ਮਾਨਯੋਗ ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫ਼ਾਜ਼ਿਲਕਾ ਡਾਕਟਰ ਰਾਜ ਕੁਮਾਰ ਦੀ ਉਚੇਚੀ ਨਿਗਰਾਨੀ ਵਿੱਚ, ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾਕਟਰ ਅਰਪਿਤ ਗੁਪਤਾ ਦੀ ਅਗਵਾਈ ਹੇਠ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਪੂਰਨ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ 18 ਤੋ 23 ਅਗਸਤ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਰੋਹਿਤ ਗੋਇਲ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ ਕਰਨਾ ਹੈ ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕੀਤਾ ਜਾ ਸਕੇ ਅਤੇ ਬੱਚਿਆਂ ਨੂੰ 12 ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਡਾਕਟਰ ਅਰਪਿਤ ਗੁਪਤਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਸਰਵੇ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ, ਝੁੱਗੀ, ਭੱਠੇ, ਸਲੱਮ ਖੇਤਰ ਆਦਿ ਵਿਖੇ ਟੀਕਾਕਰਨ ਸੈਸ਼ਨ ਕੀਤੇ ਜਾਣਗੇ। ਉਹਨਾਂ ਨੇ ਦੱਸਿਆ ਕਿ ਮੁਕੰਮਲ ਟੀਕਾਕਰਨ ਨਾਲ ਬੱਚਿਆਂ ਨੂੰ ਬਹੁਤ ਸਾਰੀਆਂ ਮਾਰੂ ਬਿਮਾਰੀਆਂ ਜਿਵੇਂ ਹੈਪੇਟਾਇਟਸ(ਪੀਲੀਆ), ਪੋਲੀਓ, ਤਪਦਿਕ, ਅੰਧਰਾਤਾ, ਗਲਘੋਟੂ, ਕਾਲੀ ਖਾਂਸੀ, ਟੈਟਨਸ, ਨਮੂਨੀਆ, ਦਿਮਾਗੀ ਬੁਖਾਰ, ਦਸਤ, ਖਸਰਾ ਤੇ ਰੁਬੇਲਾ ਆਦਿ ਤੋਂ ਬਚਾਇਆ ਜਾ ਸਕਦਾ ਹੈ।
ਇਸ ਦੇ ਨਾਲ ਹੀ ਨਵਜਾਤ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ ਦਸਤ ਰੋਕੂ ਪੰਦਰਵਾੜਾ ਅਤੇ ਸਤਨਪਾਨ ਜਾਗਰੂਕਤਾ ਮੁਹਿੰਮ ਵੀ ਚੱਲ ਰਹੀ ਹੈ। ਉਹਨਾਂ ਦੱਸਿਆ ਕਿ ਸਿਹਤ ਸਟਾਫ ਅਤੇ ਆਸ਼ਾ ਵਰਕਰਾਂ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਨਵਜਾਤ ਸ਼ਿਸ਼ੂ ਦੀ ਸੰਭਾਲ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ, ਬੀ.ਈ.ਈ ਦਿਵੇਸ਼ ਕੁਮਾਰ ਵੱਲੋਂ ਅਪੀਲ ਕਰਦੇ ਕਿਹਾ ਗਿਆ ਕਿ ਇਸ ਮੁਹਿੰਮ ਦਾ ਲਾਭ ਉਠਾਉਂਦੇ ਹੋਏ ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਇਆ ਜਾਵੇ। ਇਸ ਮੌਕੇ ਡੀ.ਪੀ.ਐਮ ਰਾਜੇਸ਼ ਕੁਮਾਰ ਅਤੇ ਕੰਪਿਊਟਰ ਅਸਿਸਟੈਂਟ ਸ਼ਵੇਤਾ ਨਾਗਪਾਲ ਹਾਜ਼ਰ ਸਨ।