ਪੰਜਾਬ ਸਰਕਾਰ ਨੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੀਤੇ ਇਤਿਹਾਸਕ ਫੈਸਲੇ-ਵਿਧਾਇਕ ਹੈਪੀ

*ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਸ਼ਲਾਘਾਯੋਗ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਹੋਵੇਗਾ ਸਨਮਾਨ-ਡਿਪਟੀ ਕਮਿਸ਼ਨਰ
*ਵਿਧਾਇਕ ਰੁਪਿੰਦਰ ਸਿੰਘ ਹੈਪੀ ਤੇ ਡੀ.ਸੀ. ਡਾ: ਸੋਨ ਥਿੰਦ ਨੇ ਬਸੀ ਪਠਾਣਾ ਵਿਖੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਲਈ ਜਾਗਰੂਕਤਾ ਵੈਨ ਕੀਤੀ ਰਵਾਨਾ


ਫਤਹਿਗੜ੍ਹ ਸਾਹਿਬ, 20 ਮਾਰਚ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਇਤਿਹਾਸਕ ਫੈਸਲੇ ਕੀਤੇ ਗਏ ਹਨ ਜਿਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਦੇ ਦਾਖਲੇ ਵਿੱਚ ਵੱਡੇ ਪੱਧਰ ਤੇ ਇਜ਼ਾਫਾ ਹੋ ਰਿਹਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਬਸੀ ਪਠਾਣਾ -3 ਤੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਦਾਖਲਾ ਵਧਾਉਣ ਲਈ ਜਾਗਰੂਕਤਾ ਵੈਨ ਨੂੰ ਰਵਾਨਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਵਧੀਆ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਤੇ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਸਾਜੋ ਸਮਾਨ ਤੇ ਤਕਨੀਕਾਂ ਨਾਲ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ।


ਵਿਧਾਇਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਾਰਨ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਭੇਜਣ ਲਈ ਮਜਬੂਰ ਸਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਰਕਾਰੀ ਸਕੂਲਾਂ ਦੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਗਈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ

ਬਣਾਉਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਜਿਥੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਗਾਪੁਰ ਵਰਗੇ ਦੇਸ਼ਾਂ ਵਿੱਚ ਟਰੇਨਿੰਗ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਹਾਸਲ ਹੋ ਸਕੇ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਉਣ।


ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਯਤਨਾ ਸਦਕਾ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਆਧੁਨਿਕ ਤਕਨੀਕਾਂ ਨਾਲ ਪੜਾਇਆ ਜਾ ਰਿਹਾ ਹੈ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਤੇ ਵਰਦੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਵਧੀਆ ਮੱਲ੍ਹਾਂ ਮਾਰ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਆਧੁਨਿਕ ਢੰਗ ਤਰੀਕਿਆਂ ਨਾਲ ਪੜ੍ਹਾਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਉਚ ਅਹੁਦਿਆਂ ਤੇ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਇਸ ਦਾਖਲਾ ਮੁਹਿੰਮ ਵਿੱਚ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਅਧਿਆਪਕਾਂ ਦਾ ਜ਼ਿਲ੍ਹਾ ਪੱਧਰ ਤੇ ਸਨਮਾਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਤਾਂ ਜੋ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਬਿਹਤਰ ਹੋ ਸਕੇ। ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਤੇ ਹੋਰ ਗਤੀਵਿਧੀਆਂ ਲਈ ਵੀ ਉਤਸਾਹਤ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਦਾ ਚੋਹਤਰਫਾ ਵਿਕਾਸ ਹੋ ਸਕੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੁਸ਼ੀਲ ਨਾਥ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਹਰਬੰਸ ਸਿੰਘ, ਬੀ.ਐਨ.ਓ. ਕਰਮਜੀਤ ਸਿੰਘ, ਜਗਤਾਰ ਸਿੰਘ ਮਨੈਲਾ, ਅਮਨ ਮੱਟੂ ਤੋਂ ਇਲਾਵਾ ਸਕੂਲ ਮੁਖੀ ਤੇ ਵਿਦਿਆਰਥੀਆਂ ਦੇ ਮਾਪੇ ਹਾਜਰ ਸਨ।

Leave a Reply

Your email address will not be published. Required fields are marked *