Skip to content
- ਵਾਰਡ ਨੰਬਰ 03 ਦੇ ਵਸਨੀਕਾਂ ਦੀ ਸਹੂਲਤ ਲਈ ਲਗਾਇਆ ਜਾਵੇਗਾ ਨਵਾਂ ਟਿਊਬਵੈਲ
ਮੰਡੀ ਗੋਬਿੰਦਗੜ੍ਹ/ਫ਼ਤਹਿਗੜ੍ਹ ਸਾਹਿਬ, 12 ਮਾਰਚ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਦੇ ਚੱਲਦਿਆਂ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕੀਤਾ। ਉਨ੍ਹਾਂ ਦੱਸਿਆ ਕਿ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 03 ਦੇ ਨਿਵਾਸੀਆਂ ਦੀ ਪਾਣੀ ਨਾਲ ਸਬੰਧਤ ਮੁਸ਼ਕਲ ਦੇ ਹੱਲ ਲਈ ਨਗਰ ਕੌਂਸਲ ਦੀ ਫੌਰੀ ਮੀਟਿੰਗ ਬੁਲਾ ਕੇ ਨਵਾਂ ਟਿਊਬਵੈਲ ਲਗਾਉਣ ਨੂੰ ਮਨਜੂਰੀ ਦੇ ਦਿੱਤੀ ਗਈ ਹੈ ਤੇ ਛੇਤੀ ਹੀ ਇਸ ਵਾਰਡ ਵਿੱਚ ਨਵਾਂ ਟਿਊਬਵੈਲ ਲਗਾ ਕੇ ਲੋਕਾਂ ਦੀ ਮੁਸ਼ਕਲ ਦਾ ਹੱਲ ਕਰ ਦਿੱਤਾ ਜਾਵੇਗਾ।
ਵਿਧਾਇਕ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਸਮੇਤ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਦੇਰੀ ਨਾ ਕੀਤੀ ਜਾਵੇ।
ਮੰਡੀ ਗੋਬਿੰਦਗੜ੍ਹ ਦੇ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ਨੇ ਦੱਸਿਆ ਕਿ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 03 ਵਿੱਚ ਪੈਂਦੀ ਨਿਊ ਸ਼ਾਸ਼ਤਰੀ ਨਗਰ ਕਲੌਨੀ ਵਿੱਚ ਪਹਿਲਾਂ ਲੱਗਿਆ ਹੋਇਆ ਟਿਊਬਵੈਲ ਤਕਨੀਕੀ ਕਾਰਨਾਂ ਕਰਕੇ ਖਰਾਬ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਪਾਣੀ ਸਬੰਧੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਵਾਰਡ ਦੇ ਲੋਕਾਂ ਨੂੰ ਨੇੜਲੀਆਂ ਕਲੌਨੀਆਂ ਤੇ ਵਾਰਡਾਂ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਆਉਂਦੇ ਕੁਝ ਦਿਨਾਂ ਵਿੱਚ ਜਲ ਸਪਲਾਈ ਤੇ ਸੀਵਰੇਜ ਬੋਰਡ ਵੱਲੋਂ ਕਲੌਨੀ ਵਿੱਚ ਨਵਾਂ ਟਿਊਬਵੈਲ ਲਗਾਉਣ ਨਾਲ ਲੋਕਾਂ ਦੀ ਪਾਣੀ ਸਬੰਧੀ ਸਮੱਸਿਆ ਦਾ ਮੁਕੰਮਲ ਤੌਰ ਤੇ ਖਾਤਮਾ ਹੋ ਜਾਵੇਗਾ।
ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਦੁਰਵਰਤੋਂ ਨਾ ਕੀਤੀ ਜਾਵੇ ਅਤੇ ਸਰਕਾਰੀ ਤੌਰ ਤੇ ਲੱਗੀਆਂ ਪਾਣੀ ਦੀਆਂ ਟੂਟੀਆਂ ਨੂੰ ਬਿਨਾਂ ਕੰਮ ਤੋਂ ਚੱਲਦਾ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਮਨੁੱਖੀ ਜੀਵਨ ਲਈ ਬਹੁਤ ਜਰੂਰੀ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ।
Related