ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਲਈ ਦੋਵਾਂ ਪਾਰਟੀਆਂ ‘ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇਕਰ ਇਹ ਧਿਰਾਂ ਦੇਸ਼ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਤਾਂ ਸਾਡਾ ਮੁਲਕ ਹਰ ਖੇਤਰ ਵਿੱਚ ਬੇਮਿਸਾਲ ਤਰੱਕੀ ਦਾ ਗਵਾਹ ਬਣ ਸਕਦਾ ਹੈ।
ਡੈਮਾਂ ‘ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤੇ ਗਏ ਮਤੇ ‘ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਾਜਨੀਤਿਕ ਪਾਰਟੀਆਂ ਨੇ ਲੋਕਾਂ ਨੂੰ ਸੰਕੀਰਨ, ਖੇਤਰੀ, ਭਾਸ਼ਾਈ, ਫਿਰਕੂ ਅਤੇ ਹੋਰ ਲੀਹਾਂ ‘ਤੇ ਵੰਡਿਆ, ਜਿਸ ਕਾਰਨ ਸੂਬੇ ਇਕ-ਦੂਜੇ ਨਾਲ ਟਕਰਾਅ ਦੇ ਹਾਲਾਤਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਇੱਕੋ-ਇੱਕ ਉਦੇਸ਼ ਅਜਿਹੇ ਮਾੜੇ ਕੰਮਾਂ ਰਾਹੀਂ ਰਾਜਨੀਤਿਕ ਸੱਤਾ ਹਾਸਲ ਕਰਨਾ ਹੈ, ਜਿਸ ਨੇ ਦੇਸ਼ ਅਤੇ ਸੂਬਿਆਂ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਪਾਰਟੀਆਂ ਦੇਸ਼ ਦੇ ਲੋਕਾਂ ਨੂੰ ਆਪਸ ਵਿੱਚ ਲੜਾਉਣਾ ਬੰਦ ਕਰ ਦੇਣ ਤਾਂ ਸਾਡਾ ਮੁਲਕ ਕਿਸੇ ਵੀ ਖੇਤਰ ਵਿੱਚ ਨਵੀਆਂ ਉਚਾਈਆਂ ਛੂਹ ਸਕਦਾ ਹੈ।

ਦੋਵਾਂ ਪਾਰਟੀਆਂ ਦੇ ਨਾਪਾਕ ਇਰਾਦਿਆਂ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਮੋਦੀ ਯੂਕਰੇਨ ਅਤੇ ਰੂਸ ਵਿਚਕਾਰ ਜੰਗ ਨੂੰ ਖਤਮ ਕਰ ਸਕਦੇ ਹਨ, ਜਿਵੇਂ ਕਿ ਉਨ੍ਹਾਂ ਦੇ ਮੀਡੀਆ ਦੁਆਰਾ ਪ੍ਰਚਾਰਿਆ ਜਾ ਰਿਹਾ ਹੈ ਤਾਂ ਫਿਰ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਵਿਚਕਾਰ ਸੁਖਾਵੇਂ ਹਾਲਾਤ ਯਕੀਨੀ ਬਣਾਉਣ ਤੋਂ ਕੌਣ ਰੋਕ ਰਿਹਾ ਹੈ? ਉਨ੍ਹਾਂ ਕਿਹਾ ਕਿ ਦੋਵੇਂ ਸੂਬਿਆਂ ਦਾ ਰਿਸ਼ਤਾ ਭਰਾਵਾਂ ਵਰਗਾ ਹੈ ਅਤੇ ਇਹ ਕੇਂਦਰੀ ਅਨਾਜ ਪੂਲ ਵਿੱਚ 70 ਫੀਸਦ ਤੋਂ ਵੱਧ ਯੋਗਦਾਨ ਪਾਉਂਦੇ ਹਨ ਪਰ ਪਿਛਲੇ ਸਾਲਾਂ ਦੌਰਾਨ ਪੰਜਾਬ ਅਤੇ ਹਰਿਆਣਾ ਵਿੱਚ ਸੱਤਾ ਸੰਭਾਲਣ ਵਾਲੀਆਂ ਇਨ੍ਹਾਂ ਦੋਵਾਂ ਪਾਰਟੀਆਂ ਨੇ ਦੋਵੇਂ ਸੂਬਿਆਂ ਵਿਚਕਾਰ ਮਤਭੇਦ ਪੈਦਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਜਿਸ ਦੀ ਆੜ ਵਿੱਚ ਉਹ ਸੱਤਾ ਦਾ ਆਨੰਦ ਮਾਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਸੂਬਿਆਂ ਵਿੱਚ ਕਈ ਚੀਜ਼ਾਂ ਇਕੋ ਜਿਹੀਆਂ ਹੋਣ ਦੇ ਬਾਵਜੂਦ ਅਜਿਹੀਆਂ ਤਾਕਤਾਂ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਉਤਸੁਕ ਰਹਿੰਦੀਆਂ ਹਨ ਕਿ ਦੋਵੇਂ ਸੂਬੇ ਪਾਣੀ ਵਰਗੇ ਮੁੱਦਿਆਂ ‘ਤੇ ਇੱਕ-ਦੂਜੇ ਨਾਲ ਲੜਦੇ ਰਹਿਣ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵ ਗੁਰੂ ਬਣਨ ਦੇ ਚਾਹਵਾਨ ਤਾਂ ਹਨ ਪਰ ਸੂਬੇ ਦੇ ਮਾਮਲਿਆਂ ਬਾਰੇ ਉਨ੍ਹਾਂ ਨੂੰ ਕੋਈ ਚਿੰਤਾ-ਫ਼ਿਕਰ ਨਹੀਂ ਅਤੇ ਇਸ ਰਵੱਈਏ ਦੇ ਚਲਦਿਆਂ ਨਾਗਰਿਕਾਂ ਦੇ ਬੁਨਿਆਦੀ ਮੁੱਦਿਆਂ ਨੂੰ ਸਿਰੇਂ ਤੋਂ ਦਰਕਿਨਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਮਾੜੇ ਹਨ ਕਿਉਂਕਿ ਪਹਿਲਗਾਮ ਹਮਲੇ ਤੋਂ ਪਹਿਲਾਂ ਬਣੀ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਕਰਨ ਦਿੱਤੀ ਜਾ ਰਹੀ, ਪਰ ਪ੍ਰਧਾਨ ਮੰਤਰੀ ਕਿਸੇ ਵੀ ਸਮੇਂ ਪਾਕਿਸਤਾਨ ਜਾ ਕੇ ‘ਬਿਰਿਆਨੀ’ ਖਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇਂ ਤਾਂ ਪ੍ਰਧਾਨ ਮੰਤਰੀ ਵਿਦੇਸ਼ਾਂ ਦੇ ਦੌਰਿਆਂ ‘ਤੇ ਰਹਿੰਦੇ ਹਨ, ਦੂਜੇ ਪਾਸੇਂ ਆਪਣੇ ਹੀ ਦੇਸ਼ ਵਿੱਚ ਉਹ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਹਮੇਸ਼ਾ ਨਾਕਾਮ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕੋਲ 10,000 ਤੋਂ ਵੀ ਘੱਟ ਆਬਾਦੀ ਵਾਲੇ ਦੇਸ਼ਾਂ ਤੋਂ ਵਿਦੇਸ਼ੀ ਸਨਮਾਨ ਹਾਸਲ ਕਰਨ ਦਾ ਸਮਾਂ ਹੈ ਪਰ ਦੇਸ਼ ਦੇ ਮਹੱਤਵਪੂਰਨ ਮੁੱਦਿਆਂ ਵੱਲ ਧਿਆਨ ਦੇਣ ਲਈ ਉਨ੍ਹਾਂ ਕੋਲ ਕੋਈ ਸਮਾਂ ਨਹੀਂ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ, ਉਨ੍ਹਾਂ ਕਿਹਾ ਕਿ ਪਾਣੀ ਦਾ ਮੁੱਦਾ ਸੂਬੇ ਅਤੇ ਇਸ ਦੇ ਲੋਕਾਂ ਲਈ ਭਾਵਨਾਤਮਕ ਮੁੱਦਾ ਹੈ ਅਤੇ ਸੂਬਾ ਸਰਕਾਰ ਪਾਣੀ ਦੀ ਹਰ ਕੀਮਤੀ ਬੂੰਦ ਨੂੰ ਬਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪਾਣੀਆਂ ਦੀ ਗਾਥਾ ਸਾਲ 1955 ਤੋਂ ਸ਼ੁਰੂ ਹੁੰਦੀ ਹੈ ਪਰ ਬਦਕਿਸਮਤੀ ਨਾਲ ਪਾਣੀਆਂ ਬਾਰੇ ਕੋਈ ਮੁਲਾਂਕਣ ਨਹੀਂ ਹੋਇਆ, ਜੋ ਕਿ ਹਰ 25 ਸਾਲਾਂ ਬਾਅਦ ਹੋਣੀ ਚਾਹੀਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਹਾਲ ਹੀ ਦੇ ਫੈਸਲੇ ਪੱਛਮੀ ਦਰਿਆਵਾਂ (ਸਿੰਧੂ, ਜੇਹਲਮ, ਚਨਾਬ, ਉੱਜ, ਕਸ਼ਮੀਰ ਨਦੀ) ਦੇ ਪਾਣੀਆਂ ਦੀ ਦੂਸਰੇ ਸੂਬਿਆਂ ਨੂੰ ਵਧ ਵਰਤੋਂ ਦਾ ਅਧਿਕਾਰ ਤਾਂ ਦੇ ਦਿੱਤਾ ਗਿਆ ਹੈ, ਜਦਕਿ ਪੰਜਾਬ ਨੂੰ ਵਾਧੂ ਪਾਣੀ ਦੇਣ ਲਈ ਨਹੀਂ ਵਿਚਾਰਿਆ ਗਿਆ ਹੈ, ਜੋ ਕਿ ਸੂਬੇ ਦਾ ਹੱਕ ਬਣਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪੰਜਾਬ ਲਈ 23 ਐਮ.