ਫ਼ਤਹਿਗੜ੍ਹ ਸਾਹਿਬ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਅੱਜ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਜ਼ਿਲ੍ਹੇ ਦੇ 544 ਬੀ.ਐੱਲ.ਓਜ਼ (ਬੂਥ ਲੈਵਲ ਅਫ਼ਸਰ) ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਦੇਣਗੇ ਅਤੇ ਉਨ੍ਹਾਂ ਨੂੰ ਭਰਵਾਉਣਗੇ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਐੱਸ.ਆਈ.ਆਰ. ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 03 ਵਿਧਾਨ ਸਭਾ ਹਲਕਿਆਂ ਲਈ 03 ਈ.ਆਰ.ਓਜ਼., 03 ਏ.ਈ.ਆਰ.ਓਜ਼-1, 03 ਏ.ਈ.ਆਰ.ਓਜ਼.-2, 15 ਐਡੀਸ਼ਨਲ ਏ.ਈ.ਆਰ.ਓਜ਼., 55 ਸੈਕਟਰ ਅਫ਼ਸਰ ਲਗਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨ੍ਹਾਂ ਵੋਟਰਾਂ ਦੇ ਗਣਨਾ ਫਾਰਮ ਭਰੇ ਜਾਣਗੇ, ਉਨ੍ਹਾਂ ਦੇ ਨਾਮ 03 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਦਰਜ ਕੀਤੇ ਜਾਣਗੇ।
ਪ੍ਰਕਾਸ਼ਨਾ ਉਪਰੰਤ ਦਾਅਵੇ ਅਤੇ ਇਤਰਾਜ਼ 03 ਅਗਸਤ ਤੋਂ 02 ਸਤੰਬਰ ਤੱਕ ਲਏ ਜਾਣਗੇ, ਜਿਸ ਦੌਰਾਨ ਵੋਟਰ ਫਾਰਮ ਨੰਬਰ 06 ਭਰ ਕੇ ਅਤੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ 12 ਸਬੂਤਾਂ ਵਿੱਚੋ ਕੋਈ ਵੀ ਸਬੂਤ ਜਮ੍ਹਾਂ ਕਰਵਾ ਕੇ ਆਪਣੀ ਵੋਟ ਬਣਵਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਸਾਰੀ ਪ੍ਰਕਿਰਿਆ ਤੋਂ ਬਾਅਦ 01 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰ ਦੇ ਬੀ.ਐੱਲ.ਓਜ਼ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਉਨ੍ਹਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖ ਕੇ ਵੋਟ ਬਣਵਾਉਣ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਵੱਲੋਂ ਵੀ 16 ਬੂਥ ਲੈਵਲ ਏਜੰਟ-1 ਅਤੇ 2068 ਬੂਥ ਲੈਵਲ ਏਜੰਟ-2 ਨਿਯੁਕਤ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਯੋਗ ਵੋਟਰ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।
ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦ੍ਰਿੜ੍ਹਤਾ ਪ੍ਰਗਟਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਹਰ ਨਾਗਰਿਕ ਦੀ ਵੋਟ ਲਾਜ਼ਮੀ ਬਣੇ, ਕਿਸੇ ਵੀ ਯੋਗ ਨਾਗਰਿਕ ਦੀ ਵੋਟ ਕੱਟੀ ਨਾ ਜਾਵੇ ਅਤੇ ਕੋਈ ਵੀ ਅਯੋਗ ਵੋਟ, ਵੋਟਰ ਸੂਚੀ ਵਿੱਚ ਦਰਜ ਨਾ ਹੋ ਸਕੇ।
ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਗੁੰਮਰਾਹਕੁੰਨ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਜ਼ਿਲ੍ਹਾ ਵਾਸੀ, ਚੋਣ ਕਮਿਸ਼ਨ ਦੇ ਟੋਲ ਫਰੀ ਨੰਬਰ 1950 ‘ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਜੇਕਰ ਕਿਸੇ ਨੂੰ ਇਸ ਪ੍ਰਕਿਰਿਆ ਦੌਰਾਨ ਕੋਈ ਸ਼ਿਕਾਇਤ ਹੈ, ਤਾਂ ਉਹ ਸਿੱਧੇ ਤੌਰ ‘ਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਪ੍ਰਤੀਨਿਧੀਆਂ ਵੱਲੋਂ ਐਸ.ਆਈ.ਆਰ.-2026 ਦੀ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ, ਬੀ.ਐਲ.ਓਜ਼ ਅਤੇ ਬੀ.ਐਲ.ਏਜ਼ ਦੀ ਭੂਮਿਕਾ ਅਤੇ ਵੋਟਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਸਬੰਧੀ ਵੱਖ-ਵੱਖ ਸਵਾਲ ਪੁੱਛੇ ਗਏ, ਜਿਨ੍ਹਾਂ ਦੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵਿਸਥਾਰਪੂਰਵਕ ਜਵਾਬ ਦਿੱਤੇ ਗਏ।
ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਰਾਜ ਕੁਮਾਰ, ਤਹਿਸੀਲਦਾਰ ਚੋਣਾਂ ਸ੍ਰੀਮਤੀ ਨਿਰਮਲਾ ਰਾਣੀ ਵੀ ਹਾਜ਼ਰ ਸਨ।