ਹਲਕਾ ਮੋਹਾਲੀ ਤੋਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ, ਪ੍ਰਤਾਪ ਸਿੰਘ ਬਾਜਵਾ ਤੇ ਬਲਬੀਰ ਸਿੱਧੂ ਵੱਲੋਂ “ਪੰਜਾਬ ਮੰਗਦਾ ਇਨਸਾਫ਼” ਮੁਹਿੰਮ ਦਾ ਆਗਾਜ਼

ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਰਾਹੁਲ ਗਾਂਧੀ ਜੀ ਵੱਲੋਂ ਸੰਗਰੂਰ ਵਿਖੇ ਇਨਸਾਫ਼ ਰੈਲੀ ਦੌਰਾਨ ਦਿੱਤੇ ਗਏ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “ਪੰਜਾਬ ਮੰਗਦਾ ਇਨਸਾਫ਼” ਦੀ ਪਹਿਲੀ ਮੀਟਿੰਗ ਅੱਜ ਹਲਕਾ ਮੋਹਾਲੀ ਵਿਖੇ ਹੋਈ। ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ, ਵਰਕਿੰਗ ਪ੍ਰਧਾਨ ਸ਼੍ਰੀ ਰਾਜ ਕੁਮਾਰ ਵੇਰਕਾ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ, ਨਸ਼ਿਆਂ, ਵਿਗੜ ਰਹੀ ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ ਅਤੇ ਲੋਕਾਂ ਨਾਲ ਹੋ ਰਹੇ ਕਥਿਤ ਧੱਕੇਸ਼ਾਹੀ ਦੇ ਮਾਮਲਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਉਲੀਕੀ ਗਈ।

ਸ. ਪਰਗਟ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਨਸ਼ਿਆਂ ਦਾ ਫੈਲਾਅ, ਅਪਰਾਧਾਂ ਵਿੱਚ ਵਾਧਾ ਅਤੇ ਵਿਗੜਦੀ ਕਾਨੂੰਨ ਵਿਵਸਥਾ ਸਰਕਾਰ ਦੇ ਦਾਅਵਿਆਂ ਦੀ ਅਸਲੀਅਤ ਬਿਆਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਵੀ ਦਿੱਲੀ ਤੋਂ ਆਏ ਵੱਡੇ-ਵੱਡੇ ਜੁਮਲਿਆਂ ਅਤੇ ਝੂਠੇ ਵਾਅਦਿਆਂ ਵਿੱਚ ਆ ਕੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ, ਪਰ ਹੁਣ ਲੋਕਾਂ ਨੂੰ ਆਪਣੇ ਫ਼ੈਸਲੇ ਦੀ ਅਸਲੀ ਕੀਮਤ ਸਮਝ ਆ ਰਹੀ ਹੈ।

ਉਨ੍ਹਾਂ ਕਿਹਾ ਕਿ “ਪੰਜਾਬ ਮੰਗਦਾ ਇਨਸਾਫ਼” ਸਿਰਫ਼ ਇੱਕ ਸਿਆਸੀ ਮੁਹਿੰਮ ਨਹੀਂ, ਸਗੋਂ ਪੰਜਾਬ ਦੇ ਪੀੜਤ ਲੋਕਾਂ ਦੀ ਆਵਾਜ਼ ਬਣਨ ਦਾ ਯਤਨ ਹੈ। ਇਸ ਮੁਹਿੰਮ ਤਹਿਤ ਨਸ਼ਿਆਂ ਅਤੇ ਅਪਰਾਧਾਂ ਤੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤਾਂ ਕੀਤੀਆਂ ਜਾਣਗੀਆਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਪਾਰੀਆਂ, ਨੌਜਵਾਨਾਂ ਅਤੇ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਸਾਈਕਲ ਯਾਤਰਾਵਾਂ ਅਤੇ ਜਨਤਕ ਮੀਟਿੰਗਾਂ ਰਾਹੀਂ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਇਨਸਾਫ਼ ਲਈ ਹਰ ਪੱਧਰ ‘ਤੇ ਸੰਘਰਸ਼ ਕਰੇਗੀ।

ਪਰਗਟ ਸਿੰਘ ਨੇ ਬਲਬੀਰ ਸਿੰਘ ਸਿੱਧੂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਲਕਾ ਮੋਹਾਲੀ ਦੇ ਲੋਕਾਂ ਦੇ ਦਿਲਾਂ ਵਿੱਚ ਵੱਸਦੇ ਹਨ ਅਤੇ ਲੋਕਾਂ ਨਾਲ ਉਨ੍ਹਾਂ ਦਾ ਲੰਮੇ ਸਮੇਂ ਤੋਂ ਗੂੜ੍ਹਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਸ. ਬਲਬੀਰ ਸਿੰਘ ਸਿੱਧੂ ਵੱਲੋਂ ਹਲਕੇ ਦੇ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣਾ ਅਤੇ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣਾ ਉਨ੍ਹਾਂ ਦੀ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਮੋਹਾਲੀ ਦੇ ਲੋਕ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਉਣਗੇ।

ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੋਹਾਲੀ ਵਿੱਚ ਝਾੜੂ ਪਾਰਟੀ ਨੇ GMADA ਵਰਗੇ ਮਹੱਤਵਪੂਰਨ ਅਦਾਰੇ ਨੂੰ ਵੀ ਕਮਾਈ ਦਾ ਸਾਧਨ ਬਣਾ ਕੇ ਰੱਖ ਦਿੱਤਾ ਹੈ। ਸਰਕਾਰੀ ਸੰਸਥਾਵਾਂ ਲੋਕਾਂ ਦੀ ਭਲਾਈ ਅਤੇ ਸ਼ਹਿਰ ਦੇ ਵਿਕਾਸ ਲਈ ਹੁੰਦੀਆਂ ਹਨ, ਨਾ ਕਿ ਕਿਸੇ ਦੀ ਨਿੱਜੀ ਕਮਾਈ ਲਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਭ੍ਰਿਸ਼ਟਾਚਾਰ ਨੇ ਹਰ ਹੱਦ ਪਾਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੱਤਾ ਵਿੱਚ ਆਉਣ ‘ਤੇ ਲੋਕਾਂ ਦੀ ਕੀਤੀ ਗਈ ਹਰ ਲੁੱਟ ਅਤੇ ਸਰਕਾਰੀ ਸਰੋਤਾਂ ਦੀ ਦੁਰਵਰਤੋਂ ਦਾ ਹਿਸਾਬ ਲਵੇਗੀ ਅਤੇ ਜਵਾਬਦੇਹੀ ਤੈਅ ਕਰੇਗੀ।

ਬਾਜਵਾ ਨੇ ਕਿਹਾ ਕਿ ਇਸ ਮੁਹਿੰਮ ਦੀ ਸ਼ੁਰੂਆਤ ਮੋਹਾਲੀ ਤੋਂ ਹੋਣਾ ਬਹੁਤ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ 2027 ਵਿੱਚ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਾਉਣ ਦਾ ਆਗਾਜ਼ ਵੀ ਮੋਹਾਲੀ ਹਲਕੇ ਦੀ ਜਿੱਤ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦੇ ਨਾਂ ‘ਤੇ ਕੀਤੇ ਗਏ ਝੂਠੇ ਵਾਅਦਿਆਂ ਦਾ ਜਵਾਬ ਮੰਗ ਰਹੇ ਹਨ ਅਤੇ ਕਾਂਗਰਸ ਪਾਰਟੀ ਲੋਕਾਂ ਦੀ ਇਸ ਆਵਾਜ਼ ਨੂੰ ਬੁਲੰਦ ਕਰੇਗੀ।

ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਦੌਰਾਨ ਮੋਹਾਲੀ ਦੇ ਮੌਜੂਦਾ ਵਿਧਾਇਕ ਕੁਲਵੰਤ ਸਿੰਘ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਹਲਕੇ ਵਿੱਚ ਸਿਆਸੀ ਧੱਕੇਸ਼ਾਹੀ ਅਤੇ ਗੁੰਡਾਗਰਦੀ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਵਿਰੋਧੀ ਵਿਚਾਰ ਰੱਖਣ ਵਾਲੇ ਲੋਕਾਂ ਅਤੇ ਕਾਂਗਰਸੀ ਵਰਕਰਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਖ਼ਿਲਾਫ਼ ਨਾਜਾਇਜ਼ ਪਰਚੇ ਦਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਸ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ, ਪਰ ਮੋਹਾਲੀ ਵਿੱਚ ਸੱਤਾ ਦੇ ਨਸ਼ੇ ਵਿੱਚ ਲੋਕਾਂ ਨੂੰ ਡਰਾਉਣ ਅਤੇ ਦਬਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।

ਸਿੱਧੂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਨਿਰਪੱਖਤਾ ‘ਤੇ ਵੀ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸਿਆਸੀ ਦਬਾਅ ਹੇਠ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ ਅਤੇ ਕਾਨੂੰਨ ਦੀ ਵਰਤੋਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ ਅਤੇ ਪੁਲਿਸ ਨੂੰ ਸਿਆਸੀ ਇਸ਼ਾਰਿਆਂ ਦੀ ਬਜਾਏ ਸੰਵਿਧਾਨ ਅਤੇ ਕਾਨੂੰਨ ਅਨੁਸਾਰ ਕੰਮ ਕਰਨਾ ਚਾਹੀਦਾ ਹੈ।

ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ “ਪੰਜਾਬ ਮੰਗਦਾ ਇਨਸਾਫ਼” ਮੁਹਿੰਮ ਰਾਹੀਂ ਮੋਹਾਲੀ ਤੋਂ ਇੱਕ ਨਵੀਂ ਲੜਾਈ ਦਾ ਆਗਾਜ਼ ਹੋ ਚੁੱਕਾ ਹੈ। ਕਾਂਗਰਸ ਪਾਰਟੀ ਸਿਰਫ਼ ਬਿਆਨਬਾਜ਼ੀ ਤੱਕ ਸੀਮਤ ਨਹੀਂ ਰਹੇਗੀ, ਸਗੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੇਗੀ ਅਤੇ ਹਰ ਧੱਕੇਸ਼ਾਹੀ ਵਿਰੁੱਧ ਡਟ ਕੇ ਖੜ੍ਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਦਾ ਜਵਾਬ ਦੇਣਾ ਪਵੇਗਾ। ਲੋਕਾਂ ਦੀ ਲੁੱਟ, ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਸਿਆਸੀ ਬਦਲਾਖੋਰੀ ਦਾ ਹਿਸਾਬ ਲਿਆ ਜਾਵੇਗਾ। 2027 ਵਿੱਚ ਕਾਂਗਰਸ ਦੀ ਸਰਕਾਰ ਬਣਨ ‘ਤੇ ਲੋਕਾਂ ਨੂੰ ਇਨਸਾਫ਼, ਸੁਰੱਖਿਆ ਅਤੇ ਜਵਾਬਦੇਹ ਸ਼ਾਸਨ ਦੇਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾਵੇਗਾ।

ਅੰਤ ਵਿੱਚ ਸ. ਬਲਬੀਰ ਸਿੰਘ ਸਿੱਧੂ ਨੇ ਮੀਟਿੰਗ ਵਿੱਚ ਪਹੁੰਚੇ ਸਮੂਹ ਸੀਨੀਅਰ ਆਗੂਆਂ, ਵਿਧਾਇਕਾਂ, ਪਾਰਟੀ ਅਹੁਦੇਦਾਰਾਂ, ਪੰਚਾਂ-ਸਰਪੰਚਾਂ, ਕੌਂਸਲਰਾਂ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਭਰਵਾਂ ਹੁੰਗਾਰਾ ਅਤੇ ਸਹਿਯੋਗ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਵੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਸਾਰੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਇਸ ਸੰਘਰਸ਼ ਨੂੰ ਹਰ ਪਿੰਡ ਅਤੇ ਹਰ ਸ਼ਹਿਰ ਤੱਕ ਲੈ ਕੇ ਜਾਣਗੇ।

ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸਾਬਕਾ ਮਾਰਕਿਟ ਕਮੇਟੀ ਚੇਅਰਮੈਨ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਜੀ ਨੇ ਨਿਭਾਈ। ਇਸ ਦੌਰਾਨ ਸਾਬਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਵਿਧਾਇਕ ਸ. ਬਰਿੰਦਰਮੀਤ ਸਿੰਘ ਪਾਹੜਾ, ਬਰਨਾਲਾ ਤੋਂ ਵਿਧਾਇਕ ਸ. ਕਾਲਾ ਢਿੱਲੋਂ, ਵਿਧਾਇਕ ਸ. ਸੁਖਵਿੰਦਰ ਸਿੰਘ ਕੋਟਲੀ, ਸਾਬਕਾ ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ, ਹਲਕਾ ਖਰੜ ਇੰਚਾਰਜ ਵਿਜੇ ਸ਼ਰਮਾ ਟਿੰਕੂ, ਸ. ਦੀਪਿੰਦਰ ਸਿੰਘ ਢਿੱਲੋਂ, ਸ੍ਰੀਮਤੀ ਬਲਜੀਤ ਕੌਰ, ਸ. ਰਣਜੀਤ ਸਿੰਘ ਜੀਤੀ ਪਡਿਆਲਾ, ਸ. ਬਲਵਿੰਦਰ ਸਿੰਘ ਲਾਡੀ ਅਤੇ ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ, ਅਹੁਦੇਦਾਰਾਂ, ਪੰਚਾਂ-ਸਰਪੰਚਾਂ, ਕੌਂਸਲਰਾਂ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਿਰਕਤ ਕੀਤੀ।

Leave a Reply

Your email address will not be published. Required fields are marked *