_ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਤੋਂ ਬਾਅਦ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੇ ਪਠਾਨਕੋਟ ਪਹੁੰਚੇ। ਜਿੱਥੇ ਉਨ੍ਹਾਂ ਦਾ ਸਵਾਗਤ ਜੈ ਇੰਦਰ ਕੌਰ ਵੱਲੋਂ ਕੀਤਾ ਗਿਆ। ਜਿਸ ਤੋਂ ਬਾਅਦ ਪੀਐਮ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੁਨੀਲ ਜਾਖੜ, ਬੀਜੇਪੀ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਤਰੁਣ ਚੁੱਘ ਮੌਜੂਦ ਹਨ।ਪੀਐਮ ਮੋਦੀ ਵੱਲੋਂ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਦੇ ਨਾਲ ਗੁਰਦਾਸਪੁਰ ਦੇ ਤਿਬੜੀ ਕੈਂਟ ਵਿੱਚ ਗੱਲਬਾਤ ਕੀਤੀ। ਪੀਐਮ ਨੇ ਹੜ੍ਹ ਪੀੜਤਾਂ ਨਾਲ 30 ਮਿੰਟ ਤੋਂ ਵਧ ਗੱਲਬਾਤ ਕੀਤੀ। ਪੀਐਮ ਨੇ ਲੋਕਾਂ ਦੀ ਆਪ ਬੀਤੀ ਅਤੇ ਫਸਲਾਂ ਦੇ ਹੋਏ ਨੁਕਸਾਨ ਦਾ ਦੁੱਖ ਸਣਿਆ। ਇਸ ਦੌਰਾਨ ਉਨ੍ਹਾਂ ਨੇ ਰੈਸਕਿਊ ਟੀਮਾਂ ਦੇ ਨਾਲ ਵੀ ਚਰਚਾ ਕੀਤੀ। ਕਿਸਾਨਾਂ ਨੇ ਪੀਐਮ ਨਾਲ ਹੋਈ ਚਰਚਾ ਦੌਰਾਨ ਹਰ ਬਿਪਤਾ ਦੀ ਛੋਟੀ-ਵੱਡੀ ਗੱਲ੍ਹ ਸਾਂਝੀ ਕੀਤੀ ਹੈ। ਇਸ ਦੌਰਾਨ ਲੋਕਾਂ ਨੇ ਧੁੱਸੀ ਬੰਨ੍ਹਾਂ ਦੀ ਮਜ਼ਬੁਤੀ ਅਤੇ ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਅੱਗੇ ਗੱਲ੍ਹ ਰੱਖੀ।
ਇਸ ਤੋਂ ਪਹਿਲਾਂ 5 ਸਤੰਬਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪੀੜਤਾਂ ਨਾਲ ਮੁਲਾਕਾਤ ਕੀਤੀ। ਹਲਾਂਕਿ ਪੰਜਾਬ ਅਤੇ ਕਿਸਾਨਾਂ ਲਈ ਉਨ੍ਹਾਂ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ ਸੀ, ਪਰ ਪ੍ਰਧਾਨ ਮੰਤਰੀ ਮੋਦੀ ਦੇ ਇਸ ਦੌਰੇ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਕਿਸੇ ਵੱਡੇ ਐਲਾਨ ਦੀ ਉਮੀਦ ਹੈ।
ਦੱਸ ਦਈਏ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ 20 ਹਜ਼ਾਰ ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਪੀਐਮ ਮੋਦੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਹਵਾਈ ਸਰਵੇਖਣ ਕਰਨ ਤੋਂ ਬਾਅਦ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ।



