ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਹੇਠ, ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਜੂਡੀਸ਼ੀਅਲ ਕੋਰਟ ਕੰਪਲੈਕਸ, ਫਾਜ਼ਿਲਕਾ ਵਿੱਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਸਮਾਗਮ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਗਈ ਕੈਮਪੇਨ ਮਿਸ਼ਨ ਰਕਸ਼ਾ ਬੰਧਨ ਦੇ ਤਹਿਤ ਆਯੋਜਿਤ ਕੀਤਾ ਗਿਆ। ਇਸ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੀਆਂ ਉਹ ਮਹਿਲਾਵਾਂ ਜਿਨ੍ਹਾਂ ਨੇ ਘਰੇਲੂ ਹਿੰਸਾ, ਜਾਇਦਾਦ ਅਧਿਕਾਰਾਂ ਅਤੇ ਕੰਮਕਾਜ ਦੀ ਥਾਂ ‘ਤੇ ਹੋਏ ਉਤਪੀੜਨ ਵਰਗੀਆਂ ਕਾਨੂੰਨੀ ਲੜਾਈਆਂ ਹਿੰਮਤ ਨਾਲ ਲੜੀਆਂ ਅਤੇ ਨਿਆਂ ਪ੍ਰਾਪਤ ਕੀਤਾ, ਉਨ੍ਹਾਂ ਨੂੰ ਸਨਮਾਨ ਪੱਤਰ ਪ੍ਰਦਾਨ ਕੀਤੇ ਗਏ।
ਇਸ ਮੌਕੇ ਮੈਡਮ ਰੂਚੀ ਸਵਪਨ ਸ਼ਰਮਾ ਨੇ ਕਿਹਾ ਕਿ ਇਹ ਮਹਿਲਾਵਾਂ ਸਾਰੀਆਂ ਹੋਰ ਪੀੜਤ ਮਹਿਲਾਵਾਂ ਲਈ ਪ੍ਰੇਰਨਾ ਦਾ ਸਰੋਤ ਹਨ। ਉਹਨਾਂ ਨੇ ਜ਼ੋਰ ਦਿੱਤਾ ਕਿ ਹਰ ਪੀੜਿਤ ਮਹਿਲਾ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਬਿਨਾਂ ਕਿਸੇ ਡਰ ਦੇ ਨਿਆਂ ਪ੍ਰਾਪਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਉਹਨਾਂ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਮਹਿਲਾ ਘਰੇਲੂ ਹਿੰਸਾ ਜਾਂ ਕੰਮਕਾਜ ਦੀ ਥਾਂ ‘ਤੇ ਲਿੰਗ ਉਤਪੀੜਨ ਦਾ ਸ਼ਿਕਾਰ ਹੈ ਜਾਂ ਆਪਣੇ ਕਾਨੂੰਨੀ ਅਧਿਕਾਰਾਂ ਲਈ ਲੜ ਰਹੀ ਹੈ ਤਾਂ ਉਹ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੀ ਹੈ। ਇਸ ਲਈ ਟੋਲ-ਫ੍ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਨੰਬਰ 01638-261500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਮੈਡਮ ਰੂਚੀ ਸਵਪਨ ਸ਼ਰਮਾ ਨੇ ਸਾਰੇ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਮਹਿਲਾਵਾਂ ਦੇ ਅਧਿਕਾਰਾਂ ਲਈ ਜਾਗਰੂਕਤਾ ਫੈਲਾਉਣ ਅਤੇ ਪੀੜਤਾਂ ਨੂੰ ਕਾਨੂੰਨੀ ਸਹਾਇਤਾ ਲੈਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ।