ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ-ਡਿਪਟੀ ਕਮਿਸ਼ਨਰ

ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (SIR) ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਅਧੀਨ ਪੰਜਾਬ ਰਾਜ ਵਿੱਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਫਾਰਮ ਭਰਵਾਉਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਅੱਜ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਰੂਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਵਿੱਚ ਐਸ.ਆਈ.ਆਰ ਕਰਵਾਉਣ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਕੰਮ ਨੂੰ ਪੂਰੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਜ਼ਿਲ੍ਹਾ ਫ਼ਤਹਿਗੜ੍ਹ ਵਿੱਚ 544 ਬੂਥਾਂ ‘ਤੇ 544 ਬੀ.ਐਲ.ਓਜ਼, 55 ਸੁਪਰਵਾਈਜ਼ਰ, 03 ਚੋਣਕਾਰ ਰਜਿਸਟਰੇਸ਼ਨ ਅਫ਼ਸਰ ਤੇ 06 ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਲਗਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ 04 ਲੱਖ 55 ਹਜਾਰ 206 ਵੋਟਰਾਂ ਵਿੱਚੋਂ 03 ਲੱਖ 96 ਹਜਾਰ 292 ਵੋਟਰ ਮੈਪ ਕਰ ਦਿੱਤੇ ਗਏ ਹਨ, ਜੋ ਕਿ 87 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਾਰੇ ਵੋਟਰਾਂ ਨੂੰ ਐਸ.ਆਈ.ਆਰ ਅਧੀਨ ਫਾਰਮ ਭਰਨਾ ਜਰੂਰੀ ਹੈ, ਫਿਰ ਵੀ ਮੈਪ ਕੀਤੇ ਹੋਏ ਵੋਟਰਾਂ ਲਈ ਐਸ.ਆਈ.ਆਰ ਦੀ ਪ੍ਰਕਿਰਿਆ ਕਾਫੀ ਆਸਾਨ ਹੋਵੇਗੀ। ਜੇਕਰ ਕੋਈ ਵੋਟਰ ਐਸ.ਆਈ.ਆਰ ਅਧੀਨ ਇਨੂਮੀਰੇਸ਼ਨ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਿਲ ਨਹੀਂ ਕੀਤਾ ਜਾਵੇਗਾ, ਜੋ ਮਿਤੀ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਮਿਤੀ 31 ਜੁਲਾਈ 2026 ਤੋਂ 30 ਅਗਸਤ 2026 ਤੱਕ ਲਏ ਜਾਣਗੇ ਜਿਨਾਂ ਦਾ ਨਿਪਟਾਰਾ ਮਿਤੀ 28 ਸਤੰਬਰ 2026 ਤੱਕ ਕਰਦੇ ਹੋਏ ਮਿਤੀ 1 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਐਸ.ਆਈ.ਆਰ ਅਧੀਨ ਹੀ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕਾਰਜ ਮਿਤੀ 24 ਜੁਲਾਈ 2026 ਤੱਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ।

ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਵਿੱਚ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ। ਉਹਨਾਂ ਦੱਸਿਆ ਕਿ ਮਿਤੀ 15 ਜੂਨ 2026 ਤੋਂ ਮਿਤੀ 24 ਜੂਨ 2026 ਤੱਕ ਐਸ.ਆਈ.ਆਰ.ਸਬੰਧੀ ਬੀ.ਐਲ.ਓਜ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਦਾ ਸਾਰਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਅਪੀਲ ਕੀਤੀ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਯਕੀਨ ਦਿਵਾਇਆ ਕਿ ਐਸ.ਆਈ.ਆਰ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ। ਇਸ ਅਨੁਸਾਰ ਮੀਡੀਆ ਅਤੇ ਸਮੂਹ ਰਾਜਨੀਤਕ ਪਾਰਟੀਆਂ ਨਾਲ ਸਮੇਂ- ਸਮੇਂ ‘ਤੇ ਵਿਚਾਰ-ਵਟਾਂਦਰਾ ਕਰਕੇ ਵੋਟਰਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵੋਟਰ 1950 ਹੈਲਪਲਾਈਨ ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਿਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਹੋਵੇਗਾ।

Leave a Reply

Your email address will not be published. Required fields are marked *