ਅਜ਼ਾਦੀ ਦਿਵਸ ਸਬੰਧੀ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ, ਸ੍ਰ ਕੁਲਤਾਰ ਸਿੰਘ ਸੰਧਵਾਂ, ਮੁੱਖ ਮਹਿਮਾਨ ਵਜੋਂ ਕੌਮੀ ਝੰਡਾ ਚੜ੍ਹਾਉਣ ਦੀ ਰਸਮ ਅਦਾ ਕਰਨਗੇ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ, ਡਾ ਸੋਨਾ ਥਿੰਦ ਨੇ ਅੱਜ ਆਜ਼ਾਦੀ ਦਿਵਸ ਸਮਾਰੋਹ ਲਈ ਖੇਡ ਸਟੇਡੀਅਮ ਮਾਧੋਪੁਰ ਸਰਹਿੰਦ, ਵਿਖੇ ਹੋਈ ਫੁੱਲ ਡਰੈਸ ਰਿਹਰਸਲ ਦਾ ਜ਼ਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ।

ਉਹਨਾਂ ਨੇ ਇਸ ਮੌਕੇ ਕੌਮੀ ਝੰਡਾ ਚੜ੍ਹਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ।
ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ. ਸੀ. ਸੀ. ਕੈਡਿਟਾਂ, ਬੈਂਡ ਵੱਲੋਂ ਪਰੇਡ ਵਿੱਚ ਹਿੱਸਾ ਲਿਆ ਗਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਮੂਹ ਅਧਿਕਾਰੀਆਂ ਨੂੰ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼ ਦਿੱਤੇ।

ਉਹਨਾਂ ਨੇ ਫੁੱਲ ਡਰੈੱਸ ਰਿਹਰਸਲ ਸਮੇਂ ਪਾਈਆਂ ਗਈਆਂ ਛੋਟੀਆਂ-ਮੋਟੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਵੀ ਜਾਰੀ ਕੀਤੀ।
ਇਸ ਮੌਕੇ ’ਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ ਕਰੁਣਾ ਗੁਪਤਾ ਸਮੇਤ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।