ਅੱਜ ਜ਼ਿਲ੍ਹਾ ਫਰੀਦਕੋਟ ਦੇ ਕੋਟਕਪੂਰਾ ਦੇ ਪਿੰਡ ਫਿੱਡੇ ਕਲਾਂ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿੱਥੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੇਰਾ ਘਰ ਮੇਰੇ ਨਾਮ ਸਕੀਮ ਅਧੀਨ 170 ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫਿਕੇਟ ਸੌਂਪੇ। ਇਹ ਸਕੀਮ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੇ ਮਾਲਕੀ ਅਧਿਕਾਰ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਹੈ।
ਪਹਿਲਾਂ, ਬਹੁਤ ਸਾਰੇ ਲੋਕ ਆਪਣੇ ਘਰਾਂ ਵਿੱਚ ਰਹਿਣ ਦੇ ਬਾਵਜੂਦ ਕਾਨੂੰਨੀ ਦਸਤਾਵੇਜ਼ਾਂ ਜਾਂ ਮਾਲਕੀ ਅਧਿਕਾਰਾਂ ਤੋਂ ਵਾਂਝੇ ਰਹਿੰਦੇ ਸਨ। ਜਿਸ ਕਾਰਨ ਉਨ੍ਹਾਂ ਨੂੰ ਬੈਂਕ ਕਰਜ਼ਾ ਲੈਣ ਜਾਂ ਘਰ ਵੇਚਣ ਜਾਂ ਖਰੀਦਣ ਵੇਲੇ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਯੋਜਨਾ ਰਾਹੀਂ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਆਪਣੇ ਘਰਾਂ ਦੇ ਪੂਰੇ ਕਾਨੂੰਨੀ ਅਧਿਕਾਰ ਮਿਲਣਗੇ। ਇਸ ਨਾਲ ਉਨ੍ਹਾਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਵੇਗੀ।
ਕੋਟਕਪੂਰਾ ਵਾਸੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਅੱਜ ਸਾਡਾ ਸੁਪਨਾ ਪੂਰਾ ਕਰ ਦਿੱਤਾ ਹੈ। ਸਪੀਕਰ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਤਾਂ ਜੋ ਉਹ ਆਪਣੀ ਜ਼ਿੰਦਗੀ ਮਾਣ ਅਤੇ ਸਤਿਕਾਰ ਨਾਲ ਬਤੀਤ ਕਰ ਸਕਣ।
