
ਫ਼ਤਹਿਗੜ ਸਾਹਿਬ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਸੋਨਾ ਥਿੰਦ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਫ਼ਤਹਿਗੜ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਭੇਜੀ ਗਈ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਪ੍ਰਵਾਨਗੀ ਉਪਰੰਤ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 544 ਤੋਂ ਵਧ ਕੇ 573 ਹੋ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰੈਸ਼ਨਲਾਈਜ਼ੇਸ਼ਨ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਤਿਆਰ ਤਜਵੀਜ਼ ’ਤੇ ਵਿਚਾਰ-ਵਟਾਂਦਰੇ ਲਈ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਪਾਰਟੀਆਂ ਦੀ ਸਹਿਮਤੀ ਪ੍ਰਾਪਤ ਹੋਣ ਉਪਰੰਤ ਇਹ ਤਜਵੀਜ਼ ਮੁੱਖ ਚੋਣ ਅਫ਼ਸਰ, ਪੰਜਾਬ ਰਾਹੀਂ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਨੂੰ ਭੇਜੀ ਗਈ ਸੀ, ਜਿਸ ਨੂੰ ਹੁਣ ਮਨਜ਼ੂਰੀ ਮਿਲ ਗਈ ਹੈ।
ਡਾ ਸੋਨਾ ਥਿੰਦ ਨੇ ਦੱਸਿਆ ਕਿ ਪ੍ਰਵਾਨਗੀ ਮਿਲਣ ਤੋਂ ਬਾਅਦ ਵਿਧਾਨ ਸਭਾ ਹਲਕੇ ਅਨੁਸਾਰ ਪੋਲਿੰਗ ਸਟੇਸ਼ਨਾਂ ਵਿੱਚ ਵਿਧਾਨ ਸਭਾ ਹਲਕਾ ਬੱਸੀ ਪਠਾਣਾ ਪੋਲਿੰਗ ਸਟੇਸ਼ਨਾਂ ਦੀ ਗਿਣਤੀ 178 ਤੋਂ ਵੱਧ ਕੇ 183 (05 ਨਵੇਂ ਪੋਲਿੰਗ ਸਟੇਸ਼ਨ), ਵਿਧਾਨ ਸਭਾ ਹਲਕਾ ਫ਼ਤਹਿਗੜ ਸਾਹਿਬ 200 ਤੋਂ ਵੱਧ ਕੇ 214 (14 ਨਵੇਂ ਪੋਲਿੰਗ ਸਟੇਸ਼ਨ), ਵਿਧਾਨ ਸਭਾ ਹਲਕਾ ਅਮਲੋਹ 166 ਤੋਂ ਵੱਧ ਕੇ 176 (10 ਨਵੇਂ ਪੋਲਿੰਗ ਸਟੇਸ਼ਨ), ਹੋ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਪੋਲਿੰਗ ਸਟੇਸ਼ਨਾਂ ਦੀ ਪ੍ਰਵਾਨਿਤ ਰੈਸ਼ਨਲਾਈਜ਼ੇਸ਼ਨ ਬਾਰੇ ਸੂਚਿਤ ਕੀਤਾ ਜਾ ਰਿਹਾ ਹੈ।