ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਤਿੰਦਰ ਮਸੀਹ ਗੌਰਵ 27 ਜੁਲਾਈ ਨੂੰ ਵੱਖ-ਵੱਖ ਵਿਭਾਗਾਂ ਨਾਲ ਕਰਨਗੇ ਸਮੀਖਿਆ ਮੀਟਿੰਗ

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਤਿੰਦਰ ਮਸੀਹ ਗੌਰਵ 27 ਜੁਲਾਈ ਨੂੰ ਦੁਪਹਿਰ 12 ਵਜੇ ਬੱਚਤ ਭਵਨ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਕਰਨਗੇ। ਇਸ ਸਬੰਧੀ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਮੁਕਲ ਬਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਘੱਟ ਗਿਣਤੀ ਵਰਗ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਵਿਕਾਸ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਕਾਲਰਸ਼ਿਪ ਯੋਜਨਾਵਾਂ, ਰੁਜ਼ਗਾਰ ਅਤੇ ਹੁਨਰ ਵਿਕਾਸ ਪ੍ਰੋਗਰਾਮਾਂ, ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ ਉਪਰਾਲਿਆਂ ਅਤੇ ਘੱਟ ਗਿਣਤੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਇਸ ਮੌਕੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ, ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਸ਼ਿਕਾਇਤ ਨਿਵਾਰਨ ਪ੍ਰਣਾਲੀ ਸਬੰਧੀ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਮਾਮਲਿਆਂ ਦਾ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਸਮੀਖਿਆ ਮੀਟਿੰਗ ਤੋਂ ਬਾਅਦ ਚੇਅਰਮੈਨ ਸ੍ਰੀ ਜਤਿੰਦਰ ਮਸੀਹ ਗੌਰਵ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦਿਆਂ ਅਤੇ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼) ਦੇ ਪ੍ਰਤੀਨਿਧੀਆਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੇ ਸੁਝਾਅ ਅਤੇ ਮੰਗਾਂ ਸੁਣਨਗੇ।

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੇ ਘੱਟ ਗਿਣਤੀ ਵਰਗ ਨਾਲ ਸਬੰਧਤ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਜਾਂ ਸ਼ਿਕਾਇਤਾਂ ਸਿੱਧੇ ਤੌਰ ‘ਤੇ ਚੇਅਰਮੈਨ, ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਧਿਆਨ ਵਿੱਚ ਲਿਆਉਣੀਆਂ ਹਨ ਤਾਂ ਉਹ ਇਸ ਮੀਟਿੰਗ ਵਿੱਚ ਹਾਜਰ ਹੋ ਕੇ ਆਪਣੀ ਸਮੱਸਿਆ ਦੱਸ ਸਕਦੇ ਹਨ।

Leave a Reply

Your email address will not be published. Required fields are marked *