ਫ਼ਾਜ਼ਿਲਕਾ : ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਤੋਂ 30 ਨਵੰਬਰ ਤੱਕ ਹੋਵੇਗੀ ਸਵੈ-ਗਣਨਾ

ਫ਼ਾਜ਼ਿਲਕਾ : ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਤਹਿਤ ਉਹ 16 ਤੋਂ 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਦੇ ਹਨ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਡਾਕਟਰ ਮਨਦੀਪ ਕੌਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੈ ਗਣਨਾ ਦੌਰਾਨ ਨਾਗਰਿਕਕ se.census.gov.in ਪੋਰਟਲ ਰਾਹੀਂ ਆਪਣੇ ਪਰਿਵਾਰ ਸਬੰਧੀ ਵੇਰਵੇ ਖੁਦ ਦਰਜ ਕਰ ਸਕਦੇ ਹਨ। ਉਨ੍ਹਾਂ ਨਾਗਰਿਕਾਂ ਨੂੰ ਸਵੈ ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਵੇਰਵੇ ਸਹੀ ਤੇ ਮੁਕੰਮਲ ਦਰਜ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਇਸ ਮਹੱਤਵਪੂਰਣ ਕਾਰਜ ਨੂੰ ਸਫ਼ਲ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਦੱਸਿਆ ਕਿ ਸਵੈ ਗਣਨਾ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕਰਨਗੇ। ਇਸ ਦੌਰਾਨ ਉਹ ਘਰਾਂ, ਪਰਿਵਾਰਾਂ ਅਤੇ ਵਿਅਕਤੀਆਂ ਸਬੰਧੀ ਜਾਣਕਾਰੀ ਇਕੱਤਰ ਕਰਨਗੇ। ਜਿਨ੍ਹਾਂ ਨਾਗਰਿਕਾਂ ਨੇ ਸਵੈ-ਗਣਨਾ ਕੀਤੀ ਹੋਵੇਗੀ, ਉਨ੍ਹਾਂ ਨੂੰ ਸਵੈ ਗਣਨਾ ਦੀ ਆਈ.ਡੀ. ਘਰ ਆਉਣ ਵਾਲੇ ਸਬੰਧਤ ਗਣਨਾਕਾਰ ਨਾਲ ਸਾਂਝੀ ਕਰਨੀ ਹੋਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਜਨਗਣਨਾ-2027 ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਨੀਤੀਆਂ ਬਣਾਉਣ ਦਾ ਅਹਿਮ ਆਧਾਰ ਹੁੰਦੇ ਹਨ, ਇਸ ਕਰਕੇ ਹਰ ਨਾਗਰਿਕ ਨੂੰ ਇਸ ਅਹਿਮ ਕਾਰਜ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

Leave a Reply

Your email address will not be published. Required fields are marked *