ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਸਿੱਖ ਯੋਧੇ ਅਤੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਪੀਕਰ ਸੰਧਵਾਂ ਨੇ ਲੋਕਾਂ ਨੂੰ ਇਸ ਮਹਾਨ ਜਰਨੈਲ ਵੱਲੋਂ ਦਿਖਾਏ ਸੱਚ, ਨਿਆਂ ਅਤੇ ਨਿਰਸਵਾਰਥ ਸੇਵਾ ਦੇ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸਿੱਖ ਕੌਮ ਅਤੇ ਸਮੁੱਚੀ ਮਾਨਵਤਾ ਲਈ ਲਾਮਿਸਾਲ ਸੇਵਾ ਨਿਭਾਈ—ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਅਤੇ ਵਡਮੁੱਲਾ ਯੋਗਦਾਨ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਦਰਜ ਹੈ।
ਸ. ਸੰਧਵਾਂ ਨੇ ਕਿਹਾ, “ਬਾਬਾ ਬੰਦਾ ਸਿੰਘ ਬਹਾਦਰ ਜੀ ਇੱਕ ਮਹਾਨ ਯੋਧਾ ਸਨ, ਜਿਨ੍ਹਾਂ ਨੇ ਜ਼ੁਲਮ ਵਿਰੁੱਧ ਲੜਨ, ਮਨੁੱਖੀ ਹੱਕਾਂ ਦੀ ਰਾਖੀ ਅਤੇ ਦੱਬੇ-ਕੁਚਲੇ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕਰ ਦਿੱਤਾ।” ਉਨ੍ਹਾਂ ਨੇ ਪੰਜਾਬ ਵਿੱਚ ਪਹਿਲੇ ਖ਼ੁਦਮੁਖ਼ਤਿਆਰ ਸਿੱਖ ਰਾਜ ਦੇ ਬਾਨੀ ਵਜੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਇਤਿਹਾਸਕ ਭੂਮਿਕਾ ਦਾ ਜ਼ਿਕਰ ਕਰਦਿਆਂ ਖ਼ਾਸ ਤੌਰ ‘ਤੇ ਉਨ੍ਹਾਂ ਦੇ ਇਨਕਲਾਬੀ ਭੂਮੀ ਸੁਧਾਰਾਂ ਨੂੰ ਚੇਤੇ ਕੀਤਾ, ਜਿਨ੍ਹਾਂ ਰਾਹੀਂ ਜ਼ਾਲਮਾਨਾ ਜ਼ਿਮੀਂਦਾਰਾ ਪ੍ਰਥਾ ਦਾ ਖ਼ਾਤਮਾ ਕਰਕੇ ਗ਼ਰੀਬ ਕਾਸ਼ਤਕਾਰਾਂ ਅਤੇ ਕਿਸਾਨਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦਿੱਤੇ ਗਏ ਸਨ।
ਸਪੀਕਰ ਨੇ ਦੁਹਰਾਇਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਾਨਾਮੱਤੀ ਵਿਰਾਸਤ ਅਤੇ ਸਾਹਸ ਭਰੇ ਕਾਰਨਾਮੇ ਲੋਕਾਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹਿਣਗੇ, ਜੋ ਉਨ੍ਹਾਂ ਨੂੰ ਬੇਇਨਸਾਫ਼ੀ ਵਿਰੁੱਧ ਡਟ ਕੇ ਖੜ੍ਹਨ ਲਈ ਸਦਾ ਪ੍ਰੇਰਿਤ ਕਰਦੇ ਰਹਿਣਗੇ।