ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ ‘ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ ‘ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ’ ਦੀ ਸਥਾਪਨਾ ਵੱਲ ਇੱਕ ਨਿਰਣਾਇਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਗੁਰੂ ਰਵੀਦਾਸ ਜੀ ਦੀ ਵਿਰਾਸਤ ਦੇ ਸਤਿਕਾਰ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਕਬਜ਼ਾ ਲੈਣ ਦੀ ਇਹ ਸਾਰੀ ਪ੍ਰਕਿਰਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮ, ਵਿਧਾਇਕ ਬਲਕਾਰ ਸਿੰਘ, ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਮੁਕੰਮਲ ਕੀਤੀ ਗਈ।

ਇਸ ਮੌਕੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਅਤਿ-ਆਧੁਨਿਕ ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਦੀ ਉਸਾਰੀ ਲਈ 10.50 ਏਕੜ ਜ਼ਮੀਨ ਦਾ ਕਬਜ਼ਾ ਹਾਸਲ ਕਰ ਲਿਆ ਹੈ। ਇਸ ਜ਼ਮੀਨ ਦੀ ਵਰਤੋਂ ਹੁਣ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ਵ ਪੱਧਰੀ ਸੰਸਥਾ ਬਣਾਉਣ ਲਈ ਕੀਤੀ ਜਾਵੇਗੀ।”

ਉਨ੍ਹਾਂ ਅੱਗੇ ਐਲਾਨ ਕੀਤਾ, “ਪੰਜਾਬ ਸਰਕਾਰ ਇਸ ਜਗ੍ਹਾ ਤੋਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਸ਼ਿਫਟ ਕਰਨ ਲਈ 55 ਲੱਖ ਰੁਪਏ ਦਾ ਖਰਚਾ ਸਹਿਣ ਕਰੇਗੀ ਤਾਂ ਜੋ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਸੁਚਾਰੂ ਢੰਗ ਨਾਲ ਚੱਲ ਸਕੇ।”

ਵਿੱਤ ਮੰਤਰੀ ਨੇ ਦੱਸਿਆ, “ਜ਼ਮੀਨ ਦੀ ਰਜਿਸਟਰੀ ਪਹਿਲਾਂ ਹੀ ਹੋ ਚੁੱਕੀ ਸੀ ਅਤੇ ਹੁਣ ਕਬਜ਼ਾ ਮਿਲਣ ਨਾਲ ਇਹ ਪ੍ਰੋਜੈਕਟ ਲਾਗੂ ਹੋਣ ਦੇ ਅਹਿਮ ਪੜਾਅ ਵਿੱਚ ਦਾਖਲ ਹੋ ਗਿਆ ਹੈ। ਇਸ ਕੇਂਦਰ ਦਾ ਡਿਜ਼ਾਈਨ ਅਤੇ ਲੇਆਉਟ ਪਲਾਨ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਸਲਾਹ ਨਾਲ ਮਾਹਿਰਾਂ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ। ਜਲਦੀ ਹੀ ਟੈਂਡਰ ਕੱਢੇ ਜਾਣਗੇ ਤਾਂ ਜੋ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਹੋ ਸਕੇ।”

ਭਗਵੰਤ ਮਾਨ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸ੍ਰੀ ਗੁਰੂ1 ਰਵੀਦਾਸ ਬਾਣੀ ਅਧਿਐਨ ਕੇਂਦਰ ਦੁਨੀਆ ਭਰ ਵਿੱਚ ਗੁਰੂ ਰਵੀਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਫੈਲਾਉਣ ਵਾਲੇ ਵਿਦਵਾਨਾਂ ਨੂੰ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਸਰਕਾਰ ਗੁਰੂ ਜੀ ਦੀ ਅਧਿਆਤਮਿਕ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਦ੍ਰਿੜ ਹੈ।”

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵੀਦਾਸ ਜੀ ਦੀ ਵਿਰਾਸਤ ਨੂੰ ਸਤਿਕਾਰ ਦੇਣ ਅਤੇ ਗੁਰੂ ਜੀ ਵੱਲੋਂ ਦਰਸਾਈ ਫਿਰਕੂ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਸਮਾਗਮ ਕਰਵਾਏ ਜਾਣਗੇ।”

ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਨੇ ਇਸ ਪ੍ਰੋਜੈਕਟ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਅਤੇ ਸੰਗਤਾਂ ਦੀ ਚਿਰੋਕਣੀ ਮੰਗ ਨੂੰ ਇਮਾਨਦਾਰੀ ਤੇ ਤੇਜ਼ੀ ਨਾਲ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਬਾਅਦ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਇਕ ਬਲਕਾਰ ਸਿੰਘ, ਚੇਅਰਮੈਨ ਪਵਨ ਟੀਨੂੰ, ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਅਤੇ ਰਾਜਵਿੰਦਰ ਕੌਰ ਥਿਆੜਾ ਸਮੇਤ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਆਸ਼ੀਰਵਾਦ ਲਿਆ।

Leave a Reply

Your email address will not be published. Required fields are marked *