ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਖੇਡਾਂ ਦਾ ਅਹਿਮ ਯੋਗਦਾਨ : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਖੇਡਾਂ ਅੱਜ ਦੇ ਸਮੇਂ ਵਿੱਚ ਬਹੁਤ ਜ਼ਰੂਰੀ ਹਨ ਕਿਉਂਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਚਨਾਰਥਲ ਕਲਾਂ ਵਿਖੇ ਦੁਸ਼ਹਿਰੇ ਮੇਲੇ ਦੌਰਾਨ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਨੌਜਵਾਨਾਂ ਨੂੰ ਜੋੜ ਕੇ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਪਿੰਡਾਂ ਵਿੱਚੋਂ ਪਸ਼ੂ ਰੱਖਣ ਦੀ ਖਤਮ ਹੋ ਰਹੀ ਪ੍ਰਵਿਰਤੀ ਉੱਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀ ਮੁੱਢ ਤੋਂ ਹੀ ਪਸ਼ੂਆਂ ਨਾਲ ਜੁੜੇ ਰਹੇ ਹਨ। ਉਹਨਾਂ ਕਿਹਾ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਲੋਕ ਬਲਦਾਂ ਦੀ ਜੋੜੀ ਨਾਲ ਖੇਤੀ ਕਰਦੇ ਸਨ, ਘਰਾਂ ਵਿੱਚ ਦੁੱਧ ਲਈ ਗਊਆਂ ਮੱਝਾਂ ਰੱਖਦੇ ਸਨ ਅਤੇ ਘੋੜਿਆਂ ਦੇ ਸ਼ੌਕੀਨ ਸਨ ਪ੍ਰੰਤੂ ਸਮੇਂ ਦੇ ਨਾਲ ਨਾਲ ਪਿੰਡਾਂ ਵਿੱਚੋਂ ਇਹ ਪ੍ਰਥਾ ਖਤਮ ਹੁੰਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਸ਼ੂ ਪਾਲਣ ਦਾ ਧੰਦਾ ਇੱਕ ਅਜਿਹਾ ਧੰਦਾ ਹੈ ਜਿਸ ਨਾਲ ਜੁੜ ਕੇ ਕਿਸਾਨ ਆਪਣੀ ਆਰਥਿਕਤਾ ਵਿੱਚ ਵਾਧਾ ਕਰ ਸਕਦੇ ਹਨ। ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਬਜ਼ੁਰਗਾਂ ਵੱਲੋਂ ਵਿਖਾਏ ਇਸ ਮਾਰਗ ‘ਤੇ ਚੱਲਣਾ ਚਾਹੀਦਾ ਹੈ ਅਤੇ ਇਸ ਕੰਮ ਲਈ ਪੰਜਾਬ ਸਰਕਾਰ ਵੱਲੋਂ ਵੱਡੀਆਂ ਸਬਸਿਡੀਆਂ ਵੀ ਦਿੱਤੀਆਂ ਜਾਂਦੀਆਂ ਹਨ।

ਸ. ਖੁੱਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਫਸਲ ਉੱਤੇ ਹੋਏ ਹਲਦੀ ਰੋਗ ਦੇ ਹਮਲੇ ਸਬੰਧੀ ਸਰਕਾਰ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਵਿਭਾਗ ਵੱਲੋਂ ਇਸ ਸਬੰਧੀ ਪੂਰੇ ਪੰਜਾਬ ਵਿੱਚੋਂ ਰਿਪੋਰਟ ਵੀ ਇਕੱਠੀ ਕੀਤੀ ਜਾ ਰਹੀ ਹੈ।

ਪਿੰਡ ਚਨਾਰਥਲ ਕਲਾਂ ਵਿਖੇ ਕਰਵਾਏ ਟੂਰਨਾਮੈਂਟ ਦੀ ਸ਼ਲਾਘਾ ਕਰਦਿਆਂ ਉਹਨਾਂ ਕਿਹਾ ਕਿ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਇਸ ਸਭ ਤੋਂ ਵੱਡੇ ਪਿੰਡ ਦੇ ਲੋਕਾਂ ਨੇ ਆਪਣੇ ਵਿਰਸੇ ਨੂੰ ਸੰਭਾਲਣ ਵਿੱਚ ਅਹਿਮ ਯੋਗਦਾਨ ਪਾਇਆ ਹੈ ਜਿਸ ਤੋਂ ਹੋਰਨਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ।
ਉਨ੍ਹਾਂ ਇਸ ਮੌਕੇ ਕਬੱਡੀ ਟੂਰਨਾਮੈਂਟ ਕਰਵਾਉਣ ਲਈ ਪਿੰਡ ਦੀ ਪੰਚਾਇਤ ਨੂੰ ਇਕ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਪਿੰਡ ਚਨਾਰਥਲ ਕਲਾਂ ਵਿਖੇ 164 ਸਾਲ ਤੋਂ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡ ਚਨਾਰਥਲ ਕਲਾਂ ਵਿਖੇ ਜਿੱਥੇ ਪਹਿਲਾਂ ਡੇਢ ਕਰੋੜ ਦੀ ਲਾਗਤ ਨਾਲ ਮੋਘਿਆਂ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਹੋਈ ਹੈ ਉੱਥੇ ਹੀ ਪਿੰਡ ਵਿੱਚ ਇੱਕ ਲਾਇਬ੍ਰੇਰੀ ਬਣਾਈ ਜਾ ਰਹੀ ਹੈ ਅਤੇ ਪਿੰਡ ਦੇ ਖੇਡ ਮੈਦਾਨ ਉੱਤੇ ਵੀ 34 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਹਨਾਂ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਸੁਰਜੀਤ ਰੱਖਣ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।
ਉਹਨਾਂ ਨੇ ਖੇਡ ਮੈਦਾਨ ਵਿੱਚ ਜਾ ਕੇ ਕਬੱਡੀ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਅਤੇ ਹੌਂਸਲਾ ਅਫਜ਼ਾਈ ਕੀਤੀ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ, ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ, ਸਰਪੰਚ ਰਾਜਦੀਪ ਸਿੰਘ ਰਾਜੂ ਅਤੇ ਮਲਕੀਤ ਸਿੰਘ ਟਿਵਾਣਾ, ਬਲਾਕ ਪ੍ਰਧਾਨ ਮਨਦੀਪ ਪੋਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ

Leave a Reply

Your email address will not be published. Required fields are marked *