ਫਤਹਿਗੜ੍ਹ ਸਾਹਿਬ, 13 ਦਸੰਬਰ
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਸਮੁੱਚੇ ਸੁਰੱਖਿਆ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਘੇਰਾਬੰਦੀ ਕੀਤੀ ਗਈ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸੁਰੱਖਿਆ ਲਈ ਭਾਰੀ ਗਿਣਤੀ ਵਿੱਚ ਪੁਲਿਸ ਨਫਰੀ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੁਲਿਸ ਵੱਲੋਂ ਫਲੈਗ ਮਾਰਚ ਕੀਤਾ ਜਾ ਰਿਹਾ ਹੈ ਅਤੇ ਪੋਲਿੰਗ ਸਟੇਸ਼ਨਾਂ ਉਤੇ ਇੱਕ ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ 24×7 ਚੌਕਸੀ ਟੀਮਾਂ ਕਾਰਜਸ਼ੀਲ ਹਨ ਜਿੰਨ੍ਹਾਂ ਵਿੱਚ 16 ਪੈਟਰੋਲਿੰਗ ਪਾਰਟੀਆਂ ਅਤੇ 5 ਵਿਸ਼ੇਸ ਗੱਡੀਆਂ ਵੀ ਸ਼ਾਮਿਲ ਹਨ।
ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ‘ਤੇ ਖਾਸ ਧਿਆਨ ਦਿੰਦਿਆਂ ਵਾਧੂ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਤੋ ਇਲਾਵਾ ਲੋੜ ਅਨੁਸਾਰ ਰਿਜ਼ਰਵ ਸਟਾਫ਼ ਵੀ ਰੱਖਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਮੁੱਖ ਸਥਾਨਾਂ ‘ਤੇ ਨਾਕਾਬੰਦੀ ਕਰਕੇ ਹਰ ਆਉਣ-ਜਾਣ ਵਾਲੇ ਵਾਹਨ ਅਤੇ ਸ਼ੱਕੀ ਵਿਅਕਤੀ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੰਭਾਵੀ ਤੌਰ ਉੱਤੇ ਪ੍ਰਭਾਵਿਤ ਕਰਨ ਵਾਲੇ ਬਾਹਰੀ ਅਤੇ ਸ਼ੱਕੀ ਤੱਤਾਂ ਦੀ ਆਮਦ ਨੂੰ ਰੋਕਣ ਲਈ ਜ਼ਿਲ੍ਹੇ ਦੇ ਸਾਰੇ ਹੋਟਲਾਂ, ਸਰਾਵਾਂ, ਗੈਸਟ ਹਾਊਸਾਂ ਅਤੇ ਧਰਮਸ਼ਾਲਾਵਾਂ ਦੀ ਨਿਯਮਤ ਤੌਰ ‘ਤੇ ਚੈਕਿੰਗ ਕੀਤੀ ਜਾ ਰਹੀ ਹੈ।
ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਰਾਰਤੀ ਅਨਸਰਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਕਿਸੇ ਨੂੰ ਵੀ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