ਏ.ਐਫ. ਵਾਧੂ ਪਾਣੀ ਯਕੀਨੀ ਬਣਾਇਆ ਜਾ ਸਕਦਾ ਹੈ, ਜੋ ਕਿ ਸੂਬੇ ਅਤੇ ਇਸਦੇ ਕਿਸਾਨਾਂ ਦੀਆਂ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਪੱਛਮੀ ਦਰਿਆਵਾਂ ਦੇ ਪਾਣੀਆਂ ਨੂੰ ਪਹਿਲ ਦੇ ਆਧਾਰ ‘ਤੇ ਪੰਜਾਬ ਨੂੰ ਅਲਾਟ ਕੀਤਾ ਜਾਣਾ ਚਾਹੀਦਾ ਹੈ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੌਜੂਦਾ ਭਾਖੜਾ ਅਤੇ ਪੌਂਗ ਡੈਮਾਂ ਦੇ ਉੱਪਰ ਨਵੇਂ ਸਟੋਰੇਜ ਡੈਮ ਬਣਾਏ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੱਛਮੀ ਦਰਿਆਈ ਪਾਣੀਆਂ ਨੂੰ ਸਟੋਰ ਅਤੇ ਰੈਗੂਲੇਟ ਕਰਨ ਵਿੱਚ ਕਾਫ਼ੀ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਪੰਜਾਬ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ, ਜਿਸ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਲਈ ਪਾਣੀ ਅਤੇ ਉਪਜਾਊ ਜ਼ਮੀਨ ਵਰਗੇ ਬੇਸ਼ਕੀਮਤੀ ਕੁਦਰਤੀ ਸਰੋਤਾਂ ਨੂੰ ਦਾਅ ‘ਤੇ ਲਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਸੂਬੇ ਲਈ ਇੱਕ ਚਿੱਟਾ ਹਾਥੀ ਬਣ ਚੁੱਕਿਆ ਹੈ, ਜਿਸਦਾ ਪੁਨਰਗਠਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦਾ 60 ਫੀਸਦੀ ਹਿੱਸਾ ਹੈ ਪਰ ਇਹ ਹਮੇਸ਼ਾ ਸੂਬੇ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਬੋਰਡ ਸੂਬਾ ਸਰਕਾਰ ਤੋਂ ਫੰਡ ਲੈ ਕੇ ਇਸ ਦੇ ਵਿਰੁੱਧ ਹੀ ਕੇਸ ਦਾਇਰ ਕਰਦਾ ਰਹਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਅਣਉਚਿਤ ਤੇ ਨਾ-ਮਨਜ਼ੂਰ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਕਿਸੇ ਨੂੰ ਵੀ ਸੂਬੇ ਦੇ ਹਿੱਤਾਂ ਨੂੰ ਖਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਕੇਂਦਰ ਸਰਕਾਰ ਵੱਲੋਂ ਸੂਬੇ ਦੇ ਡੈਮਾਂ ‘ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੇ ਕਦਮ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕਦੇ ਵੀ ਸਿਰੇ ਨਾ ਚੜ੍ਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਅਨੁਸਾਰ ਸੀ.ਆਈ.ਐਸ.ਐਫ. ਦੇ ਜਵਾਨ ਭਾਖੜਾ ਡੈਮ ‘ਤੇ ਤਾਇਨਾਤ ਕੀਤੇ ਜਾਣਗੇ ਜਿਸ ‘ਤੇ ਸੂਬੇ ਨੂੰ ਬਿਨਾਂ ਕਿਸੇ ਮਕਸਦ ਦੇ ਲਗਭਗ 9 ਕਰੋੜ ਰੁਪਏ ਖਰਚਾ ਆਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਪਹਿਲਾਂ ਹੀ ਡੈਮ ਦੀ ਸੁਰੱਖਿਆ ਮੁਫ਼ਤ ਵਿੱਚ ਯਕੀਨੀ ਬਣਾ ਰਹੀ ਹੈ ਤਾਂ ਅਸੀਂ ਇਹ ਪੈਸਾ ਬੀ.ਬੀ.ਐਮ.ਬੀ. ਨੂੰ ਕਿਉਂ ਦੇਈਏ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਾਂ ਤਾਂ ਅਸੀਂ ਡੈਮਾਂ ਦੀ ਵੀ ਰਾਖੀ ਕਰ ਸਕਦੇ ਹਾਂ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕੌਮਾਂਤਰੀ ਸਰਹੱਦ ਨਾਲ ਲਗਦਾ ਸੂਬਾ ਹੋਣ ਕਰਕੇ ਪੰਜਾਬ ਅੱਤਵਾਦ ਅਤੇ ਨਸ਼ਿਆਂ ਵਿਰੁੱਧ ਹਮੇਸ਼ਾ ਮੋਹਰੀ ਰਹਿ ਕੇ ਦੇਸ਼ ਲਈ ਜੰਗ ਲੜਦਾ ਆਇਆ ਹੈ ਹੈ ਪਰ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸੂਬੇ ‘ਚ ਧੱਕੇ ਨਾਲ ਨੀਮ ਫ਼ੌਜੀ ਬਲ ਲਾ ਕੇ ਇਸ ਦਾ ਭਾਰੀ ਖ਼ਰਚਾ ਚੁੱਕਣ ਲਈ ਕਿਹਾ ਜਾਂਦਾ ਹੈ। ਇਸ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਦੀਨਾਨਗਰ (ਪਠਾਨਕੋਟ) ਵਿੱਚ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਸਰਕਾਰ ਨੇ ਹਮਲੇ ਦੌਰਾਨ ਨੀਮ ਫੌਜੀ ਬਲ ਭੇਜਣ ਲਈ ਸੂਬੇ ਤੋਂ 7.5 ਕਰੋੜ ਰੁਪਏ ਦੀ ਮੰਗ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਅਤੇ ਤਰਕਹੀਣ ਹੈ ਕਿਉਂਕਿ ਜਿਸ ਸੂਬੇ ਦੇ ਸਭ ਤੋਂ ਵੱਧ ਸਪੂਤ ਹਥਿਆਰਬੰਦ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕਰਦੇ ਹੋਏ ਸ਼ਹੀਦ ਹੁੰਦੇ ਹਨ, ਉਸ ਨੂੰ ਇਹ ਵਾਧੂ ਖ਼ਰਚੇ ਚੁੱਕਣ ਲਈ ਮਜਬੂਰ ਕੀਤਾ ਜਾਂਦਾ ਹੈ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ‘ਤੇ ਪੰਜਾਬ ਤੇ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਅਤੇ ਪੰਜਾਬੀਆਂ ਦੀ ਕੌਮੀਅਤ ‘ਤੇ ਸਵਾਲ ਉਠਾਉਣ ਲਈ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਸਰਹੱਦਾਂ ਦੀ ਰਾਖੀ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਪੰਜਾਬ ਨੇ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਸਾਨੂੰ ‘ਗੱਦਰ’ ਕਿਹਾ ਜਾਂਦਾ ਹੈ ਜਾਂ ‘ਸਰਦਾਰ’ ਜੋ ਕਿ ਬਹੁਤ ਹੀ ਅਪਮਾਨਜਨਕ ਅਤੇ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬੀਆਂ ਦੀ ਰਾਸ਼ਟਰਵਾਦੀ ਭਾਵਨਾ ਅਤੇ ਦੇਸ਼ ਭਗਤੀ ‘ਤੇ ਸਵਾਲ ਉਠਾਉਣ ਦਾ ਅਧਿਕਾਰ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਦੇਸ਼ ਪ੍ਰਤੀ ਆਪਣੇ ਪਿਆਰ ਲਈ ਇਨ੍ਹਾਂ ਤਾਕਤਾਂ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ ਕਿਉਂਕਿ ਵਤਨ ਪ੍ਰਤੀ ਸਾਡਾ ਪਿਆਰ ਸਾਡੇ ਸ਼ਾਨਦਾਰ ਯੋਗਦਾਨ ਤੋਂ ਸਪੱਸ਼ਟ ਰੂਪ ਵਿੱਚ ਝਲਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸੂਬੇ ਦੇ ਅਧਿਕਾਰਾਂ ਨੂੰ ਸ਼ਰੇਆਮ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ ਅਤੇ ਵਿਰੋਧੀ ਧਿਰ ਦੀ ਸੱਤਾ ਵਾਲੇ ਸੂਬਿਆਂ ਖਾਸ ਕਰਕੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਸੀ.ਬੀ.ਆਈ. ਅਤੇ ਈ.ਡੀ. ਦੀ ਕੀਤੀ ਜਾ ਰਹੀ ਦੁਰਵਰਤੋਂ ਕੋਈ ਡਰ ਨਹੀਂ ਅਤੇ ਉਹ ਬਿਨਾਂ ਕਿਸੇ ਖੌਫ਼ ਦੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਪੰਜਾਬੀਆਂ ਵੱਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਪੰਜਾਬ ਦੀਆਂ ਵਿਰੋਧੀ ਧਿਰਾਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਗੰਭੀਰਤਾ ਨਹੀਂ ਦਿਖਾਈ ਕਿਉਂਕਿ ਉਹ ਸਾਡੇ ਪਾਣੀਆਂ ਨੂੰ ਲੁੱਟਣ ਦੇ ਮੁੱਖ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ‘ਪਾਣੀਆਂ ਦੇ ਰਾਖੇ’ ਕਹਿਣ ਵਾਲਿਆਂ ਨੇ ਸੂਬੇ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਉਨ੍ਹਾਂ ਵੱਲੋਂ ਪਾਸ ਕੀਤਾ ਗਿਆ ਕਾਨੂੰਨ ਅਜੇ ਵੀ ਕਾਨੂੰਨੀ ਜਾਂਚ ਅਧੀਨ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਮੀਰ ਘਰਾਂ ਦੇ ਸੱਤਾਧਾਰੀ ਜਾਂ ਸੱਤਾ ਦੌਰਾਨ ਨਹਿਰਾਂ ਦਾ ਪਾਣੀ ਸਿੱਧਾ ਜਿਨ੍ਹਾਂ ਦੇ ਖੇਤਾਂ ਤੱਕ ਪਹੁੰਚਦਾ ਸੀ, ਨੂੰ ਪਾਣੀ ਦੀ ਮਹੱਤਤਾ ਬਾਰੇ ਬਿਲਕੁਲ ਵੀ ਪਤਾ ਨਹੀਂ ਹੈ ਜਿਸ ਕਾਰਨ ਸੂਬੇ ਨੂੰ ਨੁਕਸਾਨ ਸਹਿਣਾ ਪਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਪਿਛਲੇ ਛੇ ਦਹਾਕਿਆਂ ਤੋਂ ਵੱਧ ਸਮੇਂ ਦੌਰਾਨ ਇਸ ਗੰਭੀਰ ਅਤੇ ਭਾਵਨਾਤਮਕ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ ਅਤੇ ਪੰਜਾਬ ਵਿਰੋਧੀ ਤਾਕਤਾਂ ਨਾਲ ਮਿਲ ਕੇ ਸੂਬੇ ਦੇ ਪਾਣੀਆਂ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਐਸ.ਵਾਈ.ਐਲ. ਦਾ ਸਰਵੇਖਣ ਕਿਸ ਨੇ ਕਰਵਾਇਆ ਸੀ ਜਾਂ ਚਾਂਦੀ ਦੀ ਕਹੀ ਨਾਲ ਨਹਿਰ ਦਾ ਨੀਂਹ ਪੱਥਰ ਕਿਸ ਨੇ ਰੱਖਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਦੂਜੇ ਸੂਬਿਆਂ ਨੂੰ ਪਾਣੀ ਦੀ ਇੱਕ ਵੀ ਬੂੰਦ ਨਾ ਦੇ ਕੇ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਹੈ।
