ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪੁੱਜੇ। ਉਨ੍ਹਾਂ ਨੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਨਮਨ ਕੀਤਾ ਅਤੇ ਸੂਬੇ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ।
ਇਸ ਤੋਂ ਪਹਿਲਾਂ ਉਹਨਾਂ ਨੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਵੱਲੋਂ ਮੁੜ ਸੁਰਜੀਤ ਕੀਤੀ ਜਾ ਰਹੀ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦਾ ਵੀ ਦੌਰਾ ਕੀਤਾ। ਉਹਨਾਂ ਨੇ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਸਾਡੀ ਇਤਿਹਾਸਿਕ ਧਰੋਹਰ ਦੀਵਾਨ ਟੋਡਰ ਮੱਲ ਦੀ ਜਹਾਜ਼ ਹਵੇਲੀ ਦੀ ਮੁੜ ਤੋਂ ਸੰਭਾਲ ਦਾ ਬਲ, ਪਰਮਾਤਮਾ ਨੇ ਫਾਊਂਡੇਸ਼ਨ ਨੂੰ ਬਖਸ਼ਿਆ। ਉਹਨਾਂ ਨੇ ਇਸ ਨੇਕ ਕਾਰਜ ਵਿੱਚ ਫਾਊਂਡੇਸ਼ਨ ਨੂੰ ਸਹਿਯੋਗ ਦੇਣ ਲਈ ਪੰਜਾਬ ਸਰਕਾਰ, ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਦੀਵਾਨ ਟੋਡਰ ਮੱਲ ਹਵੇਲੀ ਦੇ ਨਵ ਨਿਰਮਾਣ ਦਾ ਪਹਿਲਾ ਪੜਾਅ ਮੁਕੰਮਲ ਹੋ ਚੁੱਕਾ ਹੈ ਜਿਸ ਉੱਤੇ 9 ਕਰੋੜ ਰੁਪਏ ਦੀ ਲਾਗਤ ਆਈ ਹੈ। ਉਹਨਾਂ ਦੱਸਿਆ ਕਿ ਦੂਜੇ ਪੜਾਅ ਤਹਿਤ 6 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕਰਵਾਏ ਜਾਣਗੇ ਅਤੇ ਫਾਊਂਡੇਸ਼ਨ ਵੱਲੋਂ ਇਸ ਪ੍ਰੋਜੈਕਟ ਲਈ 50 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕਿ ਉਹ ਅਜਿਹੀਆਂ ਹੋਰ ਵੀ ਵਿਰਾਸਤੀ ਇਮਾਰਤਾਂ ਨੂੰ ਸੰਭਾਲਣ ਲਈ ਅੱਗੇ ਆਉਣ। ਉਹਨਾਂ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਇਤਿਹਾਸ ਬਾਰੇ ਜਾਣੂ ਕਰਵਾਉਣ ਲਈ ਅਜਿਹੀਆਂ ਇਤਿਹਾਸਿਕ ਧਰੋਹਰਾਂ ਦੀ ਸਾਂਭ-ਸੰਭਾਲ, ਸਮੇਂ ਦੀ ਅਹਿਮ ਲੋੜ ਹੈ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਰਿਵਾਰ ਸਮੇਤ ਉਸ ਪਵਿੱਤਰ ਸ੍ਰੀ ਸਾਹਿਬ ਦੇ ਵੀ ਦਰਸ਼ਨ ਕੀਤੇ ਜੋ ਕਿ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹਾਅ ਦਾ ਨਾਅਰਾ ਮਾਰਨ ਵਾਲੇ ਮਲੇਰਕੋਟਲਾ ਦੇ ਨਵਾਬ ਸ਼ੇਰ ਖਾਨ ਨੂੰ ਬਖਸ਼ੀ ਸੀ। ਉਹਨਾਂ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਸ੍ਰੀ ਸਾਹਿਬ ਦੀ ਸੰਭਾਲ ਦਾ ਜਿੰਮਾ ਲਿਆ ਗਿਆ ਹੈ ਜੋ ਕਿ ਸ਼ਲਾਘਾਯੋਗ ਹੈ।
ਇਸ ਮੌਕੇ ਫਾਊਂਡੇਸ਼ਨ ਦੀ ਤਰਫੋਂ ਮਹਿੰਦਰ ਸਿੰਘ ਮਹਿਸਮਪੁਰ ( ਕੈਨੇਡਾ), ਹਰਬੰਸ ਸਿੰਘ ਜੰਡਾਲੀ ( ਕੈਨੇਡਾ), ਲਖਵਿੰਦਰ ਸਿੰਘ ਕਾਹਨੇਕੇ ਪ੍ਰਧਾਨ, ਕਿਰਪਾਲ ਸਿੰਘ ਬਲਾਕੀ, ਗੁਰਜਿੰਦਰ ਸਿੰਘ ਸਰਨਾ, ਸੁਖਵਿੰਦਰ ਸਿੰਘ ਢਿੱਲੋਂ, ਲਖਵਿੰਦਰ ਸਿੰਘ ਕੱਤਰੀ, ਜਸਵਿੰਦਰ ਸਿੰਘ ਬਡਰੁੱਖਾਂ, ਦਿਲਬਾਗ ਸਿੰਘ ਧੋਲਾ, ਮੁਹੰਮਦ ਮਹਿਮੂਦ ਖਾਨ ਸਮੇਤ ਹੋਰ ਸ਼ਖਸ਼ੀਅਤਾਂ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
