ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।

ਮੀਟਿੰਗ ਦੇ ਏਜੰਡੇ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਮਿਡ-ਡੇ ਮੀਲ (ਪ੍ਰਧਾਨ ਮੰਤਰੀ ਪੋਸ਼ਣ ਯੋਜਨਾ) ਦੇ ਸੋਸ਼ਲ ਆਡਿਟ ‘ਤੇ ਵਿਸਤ੍ਰਿਤ ਚਰਚਾ ਸ਼ਾਮਿਲ ਸੀ। ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਵਿੱਚ ਅਮਲ ‘ਚ ਲਿਆਂਦੇ ਜਾਣ ਵਾਲੇ ਨਵੇਂ ਸਟੱਡੀ ਪ੍ਰੋਜੈਕਟਾਂ ਸਬੰਧੀ ਪ੍ਰਸਤਾਵਾਂ ਦੀ ਸਮੀਖਿਆ ਵੀ ਕੀਤੀ ਗਈ।

ਇਸ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਂਗਣਵਾੜੀ ਕੇਂਦਰਾਂ ਨੂੰ ਹੋਏ ਨੁਕਸਾਨ ਬਾਰੇ ਰਿਪੋਰਟਾਂ ਜਮ੍ਹਾਂ ਕਰਾਉਣ ਲਈ ਕਿਹਾ ਗਿਆ। ਇਸੇ ਦੇ ਨਾਲ ਹੀ ਸਰਕਾਰੀ ਸਕੂਲ ਦੇ ਮਿਡ-ਡੇ ਮੀਲ ਪ੍ਰਬੰਧਕਾਂ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਸਕੂਲਾਂ ਦੀ ਸਥਿਤੀ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਵੀ ਕਿਹਾ ਗਿਆ।

ਇਸ ਤੋਂ ਇਲਾਵਾ ਸਿੱਖਿਆ ਵਿਭਾਗ ਨੂੰ ਸਕੂਲ ਸਿਹਤ ਪ੍ਰੋਗਰਾਮ ਦਾ ਢੁਕਵਾਂ ਅਧਿਐਨ ਕਰਨ ਦੀ ਬੇਨਤੀ ਕੀਤੀ ਗਈ। ਇਸਦੇ ਨਾਲ ਹੀ ਕਮਿਸ਼ਨ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਤਰਜੀਹ ਦੇਣ ਅਤੇ ਕਣਕ ਦੇ ਬੀਜ, ਡੀਏਪੀ, ਯੂਰੀਆ ਅਤੇ ਹੋਰ ਮਹੱਤਵਪੂਰਨ ਸਮੱਗਰੀ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਸਬੰਧੀ ਖੇਤੀਬਾੜੀ ਵਿਭਾਗ ਨੂੰ ਪੱਤਰ ਲਿਖਣ ਦਾ ਫੈਸਲਾ ਕੀਤਾ।

ਮੀਟਿੰਗ ਵਿੱਚ 19 ਤੋਂ 21 ਅਗਸਤ, 2025 ਤੱਕ ਕੀਤੇ ਗਏ ਤੇਲੰਗਾਨਾ ਰਾਜ ਖੁਰਾਕ ਕਮਿਸ਼ਨ ਦੇ ਅਧਿਐਨ ਦੌਰੇ ਦੀ ਰਿਪੋਰਟ ਵੀ ਪੇਸ਼ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਪੋਸ਼ਣ ਅਤੇ ਨਿਗਰਾਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਤੇਲੰਗਾਨਾ ਵਿੱਚ ਅਪਣਾਏ ਜਾ ਰਹੇ ਕੁਝ ਬਿਹਤਰੀ ਅਭਿਆਸਾਂ ਨੂੰ ਅਪਣਾਉਣ ਬਾਰੇ ਸੁਝਾਅ ਦਿੱਤੇ ਗਏ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ, ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਸ਼੍ਰੀ ਜਸਵੀਰ ਸਿੰਘ ਸੇਖੋਂ ਅਤੇ ਮੈਂਬਰ ਸਕੱਤਰ ਸ਼੍ਰੀਮਤੀ ਕਨੂੰ ਥਿੰਦ ਸ਼ਾਮਿਲ ਸਨ।

Leave a Reply

Your email address will not be published. Required fields are marked *