ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਆਮ ਖਾਸ ਬਾਗ ਵਿਖੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਮਹਿਲਾਵਾਂ ਨੂੰ ਸਿਹਤ, ਸਫਾਈ ਤੇ ਰੋਜ਼ਗਾਰ ਬਾਰੇ ਜਾਣਕਾਰੀ ਦੇਣ ਲਈ ਆਯੋਜਿਤ ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰਦਿਆਂ ਔਰਤਾਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਆਪਣੇ ਅੰਦਰ ਛੁਪੀ ਪ੍ਰਤਿਭਾ ਦੀ ਪਛਾਣ ਕਰਕੇ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਵੀ ਪ੍ਰੇਰਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਔਰਤਾਂ ਨੇ ਆਪਣੀ ਮਿਹਨਤ, ਲਗਨ ਤੇ ਦ੍ਰਿੜ ਇਰਾਦੇ ਨਾਲ ਵੱਖ—ਵੱਖ ਖੇਤਰਾਂ ਵਿੱਚ ਬੁਲੰਦੀਆਂ ਹਾਸਲ ਕੀਤੀਆਂ ਹਨ ਅਤੇ ਆਪਣੀ ਵਿਸ਼ੇਸ਼ ਪਛਾਣ ਸਥਾਪਤ ਕੀਤੀ ਹੈ।

ਜਿ਼ਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਯੋਜਿਤ ਇਸ ਵਿਸ਼ੇ਼ਸ ਸਮਾਗਮ ਦੌਰਾਨ ਔਰਤ ਸਮੂਹਾਂ ਵੱਲੋਂ ਲਗਾਈਆਂ ਗਈਆਂ ਵਿਸ਼ੇ਼ਸ ਪ੍ਰਦਰਸ਼ਨੀਆਂ ਦਾ ਨਿਰੀਖਣ ਕਰਨ ਉਪਰੰਤ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾਵਾਂ *ਤੇ ਆਧਾਰਿਤ ਸੈਲਫ ਹੈਲਪ ਗਰੁੱਪ ਇਨ੍ਹਾਂ ਦੀ ਮਿਹਨਤ ਤੇ ਲਗਨ ਸਦਕਾ ਹੀ ਕਾਫ਼ੀ ਮਕਬੂਲ ਹੋ ਰਹੇ ਹਨ ਅਤੇ ਪਿੰਡਾਂ ਦੀਆਂ ਔਰਤਾਂ ਨੂੰ ਇਨ੍ਹਾਂ ਸਮੂਹਾਂ ਰਾਹੀਂ ਉਤਪਾਦ ਤਿਆਰ ਕਰਕੇ ਵੇਚੇ ਜਾ ਰਹੇ ਹਨ ਅਤੇ ਆਪਣੀ ਵਿੱਤੀ ਤੇ ਸਮਾਜਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਸਮਰੱਥ ਬਣ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਕਮਿਸ਼ਨ ਦੀ ਤਰਫੋਂ ਹੈਲਪਲਾਈਨ ਡੈਸਕ ਵੀ ਸਥਾਪਤ ਕੀਤਾ ਗਿਆ ਜਿਸ ਰਾਹੀਂ ਘਰੇਲੂ ਹਿੰਸਾ ਦਾ ਸਿ਼ਕਾਰ ਹੋਣ ਵਾਲੀਆਂ ਔਰਤਾਂ ਲਈ ਸਥਾਪਤ ਸਖੀ ਵਨ ਸਟਾਪ ਸੈਂਟਰ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਚੇਅਰਪਰਸਨ ਨੇ ਔਰਤਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਕਮਿਸ਼ਨ ਦੀ ਤਰਫੋਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ ਵੱਖ ਸੇਵਾਵਾਂ ਬਾਰੇ ਦੱਸਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਡਿਪਟੀ ਡਾਇਰੈਕਟਰ ਗੁਲਬਹਾਰ ਸਿੰਘ, ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਅਨੂਰਤਨ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
