
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਖੂਨਦਾਨੀਆਂ ਦੀ ਕੀਤੀ ਹੌਂਸਲਾ ਅਫਜਾਈ
ਬਸੀ ਪਠਾਣਾ/ ਫਤਹਿਗੜ੍ਹ ਸਾਹਿਬ, 29 ਮਈ : ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਵਿਸ਼ਵਕਰਮਾ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਬ੍ਰਹਮ ਗਿਆਨੀ ਸੰਤ ਬਾਬਾ ਸੁਖਦਰਸ਼ਨ ਸਿੰਘ ਜੀ ਗੋਪਾਲੋਂ ਵਾਲਿਆ ਦੀ ਯਾਦ ਵਿੱਚ ਲਗਾਏ ਗਏ ਦਸਵੇਂ ਖੂਨ ਦਾਨ ਕੈਂਪ ਮੌਕੇ ਖੂਨਦਾਨੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਖੂਨ ਦਾਨ ਇੱਕ ਅਜਿਹਾ ਦਾਨ ਹੈ ਜਿਸ ਨਾਲ ਕਈ ਅਨਮੋਲ ਮਨੁੱਖੀ ਜਾਨਾਂ ਨੂੰ ਅਜਾਈ ਜਾਣ ਤੋਂ ਬਚਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਹਰੇਕ ਸਿਹਤ ਮੰਦ ਵਿਅਕਤੀ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ ਅਤੇ ਇਸ ਨਾਲ ਸਰੀਰ ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ।
ਵਿਧਾਇਕ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਨੂੰ ਸਾਡੇ ਧਾਰਮਿਕ ਗ੍ਰੰਥਾਂ ਵਿੱਚ ਉੱਤਮ ਕਾਰਜ ਕਿਹਾ ਗਿਆ ਹੈ ਅਤੇ ਖੂਨਦਾਨ ਤੋਂ ਵੱਡੀ ਕੋਈ ਵੀ ਸੇਵਾ ਨਹੀਂ ਹੈ। ਉਨ੍ਹਾਂ ਵਿਸ਼ਵਕਰਮਾ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮਾਨਵਤਾ ਦੀ ਭਲਾਈ ਵਾਲੇ ਕੰਮਾਂ ਨਾਲ ਸਮਾਜ ਅੰਦਰ ਇੱਕ ਚੰਗਾ ਸੁਨੇਹਾ ਜਾਂਦਾ ਹੈ ਅਤੇ ਇਸ ਨਾਲ ਨੌਜਵਾਨਾਂ ਅੰਦਰ ਵੀ ਸਮਾਜ ਸੇਵਾ ਪ੍ਰਤੀ ਜਜ਼ਬਾ ਪੈਦਾ ਹੁੰਦਾ ਹੈ। ਉਹਨਾਂ ਕਿਹਾ ਕਿ ਇਹ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਬਸੀ ਪਠਾਣਾ ਹਲਕੇ ਵਿੱਚ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ ਚੜ ਕੇ ਹਿੱਸਾ ਲੈ ਰਹੀ ਹੈ ਜਿਸ ਤੋਂ ਹੋਰਨਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਇਸ ਮੌਕੇ ਖੂਨਦਾਨੀਆਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਕੌਂਸਲਰ ਤੇ ਪੰਜਾਬ ਮਜ਼ਦੂਰ ਭਲਾਈ ਬੋਰਡ ਦੇ ਮੈਂਬਰ ਰਾਜ ਪੁਰੀ, ਜਗਮੋਹਨ ਸਿੰਘ, ਸਰਬਜੀਤ ਸਿੰਘ, ਕਵਲਜੀਤ ਸਿੰਘ, ਜਤਿੰਦਰ ਸਿੰਘ, ਕੁਲਬੀਰ ਸਿੰਘ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਹਰਜੀਤ ਸਿੰਘ ਤੇ ਪਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੂਨਦਾਨੀ ਤੇ ਸਮਾਜ ਸੇਵੀ ਹਾਜ਼ਰ ਸਨ ।