ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਇਸ ਵੱਕਾਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕੁੱਲ 10 ਵਿਦਿਆਰਥੀਆਂ- ਊਸ਼ਾ ਰਾਣੀ, ਮਹਿਕਦੀਪ ਕੌਰ, ਪਿੰਕੀ ਕੌਰ, ਅਰਸ਼ਦੀਪ ਕੌਰ, ਬਿਮਨਦੀਪ ਕੌਰ, ਪ੍ਰੀਤਜੋਤ ਕੌਰ, ਬਲਜਿੰਦਰ ਕੌਰ, ਵੀਰਪਾਲ ਕੌਰ, ਸੁਨੀਤਾ ਕੌਰ ਅਤੇ ਸਹਿਜਦੀਪ ਕੌਰ- ਨੂੰ ਰਾਸ਼ਟਰਪਤੀ ਨਾਲ ਗੱਲਬਾਤ ਕਰਨ, ਭਾਰਤ ਦੇ ਅਮੀਰ ਸੱਭਿਆਚਾਰਕ ਵਿਰਸੇ ਦੇ ਰੰਗ ਵਿੱਚ ਰੰਗੇ ਜਾਣ ਅਤੇ ਅਭੁੱਲ ਯਾਦਾਂ ਸਿਰਜਣ ਦਾ ਸੁਭਾਗ ਪ੍ਰਾਪਤ ਹੋਇਆ।

ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਭਵਨ ਵਿਖੇ ਰੱਖੜੀ, ਜੋ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਹੈ, ਦੇ ਜਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਇਨ੍ਹਾਂ ਵਿਦਿਆਰਥੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਸੱਭਿਆਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕੀਤਾ।

ਜ਼ਿਕਰਯੋਗ ਹੈ ਕਿ ਰੱਖੜੀ ਦੇ ਤਿਉਹਾਰ ਮੌਕੇ ਦੇਸ਼ ਭਰ ਤੋਂ ਆਏ ਵਿਦਿਆਰਥੀਆਂ ਨਾਲ ਮਿਲ ਕੇ ਇਹਨਾਂ ਵਿਦਿਆਰਥੀਆਂ ਨੇ ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀ ਨੁਮਾਇੰਦਗੀ ਕੀਤੀ। ਇਸ ਸਮਾਗਮ ਨੇ ਦੇਸ਼ ਦੀ ਅਮੀਰ ਸੱਭਿਆਚਾਰਕ ਵਿਭਿੰਨਤਾ ਅਤੇ ਏਕਤਾ ਦੀ ਭਾਵਨਾ ਨੂੰ ਉਜਾਗਰ ਕੀਤਾ ਜੋ ਇਸਦੇ ਲੋਕਾਂ ਨੂੰ ਆਪਸ ਵਿੱਚ ਜੋੜ ਕੇ ਰੱਖਦੀ ਹੈ।

Leave a Reply

Your email address will not be published. Required fields are marked *