ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨ ਲਗਾਤਾਰ ਸਾਰਥਕ ਨਤੀਜੇ ਦੇ ਰਹੇ ਹਨ। ਅਪ੍ਰੈਲ 2026 ਦੌਰਾਨ ਰਾਜ ਭਰ ਵਿੱਚ ਸਮੇਂ ਸਿਰ ਦਖ਼ਲਅੰਦਾਜ਼ੀ ਕਰਦਿਆਂ 15 ਬਾਲ ਵਿਆਹਾਂ ਨੂੰ ਰੋਕਿਆ ਗਿਆ, ਜਿਸ ਨਾਲ ਕਈ ਬੱਚਿਆਂ ਦਾ ਬਚਪਨ, ਸਿੱਖਿਆ ਅਤੇ ਭਵਿੱਖ ਸੁਰੱਖਿਅਤ ਬਣਾਇਆ ਜਾ ਸਕਿਆ।

ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਸਿਰਫ਼ ਕਾਨੂੰਨੀ ਅਪਰਾਧ ਹੀ ਨਹੀਂ, ਸਗੋਂ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ‘ਤੇ ਗੰਭੀਰ ਪ੍ਰਹਾਰ ਹੈ। ਉਨ੍ਹਾਂ ਕਿਹਾ ਕਿ ਰੋਕਿਆ ਗਿਆ ਹਰ ਬਾਲ ਵਿਆਹ ਇੱਕ ਬੱਚੇ ਦੇ ਬਚਪਨ ਦੀ ਰੱਖਿਆ, ਉਸਦੀ ਸਿੱਖਿਆ ਦੀ ਸੁਰੱਖਿਆ ਅਤੇ ਉਸਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਣ ਦੇ ਬਰਾਬਰ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਬੱਚੇ ਦਾ ਸਥਾਨ ਵਿਆਹ ਦੇ ਮੰਡਪ ਵਿੱਚ ਨਹੀਂ, ਸਗੋਂ ਸਕੂਲ ਵਿੱਚ ਹੈ। ਪੰਜਾਬ ਸਰਕਾਰ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਗੁਣਵੱਤਾ ਭਰਪੂਰ ਸਿੱਖਿਆ ਅਤੇ ਬਿਹਤਰ ਭਵਿੱਖ ਦਾ ਮੌਕਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਬਾਲ ਵਿਆਹ ਦੀ ਰੋਕਥਾਮ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਅਪ੍ਰੈਲ ਮਹੀਨੇ ਦੌਰਾਨ ਸੂਬੇ ਭਰ ਵਿੱਚ 3000 ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਸਕੂਲਾਂ, ਪਿੰਡਾਂ, ਆਂਗਣਵਾੜੀ ਕੇਂਦਰਾਂ ਅਤੇ ਵੱਖ-ਵੱਖ ਭਾਈਚਾਰਿਆਂ ਵਿੱਚ ਕਰਵਾਏ ਗਏ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਮਾਪਿਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਨੁਕਸਾਨਾਂ ਅਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ।

ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟਾ, ਚਾਈਲਡ ਵੈਲਫੇਅਰ ਕਮੇਟੀਆਂ, ਸਥਾਨਕ ਪ੍ਰਸ਼ਾਸਨ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਸ਼ੋਸ਼ਣ, ਬਾਲ ਮਜ਼ਦੂਰੀ ਜਾਂ ਬੱਚਿਆਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਮਾਮਲੇ ਦੀ ਸੂਚਨਾ ਚਾਈਲਡ ਹੈਲਪਲਾਈਨ 1098 ‘ਤੇ ਦਿੱਤੀ ਜਾ ਸਕਦੀ ਹੈ, ਜਿਸ ਉਪਰੰਤ ਤੁਰੰਤ ਦਖ਼ਲਅੰਦਾਜ਼ੀ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਂਦੀ ਹੈ। ਸ਼ੱਕੀ ਮਾਮਲਿਆਂ ਵਿੱਚ ਸਮੇਂ ਸਿਰ ਕਾਰਵਾਈ ਕਰਕੇ ਬੱਚਿਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਕੀਤੀ ਜਾਂਦੀ ਹੈ।

ਡਾ. ਬਲਜੀਤ ਕੌਰ ਨੇ ਲੋਕਾਂ, ਪੰਚਾਇਤੀ ਰਾਜ ਸੰਸਥਾਵਾਂ, ਅਧਿਆਪਕਾਂ, ਧਾਰਮਿਕ ਅਤੇ ਸਮਾਜਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਬਾਲ ਵਿਆਹ ਖ਼ਿਲਾਫ਼ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਸ਼ੱਕੀ ਮਾਮਲੇ ਦੀ ਤੁਰੰਤ ਸੂਚਨਾ ਦੇਣ, ਤਾਂ ਜੋ ਸਮੇਂ ਸਿਰ ਦਖ਼ਲਅੰਦਾਜ਼ੀ ਕਰਕੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਜਾਗਰੂਕਤਾ, ਲੋਕ ਭਾਗੀਦਾਰੀ ਅਤੇ ਕਾਨੂੰਨਾਂ ਦੀ ਪ੍ਰਭਾਵਸ਼ਾਲੀ ਲਾਗੂਕਰਨ ਦੇ ਸਦਕਾ ਪੰਜਾਬ ਬਾਲ ਵਿਆਹ ਦੇ ਮੁਕੰਮਲ ਖ਼ਾਤਮੇ ਅਤੇ ਬੱਚਿਆਂ ਲਈ ਸੁਰੱਖਿਅਤ, ਸਨਮਾਨਜਨਕ ਅਤੇ ਮੌਕਿਆਂ ਭਰੇ ਸਮਾਜ ਦੀ ਸਿਰਜਣਾ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

Leave a Reply

Your email address will not be published. Required fields are marked *