ਪੰਜਾਬ : ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਦਫ਼ਤਰ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਭੋਤਨਾ ਤਹਿਸੀਲ ਤਪਾ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਸਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਨੇ ਉਸਦੀ ਜ਼ਮੀਨ ਦਾ ਇੰਤਕਾਲ ਕਰਵਾਉਣ ਦੇ ਬਦਲੇ 30,000 ਰੁਪਏ ਦੀ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਕੀਤੀ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਪਟਵਾਰੀ ਮਨੀਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *