ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 8 ਜਨਵਰੀ ਤੋਂ ਸ਼ੁਰੂ ਹੋਵੇਗੀ ਰਜਿਸਟਰੇਸ਼ਨ ਪ੍ਰਕਿਰਿਆ

ਫ਼ਤਿਹਗੜ੍ਹ ਸਾਹਿਬ, 2 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਨਾਗਰਿਕ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੇ ਰੂਪ ਵਿੱਚ ਇੱਕ ਇਤਿਹਾਸਕ ਫੈਸਲਾ ਲਿਆ ਗਿਆ ਹੈ। ਇਸ ਯੋਜਨਾ ਦੀ ਰੂਪ-ਰੇਖਾ ਉਲੀਕਣ ਲਈ ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਸ ਨਵੀਂ ਯੋਜਨਾ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਇਸ ਨਾਲ ਆਮ ਲੋਕਾਂ ਨੂੰ ਮਹਿੰਗੇ ਹਸਪਤਾਲਾਂ ਦੇ ਖਰਚਿਆਂ ਤੋਂ ਵੱਡੀ ਰਾਹਤ ਮਿਲੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਪਰਿਵਾਰਾਂ ਦੀ ਰਜਿਸਟਰੇਸ਼ਨ 8 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਨੇ ਦਸਤਾਵੇਜ਼ਾਂ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਬਾਲਗਾਂ ਲਈ ਰਜਿਸਟਰੇਸ਼ਨ ਕਰਵਾਉਣ ਸਮੇਂ ਆਧਾਰ ਕਾਰਡ ਅਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ ਜਦ ਕਿ ਬੱਚਿਆਂ ਦੀ ਰਜਿਸਟਰੇਸ਼ਨ ਲਈ ਸਿਰਫ਼ ਉਨ੍ਹਾਂ ਦਾ ਜਨਮ ਪ੍ਰਮਾਣ ਪੱਤਰ ਹੀ ਕਾਫ਼ੀ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੀ ਰਜਿਸਟਰੇਸ਼ਨ ਸਮੇਂ ਸਿਰ ਕਰਵਾਉਣ। ਉਹਨਾਂ ਦੱਸਿਆ ਕਿ ਰਜਿਸਟਰੇਸ਼ਨ ਪ੍ਰਕਿਰਿਆ 15 ਜਨਵਰੀ ਤੱਕ ਜਾਰੀ ਰਹੇਗੀ। ਉਹਨਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਰਜਿਸਟਰੇਸ਼ਨ ਕੈਂਪ ਲਿਖ ਕੇ ਜਾਣ ਅਤੇ ਲੋਕਾਂ ਨੂੰ ਇਸ ਬਾਰੇ ਨਿਰੰਤਰ ਜਾਗਰੂਕ ਕੀਤਾ ਜਾਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸਡੀਐਮ ਫਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸਡੀਐਮ ਅਮਲੋਹ ਚੇਤਨ ਬੰਗੜ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਸਮੂਹ ਤਹਿਸੀਲਦਾਰ, ਬੀਡੀਪੀਓ ਅਤੇ ਨਗਰ ਕੌਂਸਲਾਂ ਦੇ ਈਓ, ਸਿਹਤ ਵਿਭਾਗ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *