ਤੋਂ ਲੰਬਿਤ ਮਾਮਲਿਆਂ ਦੇ ਨਿਪਟਾਰੇ ਦੇ ਉਦੇਸ਼ ਨਾਲ ਸਮਾਧਾਨ ਸਮਾਰੋਹ-2026 ਅਧੀਨ 21, 22 ਅਤੇ 23 ਅਗਸਤ, 2026 ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਇਹ ਪਹਿਲ ਮਾਣਯੋਗ ਸੁਪਰੀਮ ਕੋਰਟ ਦੀ ਉਸ ਲਗਾਤਾਰ ਵਚਨਬੱਧਤਾ ਦਾ ਹਿੱਸਾ ਹੈ ਜਿਸ ਦਾ ਮਕਸਦ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੀ ਗਿਣਤੀ ਘਟਾਉਣਾ ਅਤੇ ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ ਰਾਹੀਂ ਲੋਕਾਂ ਨੂੰ ਸਸਤਾ, ਸੌਖਾ, ਤੇਜ਼ ਅਤੇ ਪ੍ਰਭਾਵਸ਼ਾਲੀ ਇਨਸਾਫ ਪ੍ਰਦਾਨ ਕਰਨਾ ਹੈ।

ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਨੇ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦੇ ਮਹੱਤਵ ਅਤੇ ਲਾਭਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਅਤੇ ਪ੍ਰਚਾਰ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਵਿਸ਼ੇਸ਼ ਲੋਕ ਅਦਾਲਤ ਦੌਰਾਨ ਆਪਸੀ ਸਹਿਮਤੀ, ਰਾਜ਼ੀਨਾਮੇ ਅਤੇ ਸਮਝੌਤੇ ਰਾਹੀਂ ਨਿਪਟਾਏ ਜਾ ਸਕਣ ਵਾਲੇ ਯੋਗ ਮਾਮਲਿਆਂ ਨੂੰ ਸੁਣਵਾਈ ਲਈ ਲਿਆ ਜਾਵੇਗਾ। ਇਨ੍ਹਾਂ ਵਿੱਚ ਵਿਆਹਿਕ ਅਤੇ ਪਰਿਵਾਰਕ ਵਿਵਾਦ, ਮੋਟਰ ਹਾਦਸਾ ਕਲੇਮ ਮਾਮਲੇ, ਸਰਵਿਸ ਮਾਮਲੇ, ਭੂਮੀ ਅਧਿਗ੍ਰਹਿਣ ਮਾਮਲੇ, ਉਪਭੋਗਤਾ ਵਿਵਾਦ, ਬੈਂਕ ਰਿਕਵਰੀ ਮਾਮਲੇ, ਨਿਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਨਾਲ ਸਬੰਧਿਤ ਚੈਕ ਬਾਊਂਸ ਮਾਮਲੇ ਅਤੇ ਹੋਰ ਸਿਵਲ ਅਤੇ ਸਮਝੌਤਾਯੋਗ ਮਾਮਲੇ ਸ਼ਾਮਲ ਹੋ ਸਕਦੇ ਹਨ। ਇਸ ਵਿਸ਼ੇਸ਼ ਲੋਕ ਅਦਾਲਤ ਤੋਂ ਪੱਖਕਾਰਾਂ ਨੂੰ ਤੇਜ਼ ਅਤੇ ਸਹਿਮਤੀ ਆਧਾਰਿਤ ਰਾਹਤ ਪ੍ਰਾਪਤ ਕਰਨ ਲਈ ਇੱਕ ਪ੍ਰਭਾਵਸ਼ਾਲੀ ਮੰਚ ਮਿਲੇਗਾ, ਜਿਸ ਨਾਲ ਲੰਬੇ ਮੁਕੱਦਮਿਆਂ ਤੋਂ ਬਚਾਅ, ਸਮੇਂ ਅਤੇ ਧਨ ਦੀ ਬਚਤ ਅਤੇ ਆਪਸੀ ਸਾਂਝ ਅਤੇ ਸਦਭਾਵਨਾ ਨੂੰ ਪ੍ਰੋਤਸਾਹਨ ਮਿਲੇਗਾ। ਇਸ ਦੇ ਨਾਲ ਹੀ ਪਹਿਲਾਂ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੇ ਬੋਝ ਨੂੰ ਘਟਾਉਣ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਏਗੀ।
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਅਸ਼ੋਕ ਕੁਮਾਰ ਚੌਹਾਨ ਵੱਲੋਂ ਵਕੀਲ ਭਾਈਚਾਰੇ, ਪੱਖਕਾਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਮਾਧਾਨ ਸਮਾਰੋਹ- 2026 ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਇਸ ਮਹੱਤਵਪੂਰਨ ਪਹਿਲ ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।