ਵਿਰੋਧੀ ਧਿਰ ਦੇ ਆਗੂਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਪੰਜਾਬੀ ਭਾਸ਼ਾ ਬਾਰੇ ਘੱਟ ਗਿਆਨ ‘ਤੇ ਸਵਾਲ ਉਠਾਇਆ ਅਤੇ ਕਿਹਾ ਕਿ ਸ਼ਾਇਦ ਸੀਨੀਅਰ ਕਾਂਗਰਸੀ ਆਗੂਆਂ ਦੇ ਕਾਨਵੈਂਟ ਸਕੂਲ ਨੇ ਉਨ੍ਹਾਂ ਨੂੰ ਪੰਜਾਬੀ ਬਾਰੇ ਨਹੀਂ ਸਿਖਾਇਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸਿਰਫ਼ ਸਦਨ ਦੀ ਕਾਰਵਾਈ ਤੋਂ ਭੱਜਣ ਦਾ ਬੇਤੁਕਾ ਬਹਾਨਾ ਲੱਭ ਰਹੇ ਹਨ ਤਾਂ ਜੋ ਉਹ ਲੋਕਾਂ ਸਾਹਮਣੇ ਬੇਨਕਾਬ ਹੋਣ ਤੋਂ ਬਚ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਮੁੱਖ ਮੰਤਰੀ ਦੀ ਕੁਰਸੀ ‘ਤੇ ਕਾਬਜ਼ ਹੋਣ ਲਈ ਤਰਲੋਮੱਛੀ ਹਨ ਜਿਸ ਲਈ ਉਹ ਕਈ ਤਰ੍ਹਾਂ ਦੀਆਂ ਸੌੜੀਆਂ ਚਾਲਾਂ ਚੱਲ ਰਹੇ ਹਨ।
ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਕਿ ਇਹ ਸਦਨ ਪੰਜਾਬ ਦੇ 3.5 ਕਰੋੜ ਲੋਕਾਂ ਦਾ ਘਰ ਹੈ ਅਤੇ ਸਿਰਫ਼ ਉਨ੍ਹਾਂ ਵੱਲੋਂ ਚੁਣੇ ਗਏ ਵਿਅਕਤੀ ਨੂੰ ਹੀ ਉਨ੍ਹਾਂ ਦੀ ਸੇਵਾ ਕਰਨ ਅਤੇ ਇਸ ਸਦਨ ਵਿੱਚ ਰਹਿਣ ਦਾ ਸਨਮਾਨ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਲੋਕ ਅਜਿਹੇ ਸ਼ੱਕੀ ਕਿਰਦਾਰ ਵਾਲੇ ਸੱਤਾ ਦੇ ਭੁੱਖੇ ਆਗੂਆਂ ਨੂੰ ਨਹੀਂ ਚੁਣਦੇ, ਜਿਨ੍ਹਾਂ ਨੇ ਕਦੇ ਵੀ ਲੋਕਾਂ ਦੀ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਦੀ ਘਟੀਆਂ ਕਾਰਗੁਜ਼ਾਰੀ ਕਾਰਨ ਹੀ ਸਿਆਸਤ ਵਿੱਚ ਆਏ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਕੌਮੀ ਰਾਜਧਾਨੀ ਦੀਆਂ ਤਿੰਨ ਵਿਧਾਨ ਸਭਾ ਚੋਣਾਂ ਵਿੱਚ ਇੱਕ ਵੀ ਸੀਟ ਨਹੀਂ ਜਿੱਤੀ, ਜੋ ਆਮ ਜਨਤਾ ਵਿੱਚ ਉਨ੍ਹਾਂ ਪ੍ਰਤੀ ਮੋਹ ਭੰਗ ਹੋਣ ਦਾ ਪ੍ਰਤੱਖ ਸਬੂਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਕੋਈ ਭਰੋਸੇਯੋਗਤਾ ਨਹੀਂ ਹੈ ਜਿਸ ਕਾਰਨ ਲੋਕਾਂ ਵਿੱਚ ਉਨ੍ਹਾਂ ਪ੍ਰਤੀ ਬਹੁਤ ਜ਼ਿਆਦਾ ਨਫ਼ਰਤ ਪੈਦਾ ਹੋ ਗਈ ਹੈ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਯਾਦ ਦਿਵਾਇਆ ਕਿ ਸੂਬੇ ਵਿੱਚ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ‘ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਕਿਸੇ ਵੀ ਕੀਮਤ ‘ਤੇ ਨਹੀਂ ਪੁੰਗਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਪੁਰਸ਼ਾਂ ਅਤੇ ਪੀਰਾਂ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਬਰ-ਸੰਤੋਖ ਦਾ ਰਾਹ ਦਿਖਾਇਆ ਹੈ।