ਪੰਜਾਬ ਭਾਜਪਾ ਮੈਨੀਫੈਸਟੋ ਕਮੇਟੀ ਵੱਲੋਂ ਅੰਮ੍ਰਿਤਸਰ ਵਿੱਚ ਵਪਾਰੀਆਂ ਨਾਲ ਅਹਿਮ ਮੀਟਿੰਗ, ਮੈਨੀਫੈਸਟੋ ਲਈ ਮੰਗੇ ਸੁਝਾਅ: ਅਵਿਨਾਸ਼ ਰਾਏ ਖੰਨਾ

ਅੰਮ੍ਰਿਤਸਰ

ਪੰਜਾਬ ਭਾਜਪਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।

ਇਸ ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਤਿਆਰ ਕੀਤੇ ਜਾ ਰਹੇ ਚੋਣ ਮੈਨੀਫੈਸਟੋ ਸਬੰਧੀ ਵਪਾਰੀ ਵਰਗ ਦੇ ਸੁਝਾਅ ਅਤੇ ਵਿਚਾਰ ਪ੍ਰਾਪਤ ਕਰਨਾ ਸੀ।ਇਸ ਮੌਕੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਸਾਬਕਾ ਮੰਤਰੀ ਅਸ਼ਵਨੀ ਸੇਖੜੀ, ਭਾਜਪਾ ਵਪਾਰ ਸੈੱਲ ਦੇ ਕਨਵੀਨਰ ਰਜਿੰਦਰ ਮਰਵਾਹਾ, ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਹਨੀ ਸਮੇਤ ਹੋਰ ਆਗੂ ਅਤੇ ਵਪਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਵੱਖ-ਵੱਖ ਕਾਰੋਬਾਰਾਂ ਨਾਲ ਜੁੜੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਤ ਸਮੱਸਿਆਵਾਂ, ਮੰਗਾਂ ਅਤੇ ਸੁਝਾਅ ਕਮੇਟੀ ਦੇ ਸਾਹਮਣੇ ਰੱਖੇ। ਉਨ੍ਹਾਂ ਵੱਲੋਂ ਵੱਖ-ਵੱਖ ਮੁੱਦਿਆਂ ਸਬੰਧੀ ਮੰਗ ਪੱਤਰ ਵੀ ਸੌਂਪੇ ਗਏ।
ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਭਾਜਪਾ ਵੱਲੋਂ ਤਿਆਰ ਕੀਤਾ ਜਾ ਰਿਹਾ ਮੈਨੀਫੈਸਟੋ ਸੂਬੇ ਦੇ ਲੋਕਾਂ ਦੀਆਂ ਉਮੀਦਾਂ, ਲੋੜਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾ ਰਿਹਾ ਹੈ। ਇਸੇ ਮਕਸਦ ਨਾਲ ਮੈਨੀਫੈਸਟੋ ਕਮੇਟੀ ਵੱਲੋਂ ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਅਤੇ ਉਮੀਦਾਂ ਨੂੰ ਮੈਨੀਫੈਸਟੋ ਵਿੱਚ ਜਗ੍ਹਾ ਦਿੱਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਅਹਿਮ ਕੜੀ ਹੈ। ਇਸ ਲਈ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕਰਨਾ ਕਮੇਟੀ ਦੀ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਾਪਤ ਹੋਏ ਸੁਝਾਵਾਂ ਅਤੇ ਮੰਗਾਂ ‘ਤੇ ਵਿਚਾਰ ਕਰਕੇ ਉਨ੍ਹਾਂ ਨੂੰ ਮੈਨੀਫੈਸਟੋ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾਵੇਗਾ।

ਪਾਰਟੀ ਵੱਲੋਂ ਲੋਕਾਂ ਦੀ ਰਾਏ ਅਤੇ ਸੁਝਾਅ ਪ੍ਰਾਪਤ ਕਰਨ ਲਈ ਤਿੰਨ ਹੈਲਪਲਾਈਨ ਨੰਬਰ 9913002027, 07971943333 ਅਤੇ 7508560065 ਵੀ ਜਾਰੀ ਕੀਤੇ ਗਏ ਹਨ, ਜਿਸ ਰਾਹੀਂ ਲੋਕ ਆਪਣੇ ਸੁਝਾਅ ਭੇਜ ਸਕਦੇ ਹਨ।
ਖੰਨਾ ਨੇ ਦੱਸਿਆ ਕਿ ਮੈਨੀਫੈਸਟੋ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਲੋਕਾਂ ਤੋਂ ਪ੍ਰਾਪਤ ਸੁਝਾਵਾਂ ਦੇ ਆਧਾਰ ‘ਤੇ ਪੰਜਾਬ ਭਾਜਪਾ ਦਾ ਚੋਣ ਮੈਨੀਫੈਸਟੋ ਦਸੰਬਰ ਦੇ ਮੱਧ ਤੱਕ ਜਾਰੀ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *