ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਮੱਦੇਨਜ਼ਰ ਸ੍ਰੀਮਤੀ ਪੂਜਾ ਸਿਆਲ ਗਰੇਵਾਲ (ਪੀ.ਸੀ.ਐੱਸ.), ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਰਿਟਰਨਿੰਗ ਅਫ਼ਸਰ, ਜ਼ਿਲ੍ਹਾ ਪਰਿਸ਼ਦ, ਫ਼ਤਹਿਗੜ੍ਹ ਸਾਹਿਬ ਵੱਲੋਂ ਅੱਜ ਚੋਣਾਂ ਦੇ ਨਾਮਜ਼ਦ ਉਮੀਦਵਾਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ, ਉਨ੍ਹਾਂ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਲੜ ਰਹੇ ਸਮੂਹ ਉਮੀਦਵਾਰਾਂ ਨੂੰ ਆਪਣੇ ਚੋਣ ਪ੍ਰਚਾਰ ‘ਤੇ ਕੀਤੇ ਜਾਣ ਵਾਲੇ ਖਰਚੇ ਦਾ ਸਹੀ ਹਿਸਾਬ-ਕਿਤਾਬ ਰੱਖਣ ਲਈ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਸ੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦ ਹਰੇਕ ਉਮੀਦਵਾਰ ਲਈ ਖਰਚੇ ਦੀ ਹੱਦ ₹2.55 ਲੱਖ (ਦੋ ਲੱਖ ਪਚਵੰਜਾ ਹਜ਼ਾਰ ਰੁਪਏ) ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਨੇ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਹਰੇਕ ਉਮੀਦਵਾਰ ਨੂੰ ਚੋਣ ਨਤੀਜਿਆਂ ਦੇ ਐਲਾਨ ਤੋਂ 30 ਦਿਨਾਂ ਦੇ ਅੰਦਰ ਆਪਣਾ ਚੋਣ ਖਰਚੇ ਦਾ ਲੇਖਾ-ਜੋਖਾ ਸਬੰਧਤ ਜ਼ਿਲ੍ਹਾ ਚੋਣ ਅਧਿਕਾਰੀ ਰਾਹੀਂ ਪੰਜਾਬ ਰਾਜ ਚੋਣ ਕਮਿਸ਼ਨ ਕੋਲ ਨਿਰਧਾਰਿਤ ਪ੍ਰੋਫਾਰਮੇ ਵਿੱਚ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ।
