ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਕੇਂਦਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ, ਜਿਸ ਨਾਲ ਲੱਖਾਂ ਨਾਨਕ ਨਾਮ ਲੇਵਾ ਸੰਗਤ ਇੱਕ ਵਾਰ ਫਿਰ ਪਹਿਲੇ ਸਿੱਖ ਗੁਰੂ ਸਾਹਿਬ ਦੇ ਸਤਿਕਾਰਯੋਗ ਅਸਥਾਨ ‘ਤੇ ਮੱਥਾ ਟੇਕ ਸਕਣਗੇ। ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਸੰਗਤ ਵੱਖ ਹੋਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਲਈ ਰੋਜ਼ਾਨਾ ਅਰਦਾਸ ਕਰਦੀ ਰਹਿੰਦੀ ਹੈ, ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਵੀ ਲਾਂਘਾ ਮੁੜ ਖੋਲ੍ਹਣ ਦੀ ਮੰਗ ਕਰਨ ਵਾਲਾ ਮਤਾ ਪਾਸ ਕੀਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸੰਗਤ ਦੀਆਂ ਡੂੰਘੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਜਲਦੀ ਤੋਂ ਜਲਦੀ ਲਾਂਘਾ ਮੁੜ ਖੋਲ੍ਹਣ ਦਾ ਐਲਾਨ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਅਪੀਲ ਕਰਦਾ ਹਾਂ ਕਿ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਿਆ ਜਾਵੇ। ਹਰ ਨਾਨਕ ਨਾਮ ਲੇਵਾ ਸ਼ਰਧਾਲੂ ਰੋਜ਼ਾਨਾ ਉਨ੍ਹਾਂ ਪਵਿੱਤਰ ਗੁਰੂਧਾਮਾਂ (ਸਿੱਖ ਧਾਰਮਿਕ ਸਥਾਨਾਂ) ਦੇ ਦਰਸ਼ਨ ਕਰਨ ਅਤੇ ਮੱਥਾ ਟੇਕਣ ਦੇ ਮੌਕੇ ਲਈ ਪ੍ਰਾਰਥਨਾ ਕਰਦਾ ਹੈ ਜੋ ਸਾਡੇ ਤੋਂ ਵਿਛੜ ਗਏ ਹਨ। ਇਨ੍ਹਾਂ ਧਾਰਮਿਕ ਭਾਵਨਾਵਾਂ ਅਤੇ ਸੰਗਤ ਦੀਆਂ ਇੱਛਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਪੰਜਾਬ ਵਿਧਾਨ ਸਭਾ ਵਿੱਚ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਮੰਗ ਕਰਦੇ ਹੋਏ ਇੱਕ ਮਤਾ ਵੀ ਪਾਸ ਕੀਤਾ ਸੀ। ਮੈਨੂੰ ਉਮੀਦ ਹੈ ਕਿ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ, ਤੁਸੀਂ ਜਲਦੀ ਹੀ ਲਾਂਘੇ ਨੂੰ ਦੁਬਾਰਾ ਖੋਲ੍ਹਣ ਦਾ ਐਲਾਨ ਕਰੋਗੇ।”

ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “24 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ। ਜੇਕਰ ਵਾਹਗਾ ਸਰਹੱਦ ਨਹੀਂ ਖੋਲ੍ਹੀ ਜਾ ਸਕਦੀ, ਤਾਂ ਘੱਟੋ-ਘੱਟ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਦਿਓ। ਆਓ ਅਸੀਂ ਉੱਥੇ ਚੱਲੀਏ, ਆਪਣਾ ਸਤਿਕਾਰ ਕਰੀਏ ਅਤੇ ਉਸੇ ਦਿਨ ਵਾਪਸ ਪਰਤੀਏ, ਉਸ ਸਥਾਨ ‘ਤੇ ਜਿੱਥੇ ਗੁਰੂ ਸਾਹਿਬ ਨੇ ਆਪਣੀ ਜ਼ਿੰਦਗੀ ਦੇ 16 ਸਾਲ ਇਮਾਨਦਾਰੀ ਨਾਲ ਕਿਰਤ ਕਰਨ, ਖੇਤੀ ਕਰਨ, ਪਰਮਾਤਮਾ ਨੂੰ ਯਾਦ ਕਰਨ ਅਤੇ ਦੂਜਿਆਂ ਨਾਲ ਸਾਂਝਾ ਕਰਨ ਵਿੱਚ ਬਿਤਾਏ। ਅਸੀਂ ਕੇਂਦਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਅਪੀਲ ਕਰਦੇ ਹਾਂ ਤਾਂ ਜੋ ਅਸੀਂ ਆਪਣਾ ਸਤਿਕਾਰ ਦੇ ਸਕੀਏ ਅਤੇ ਉਸੇ ਦਿਨ ਵਾਪਸ ਆ ਸਕੀਏ।”

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਨਾਨਕ ਦੇਵ ਜੀ ਬਲਦਾਂ ਦਾ ਇੱਕ ਜੋੜਾ ਰੱਖਦੇ ਸਨ ਅਤੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਖੇਤੀ ਕਰਦੇ ਸਨ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ 16 ਸਾਲ ਉੱਥੇ ਬਿਤਾਏ, ਜ਼ਮੀਨ ‘ਤੇ ਕੰਮ ਕੀਤਾ, ਇਮਾਨਦਾਰੀ ਨਾਲ ਕਿਰਤ ਕਰਕੇ ਆਪਣਾ ਗੁਜ਼ਾਰਾ ਕੀਤਾ, ਪਰਮਾਤਮਾ ਨੂੰ ਯਾਦ ਕੀਤਾ ਅਤੇ ਜੋ ਕੁਝ ਉਨ੍ਹਾਂ ਕੋਲ ਸੀ ਉਹ ਦੂਜਿਆਂ ਨਾਲ ਸਾਂਝਾ ਕੀਤਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀਆਂ ਪ੍ਰਾਰਥਨਾਵਾਂ ਵਿੱਚ ਉਨ੍ਹਾਂ ਧਾਰਮਿਕ ਅਸਥਾਨਾਂ ਦੀ ਸੇਵਾ ਅਤੇ ਦੇਖਭਾਲ ਦਾ ਮੌਕਾ ਵੀ ਸ਼ਾਮਲ ਹੈ ਜੋ ਸੰਗਤ ਤੋਂ ਵੱਖ ਹੋ ਗਏ ਹਨ। ਸਾਨੂੰ ਵੀ ਉਹ ਮੌਕਾ ਦਿਓ।”

Leave a Reply

Your email address will not be published. Required fields are marked *