
ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ 3 ਸਰਕਾਰੀ ਸਕੂਲਾਂ ਵਿੱਚ 19.4 ਲੱਖ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫਲਤਾ ਲਈ ਲੋਕਾਂ ਤੋਂ ਸਹਿਯੋਗ ਮੰਗਿਆ
ਬਸੀ ਪਠਾਣਾ/ਫਤਹਿਗੜ੍ਹ ਸਾਹਿਬ, 21 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਰਾਜ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਵਿੱਚ ਵੱਡੀ ਪੱਧਰ ‘ਤੇ ਬਦਲਾਅ ਹੋਇਆ ਹੈ ਅਤੇ ’ਪੰਜਾਬ ਸਿੱਖਿਆ ਕ੍ਰਾਂਤੀ‘ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ। ਇਹ ਜਾਣਕਾਰੀ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ 3 ਸਰਕਾਰੀ ਸਕੂਲਾਂ ਵਿੱਚ 19.4 ਲੱਖ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮਗਰੋਂ ਦਿੱਤੀ।
ਵਿਧਾਇਕ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਵਿਧਾਇਕ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੋਰ ਵਿਖੇ 10.25 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਫਰੋਰ ਵਿਖੇ 5.09 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਕਲਾਂ ਵਿਖੇ 4.06 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ ਲੋਕ ਅਰਪਿਤ ਕੀਤੇ।
ਇਸੇ ਦੌਰਾਨ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਸ਼ਿਕਾਰ ਹੋਏ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ।